‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦਾ ਵੱਡਾ ਐਲਾਨ : 2027 ਦੀਆਂ ਚੋਣਾਂ ਇਕੱਲਿਆਂ ਲੜੇਗੀ ਪਾਰਟੀ, ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਉਠਾਈ ਆਵਾਜ਼
ਪੰਜਾਬ ਦੀ ਸਿਆਸਤ ’ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਤੇ ਸੂਬੇ ਦੇ ਅਹਿਮ ਪੰਥਕ ਵਾਤਾਵਰਨ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਲੰਧਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਪ੍ਰਮੁੱਖ ਆਗੂਆਂ ਦੀ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਗਈ
Publish Date: Sun, 09 Aug 2026 11:34 AM (IST)
Updated Date: Sun, 09 Aug 2026 11:39 AM (IST)
ਦਵਿੰਦਰ ਕੁਮਾਰ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੀ ਸਿਆਸਤ ’ਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਤੇ ਸੂਬੇ ਦੇ ਅਹਿਮ ਪੰਥਕ ਵਾਤਾਵਰਨ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਜਲੰਧਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਪ੍ਰਮੁੱਖ ਆਗੂਆਂ ਦੀ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਗਈ ਅਤੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਪਾਰਟੀ ਨੇ ਸਪੱਸ਼ਟ ਕੀਤਾ ਕਿ ਉਹ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਆਪਣੇ ਦਮ ’ਤੇ ਚੋਣ ਲੜੇਗੀ ਅਤੇ ਭਾਜਪਾ ਨਾਲ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਤੋਂ ਸਾਫ਼ ਇਨਕਾਰ ਕਰਦੀ ਹੈ।
ਸਰਕਾਰ ’ਤੇ ਤਾਨਾਸ਼ਾਹੀ ਤੇ ਵਾਅਦੇ ਖ਼ਿਲਾਫ਼ੀ ਲਾਏ ਦੋਸ਼ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਆਗੂਆਂ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਆਪਣੀ ਕੁਰਸੀ ਖੁੱਸਣ ਦੇ ਡਰੋਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚ ਬੰਦ ਰੱਖ ਰਹੀ ਹੈ। ਸਰਕਾਰ ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ, ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਵਰਗੇ ਆਪਣੇ ਮੁੱਖ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਆਗੂਆਂ ਨੇ ਐਲਾਨ ਕੀਤਾ ਕਿ ਅੰਮ੍ਰਿਤਪਾਲ ਸਿੰਘ ਦੀ ਕਾਨੂੰਨੀ ਰਿਹਾਈ ਲਈ ਰਾਜਪਾਲ ਨਾਲ ਮੁਲਾਕਾਤ ਸਮੇਤ ਹਰ ਸੰਭਵ ਚਾਰਾਜੋਈ ਕੀਤੀ ਜਾ ਰਹੀ ਹੈ।
