ਵਿਧਾਇਕਾ ਮਾਨ ਨੇ ਫਿਰਨੀ ਲਈ 45 ਲੱਖ ਦਾ ਕੀਤਾ ਐਲਾਨ ਵਿਧਾਇਕਾ ਮਾਨ ਨੇ ਸਰਾਏ ਖ਼ਾਮ ਵਿਖੇ ਲੋਕ ਮਿਲਣੀ ਦੌਰਾਨ 45 ਲੱਖ ਦੀ ਫਿਰਨੀ ਕੀਤੀ ਮਨਜ਼ੂਰ
Publish Date: Thu, 09 Jul 2026 08:42 PM (IST)
Updated Date: Thu, 09 Jul 2026 08:45 PM (IST)
-ਕਿਹਾ, ਹਲਕੇ ਦੇ ਵਿਕਾਸ ਕਾਰਜ ਜਾਰੀ ਰਹਿਣਗੇ ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਹਲਕਾ ਨਕੋਦਰ ਦੇ ਪਿੰਡ ਸਰਾਏ ਖ਼ਾਮ ’ਚ ਕਰਵਾਈ ਗਈ ਵਿਸ਼ਾਲ ਲੋਕ ਮਿਲਣੀ ਵਿਕਾਸ, ਲੋਕ ਭਲਾਈ ਅਤੇ ਲੋਕਾਂ ਨਾਲ ਸਿੱਧੇ ਸੰਵਾਦ ਦਾ ਇਕ ਪ੍ਰਭਾਵਸ਼ਾਲੀ ਮੰਚ ਬਣ ਕੇ ਸਾਹਮਣੇ ਆਈ। ਇਸ ਮੌਕੇ ਹਲਕੇ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਪਿੰਡ ਦੇ ਵਿਕਾਸ ਲਈ ਕਈ ਮਹੱਤਵਪੂਰਨ ਐਲਾਨ ਕਰਦਿਆਂ ਕਰੀਬ ਇੱਕ ਕਿੱਲੋਮੀਟਰ ਪਿੰਡ ਦੀ ਫਿਰਨੀ ਦੇ ਨਿਰਮਾਣ ਲਈ 45 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕਰਨ ਦਾ ਐਲਾਨ ਕੀਤਾ। ਸੰਬੋਧਨ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਮਕਸਦ ਸਿਰਫ਼ ਚੋਣਾਂ ਜਿੱਤਣਾ ਨਹੀਂ, ਸਗੋਂ ਲੋਕਾਂ ਦੇ ਘਰ-ਘਰ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ। ਅੱਜ ਦੀਆਂ ਗੱਲਾਂ ਸਿਰਫ਼ ਰਾਜਨੀਤਿਕ ਭਾਸ਼ਣਾਂ ਤੱਕ ਸੀਮਤ ਨਹੀਂ ਹਨ, ਬਲਕਿ ਹਰ ਘਰ ਦੇ ਚੁੱਲ੍ਹੇ, ਕਿਸਾਨਾਂ ਦੇ ਖੇਤਾਂ, ਨੌਜਵਾਨਾਂ ਦੇ ਰੁਜ਼ਗਾਰ, ਬੱਚਿਆਂ ਦੀ ਸਿੱਖਿਆ, ਔਰਤਾਂ ਦੀ ਸੁਰੱਖਿਆ ਅਤੇ ਬਜ਼ੁਰਗਾਂ ਦੀ ਭਲਾਈ ਨਾਲ ਜੁੜੀਆਂ ਹੋਈਆਂ ਹਨ। ਵਿਰੋਧੀ ਧਿਰਾਂ ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਪੰਜਾਬ ਦੇ ਲੋਕ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰਦੇ ਰਹੇ ਕਿਉਂਕਿ ਪਹਿਲਾਂ ਦੀਆਂ ਸਰਕਾਰਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਲੋਕਾਂ ਦੇ ਦਰ ਤੇ ਜਾ ਕੇ ਉਨ੍ਹਾਂ ਦੀ ਗੱਲ ਸੁਣ ਰਹੀ ਹੈ ਅਤੇ ਵਿਕਾਸ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰ ਰਹੀ ਹੈ। ਵਿਧਾਇਕਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਹਰ ਪਿੰਡ ਅਤੇ ਹਰ ਵਾਰਡ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ ਅਤੇ ਕਿਸੇ ਵੀ ਖੇਤਰ ਨੂੰ ਵਿਕਾਸ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਚਰਨਜੀਤ ਸਿੰਘ, ਵਾਈਸ ਚੇਅਰਮੈਨ ਜੀਵਨ, ਬਲਾਕ ਪ੍ਰਧਾਨ ਸੁਰਿੰਦਰ ਉਗੀ, ਬਲਵਿੰਦਰ ਸਿੰਘ ਧਾਲੀਵਾਲ,ਬਲਦੇਵ ਰਾਜ ਸਹੋਤਾ, ਜਤਿੰਦਰ ਸਿੰਘ ਨੂਰਪੁਰੀ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਵੀ ਸੰਬੋਧਨ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਇਸ ਮੌਕੇ ਮੌਜੂਦ ਰਹੇ। ਸਮਾਗਮ ਵਿੱਚ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਤੇ ਔਰਤਾਂ ਸ਼ਾਮਲ ਰਹੀਆਂ।