- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਨੂੰ ਨਸ਼ਾ ਮੁਕਤ ਕਰਕੇ ਭਾਜਪਾ ਪੰਜਾਬੀਆਂ ਦੀ ਸੁਰੱਖਿਆ, ਸੁਵਿਧਾਵਾਂ ਅਤੇ ਵਿਕਾਸ ਦੀ ਜ਼ਿੰਮੇਵਾਰੀ ਨਿਭਾਏਗੀ : ਹਿੱਕੀ

ਰੈਲੀ ਲਈ ਕਰੀਬ 50 ਏਕੜ ਜ਼ਮੀਨ ’ਤੇ ਵੱਡੇ ਪੱਧਰ ’ਤੇ ਪ੍ਰਬੰਧ
ਮਨਜੀਤ ਸ਼ੇਮਾਰੂ, ਪੰਜਾਬੀ ਜਾਗਰਣ, ਜਲੰਧਰ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਬੁੱਧਵਾਰ ਨੂੰ ਪਰਾਗਪੁਰ ਜੀ.ਟੀ. ਰੋਡ ਸਥਿਤ ਰੈਲੀ ਸਥਾਨ ’ਤੇ 30 ਸਤੰਬਰ ਨੂੰ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਦੀ ਪ੍ਰਸਤਾਵਿਤ ਵਿਸ਼ਾਲ ਨਸ਼ਾ ਮੁਕਤੀ ਮਹਾਰੈਲੀ ਦੀਆਂ ਤਿਆਰੀਆਂ ਦਾ ਵਿਧੀਵਤ ਆਗਾਜ਼ ਕੀਤਾ ਗਿਆ। ਇਸ ਮੌਕੇ ਹਵਨ-ਯੱਗ, ਅਰਦਾਸ ਅਤੇ ਹਨੂਮਾਨ ਚਾਲੀਸਾ ਦਾ ਪਾਠ ਕਰਕੇ ਪ੍ਰੋਗਰਾਮ ਦੀ ਸਫਲਤਾ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਹਿੱਕੀ ਨੇ ਕਿਹਾ ਕਿ ਪਰਾਗਪੁਰ ਵਿੱਚ ਹੋਣ ਵਾਲੀ ਇਹ ਇਤਿਹਾਸਕ ਮਹਾਰੈਲੀ ਪੰਜਾਬ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਾਲੀ ਰੈਲੀ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਰੈਲੀ ਲਈ ਕਰੀਬ 50 ਏਕੜ ਜ਼ਮੀਨ ’ਤੇ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੇ ਹਜ਼ਾਰਾਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਪਾਰਕਿੰਗ, ਪੀਣ ਵਾਲੇ ਪਾਣੀ, ਮੈਡੀਕਲ ਸਹਾਇਤਾ, ਸੁਰੱਖਿਆ ਪ੍ਰਬੰਧ ਤੇ ਬੈਠਣ ਦੀਆਂ ਸੁਵਿਧਾਵਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅੱਜ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਤੇ ਭਾਜਪਾ ਇਸ ਮੁੱਦੇ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਇਹ ਮਹਾਰੈਲੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਦੇਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਨੇ ਵਿਕਾਸ ਅਤੇ ਸੁਸ਼ਾਸਨ ਦਾ ਨਵਾਂ ਅਧਿਆਇ ਲਿਖਿਆ ਹੈ ਅਤੇ ਹੁਣ ਪੰਜਾਬ ਨੂੰ ਵੀ ਉਸੇ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨ ਦਾ ਸਮਾਂ ਆ ਗਿਆ ਹੈ। ਇਸ ਮੌਕੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਾਬਕਾ ਸੰਸਦੀ ਸਕੱਤਰ ਕ੍ਰਿਸ਼ਨ ਦੇਵ ਭੰਡਾਰੀ, ਭਾਜਪਾ ਜਲੰਧਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਬੀਰ ਬਰਾਡ਼, ਪ੍ਰਦੇਸ਼ ਸਕੱਤਰ ਕਰਮਜੀਤ ਕੌਰ ਚੌਧਰੀ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਜ਼ਿਲ੍ਹਾ ਮਹਾਮੰਤਰੀ ਰਾਜੇਸ਼ ਕਪੂਰ, ਜ਼ਿਲ੍ਹਾ ਸਕੱਤਰ ਅਤੇ ਮੀਡੀਆ ਇੰਚਾਰਜ ਅਮਿਤ ਭਾਟੀਆ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।