ਹਰੇਕ ਵਰਗ ’ਚ ਅਸੁਰੱਖਿਆ ਦਾ ਮਾਹੌਲ ਬਣਿਆ : ਚੌਧਰੀ
ਵਿਧਾਇਕ ਚੌਧਰੀ ਨੇ ਡੀਪੀ ਜਵੈਲਰਜ਼ ਦੀ ਦੁਕਾਨ ਵਾਪਰੀ ਘਟਨਾ ਸਥਾਨ ਦਾ ਕੀਤਾ ਦੌਰਾ
Publish Date: Mon, 12 Jan 2026 09:17 PM (IST)
Updated Date: Mon, 12 Jan 2026 09:18 PM (IST)

ਕਰਮਵੀਰ ਸਿੰਘ, ਪੰਜਾਬੀ ਜਾਗਰਣ, ਗੁਰਾਇਆ : ਸ਼ਹਿਰ ’ਚ ਡੀਪੀ ਜਿਊਲਰਜ਼ ਦੇ ਮਾਲਕ ਮੁਕੰਦ ਲਾਲ ਨੂੰ 1 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਮਿਲਣ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਘਟਨਾ ਵਾਪਰੀ ਸੀ। ਅਜਿਹੀਆਂ ਘਟਨਾਵਾਂ ਕਾਰਨ ਸੂਬੇ ਦੇ ਆਮ ਨਾਗਰਿਕਾਂ ਤੇ ਵਪਾਰੀ ਵਰਗ ’ਚ ਡਰ ਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਗੁਰਾਇਆ ਸਥਿਤ ਡੀਪੀ ਜਿਊਲਰਜ਼ ਦਾ ਦੌਰਾ ਕਰਨ ਮੌਕੇ ਕੀਤਾ ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਘਟਨਾ ਪ੍ਰਤੀ ਗਹਿਰੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਮੌਕੇ ’ਤੇ ਸਥਿਤੀ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਵਕੀਲ ਗੁਰਿੰਦਰ ਸਿੰਘ ਵਿਰਦੀ, ਬਲਾਕ ਕਾਂਗਰਸ ਪ੍ਰਧਾਨ ਰਾਕੇਸ਼ ਦੁੱਗਲ, ਸਾਬਕਾ ਕੌਂਸਲਰ ਬਲਜਿੰਦਰ ਕਾਲਾ, ਜਸਵਿੰਦਰ ਸਿੰਘ ਚਿੰਤਾ, ਅਸ਼ੋਕ ਅਰੋੜਾ, ਅਸ਼ੋਕ ਪਾਹਵਾ, ਧਰਮਵੀਰ, ਜਸਵੀਰ ਸਿੰਘ ਤੇ ਹੋਰ ਕਈ ਪਾਰਟੀ ਦੇ ਆਗੂ ਵੀ ਹਾਜ਼ਰ ਸਨ। ਉਨ੍ਹਾਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦੇ ਹੋਏ ਕਿਹਾ ਕਿ ਇਸ ਗੰਭੀਰ ਘਟਨਾ ’ਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਤੁਰੰਤ ਸਖ਼ਤ ਤੇ ਸਮੇਂ-ਬੱਧ ਕਾਰਵਾਈ ਕੀਤੀ ਜਾਵੇ ਤੇ ਸੂਬੇ ’ਚ ਅਮਨ-ਸ਼ਾਂਤੀ ਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਢੁੱਕਵੇਂ ਕਦਮ ਚੁੱਕੇ ਜਾਣ। ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਤੇ ਪਹਿਲੀ ਜ਼ਿੰਮੇਵਾਰੀ ਹੈ, ਜਿਸ ’ਤੇ ਕੋਈ ਵੀ ਸਮਝੌਤਾ ਕਬੂਲ ਨਹੀਂ ਕੀਤਾ ਜਾ ਸਕਦਾ।