ਸੰਧਰ ਦੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਘਰ ਵਾਪਸੀ ਇਸ ਸਿਆਸੀ ਹਲਚਲ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਸਾਬਕਾ ਉਪ ਪ੍ਰਧਾਨ ਅਤੇ ਜਾਣੇ-ਪਛਾਣੇ ਸਮਾਜ ਸੇਵੀ ਰਜਵਿੰਦਰ ਸਿੰਘ ਸੰਧਰ (ਸੰਦਲ) ਅਕਾਲੀ ਦਲ ਨੂੰ ਅਲਵਿਦਾ ਆਖ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਮਨਪ੍ਰੀਤ ਸਿੰਘ ਇਯਾਲੀ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਦੀ ਮੌਜੂਦਗੀ ਵਿਚ ਸਿਰੋਪਾਓ ਬਖ਼ਸ਼ ਕੇ ਪਾਰਟੀ ਵਿੱਚ ਜੀ ਆਇਆਂ ਨੂੰ ਆਖਿਆ ਗਿਆ। ਇਸ ਮੌਕੇ ਸੰਧਰ ਨੇ ਬਾਪੂ ਤਰਸੇਮ ਸਿੰਘ ਤੋਂ ਅਸ਼ੀਰਵਾਦ ਲਿਆ ਅਤੇ ਕਿਹਾ ਕਿ ਉਹ ਦੋਆਬਾ ਖੇਤਰ ਵਿੱਚ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰਨਗੇ।
ਵਿਰੋਧੀ ਪਾਰਟੀਆਂ ’ਤੇ ਕੀਤੇ ਤਿੱਖੇ ਹਮਲੇ ਅਕਾਲੀ-ਭਾਜਪਾ ਗੱਠਜੋੜ ’ਤੇ ਤਨਜ਼ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵਿਤ ਸਮਝੌਤੇ ’ਤੇ ਬੋਲਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅਕਾਲੀ ਦਲ ਲੰਬੇ ਸਮੇਂ ਤੱਕ ਭਾਜਪਾ ਨਾਲ ਰਹਿ ਕੇ ਆਪਣਾ ਰਾਜਨੀਤਕ ਆਧਾਰ ਗੁਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਹੁੰਦਾ ਹੈ ਜਾਂ ਨਹੀਂ, ਇਸ ਨਾਲ ਉਨ੍ਹਾਂ ਦੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ ਕਿਉਂਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਆਪਣੀ ਵੱਖਰੀ ਪੰਥਕ ਵਿਚਾਰਧਾਰਾ ’ਤੇ ਕੰਮ ਕਰ ਰਹੀ ਹੈ।
ਕਾਂਗਰਸ ਦਾ ਅੰਦਰੂਨੀ ਕਲੇਸ਼ : ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਆਗੂਆਂ ਨੇ ਕਿਹਾ ਕਿ ਪਾਰਟੀ ਦੀ ਆਪਸੀ ਖਿੱਚੋਤਾਣ ਅਤੇ ਅੰਦਰੂਨੀ ਕਲੇਸ਼ ਕਾਰਨ ਜਨਤਾ ਦਾ ਉਸ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਪੰਥਕ ਤੇ ਪੰਜਾਬ ਹਿਤੈਸ਼ੀ ਵਿਕਲਪ ਵੱਲ ਦੇਖ ਰਹੇ ਹਨ।
ਪੰਥਕ ਏਕਤਾ ਤੇ ਅਗਵਾਈ ’ਤੇ ਸਪੱਸ਼ਟ ਰੁਖ਼
ਪੰਥਕ ਏਕਤਾ ਦੇ ਸਵਾਲ ’ਤੇ ਪਾਰਟੀ ਨੇ ਸਪੱਸ਼ਟ ਕੀਤਾ ਕਿ ਉਹ ਏਕਤਾ ਦੇ ਪੂਰੀ ਤਰ੍ਹਾਂ ਹੱਕ ਵਿੱਚ ਹਨ, ਪਰ ਇਸ ਲਈ ਟਿਕਟਾਂ ਦੀ ਲਾਲਸਾ ਦੀ ਬਜਾਏ ਪੰਥ ਪ੍ਰਤੀ ਸਮਰਪਣ ਅਤੇ ਤਿਆਗ ਦੀ ਭਾਵਨਾ ਹੋਣੀ ਜ਼ਰੂਰੀ ਹੈ। ਉਹਨਾਂ ਕਿਹਾ ਕਿ ਆਗੂ ਜਾਂ ਵਰਕਰ ਅੰਮ੍ਰਿਤਪਾਲ ਸਿੰਘ ਨੂੰ ਆਪਣਾ ਨੇਤਾ ਪ੍ਰਵਾਨ ਕਰ ਕੇ ਪਾਰਟੀ ਨਾਲ ਜੁੜਨਾ ਚਾਹੁੰਦਾ ਹੈ, ਉਸ ਲਈ ਸਾਡੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਨੌਜਵਾਨਾਂ ਤੇ ਹਰ ਵਰਗ ਦੇ ਸਮਰਪਿਤ ਆਗੂਆਂ ਨੂੰ ਚੋਣਾਂ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।