- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਵਿਸ਼ਾਲ ਰੋਸ ਰੈਲੀ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਦੇ ਸੱਦੇ ’ਤੇ ਦੇਸ਼ ਭਗਤ ਯਾਦਗਾਰ ਦੇ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ’ਚ ਵਿਸ਼ਾਲ ਰੋਸ ਰੈਲੀ ਕੀਤੀ ਗਈ। ਰੈਲੀ ਦੀ ਪ੍ਰਧਾਨਗੀ ਦਰਸ਼ਨ ਨਾਹਰ, ਕੁਲਵਿੰਦਰ ਸਿੰਘ ਵੜੈਚ ਤੇ ਅਸ਼ਵਨੀ ਕੁਮਾਰ ਲੱਖਣ ਕਲਾਂ ਨੇ ਕੀਤੀ। ਰੈਲੀ ਉਪਰੰਤ ਸੈਂਕੜੇ ਕਾਰਕੁਨਾਂ ਵੱਲੋਂ ਸ਼ਹਿਰ ’ਚ ਰੋਸ ਮਾਰਚ ਵੀ ਕੀਤਾ ਗਿਆ। ਰੈਲੀ ਨੂੰ ਆਰਐੱਮਪੀਆਈ, ਸੀਪੀਆਈ (ਐੱਮਐੱਲ) ਨਿਊ ਡੈਮੋਕ੍ਰੇਸੀ ਅਤੇ ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਆਗੂਆਂ ਮੰਗਤ ਰਾਮ ਪਾਸਲਾ, ਦਰਸ਼ਨ ਖਟਕੜ, ਸੁਖਦਰਸ਼ਨ ਨੱਤ, ਪਰਗਟ ਸਿੰਘ ਜਾਮਾਰਾਏ, ਹੰਸ ਰਾਜ ਪੱਬਵਾਂ ਤੇ ਸੁਰਿੰਦਰ ਸ਼ਰਮਾ ਨੇ ਸੰਬੋਧਨ ਕੀਤਾ। ਮੰਚ ਸੰਚਾਲਨ ਸਾਥੀ ਮਹੀਪਾਲ ਨੇ ਕੀਤਾ। ਬੁਲਾਰਿਆਂ ਨੇ ਵੋਟਰ ਸੂਚੀਆਂ ਦੀ ‘ਵਿਸ਼ੇਸ਼ ਗਹਿਰੀ ਸੋਧ’ (ਐੱਸਆਈਆਰ) ਦਾ ਵਿਰੋਧ ਕਰਦਿਆਂ ਇਸ ਨੂੰ ਲੋਕਤੰਤਰੀ ਅਧਿਕਾਰਾਂ ਨਾਲ ਜੋੜਿਆ ਮੁੱਦਾ ਦੱਸਿਆ। ਉਨ੍ਹਾਂ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉਠਾਏ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਵੀ ਅਸਤੀਫ਼ੇ ਦੀ ਮੰਗ ਕਰਦਿਆਂ ਐੱਸਆਈਆਰ ਤੋਂ ਪਹਿਲਾਂ ਵਾਲੀਆਂ ਵੋਟਰ ਸੂਚੀਆਂ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੈ ਕੇ ਜਨਤਕ ਲਾਮਬੰਦੀ ਹੋਰ ਤੇਜ਼ ਕੀਤੀ ਜਾਵੇਗੀ। ਇਸ ਮੌਕੇ ਸ਼ਿਵ ਕੁਮਾਰ ਪਠਾਨਕੋਟ, ਸਤੀਸ਼ ਰਾਣਾ, ਮੋਹਣ ਸਿੰਘ ਧਮਾਣਾ ਤੇ ਚਰਨਜੀਤ ਸਿੰਘ ਭਿੰਡਰ ਸਮੇਤ ਹੋਰ ਆਗੂ ਤੇ ਕਾਰਕੁਨ ਹਾਜ਼ਰ ਸਨ।