ਤੰਦਰੁਸਤੀ ਹੀ ਖੁਸ਼ਹਾਲ ਜੀਵਨ ਦੀ ਕੁੰਜੀ : ਪ੍ਰਿੰ. ਪੰਕਜ ਸ਼ਰਮਾ
‘ਵਿਸ਼ਵ ਸਿਹਤ ਦਿਵਸ’ ਤੇ ‘ਸ਼੍ਰੀ ਗੁਰੂ ਨਾਭਾ ਦਾਸ ਜੀ’ ਦੇ ਜਨਮ ਦਿਵਸ ਮੌਕੇ ਸਵੇਰ ਦੀ ਪ੍ਰਾਥਨਾ ਸਭਾ ਕਰਵਾਈ
Publish Date: Tue, 07 Apr 2026 08:56 PM (IST)
Updated Date: Wed, 08 Apr 2026 04:15 AM (IST)

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਨਕੋਦਰ ਵਿਖੇ ਵਿਸ਼ਵ ਸਿਹਤ ਦਿਵਸ ਅਤੇ ਮਹਾਨ ਸੰਤ ਸ਼੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ। ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵਿਸ਼ਵ ਸਿਹਤ ਦਿਵਸ ਦੇ ਸੰਬੰਧ ਵਿੱਚ ਸਿਹਤਮੰਦ ਜੀਵਨ ਸ਼ੈਲੀ, ਸਾਫ਼-ਸਫ਼ਾਈ ਤੇ ਸਹੀ ਖੁਰਾਕ ਦੀ ਮਹੱਤਤਾ ਬਾਰੇ ਇੱਕ ਸਕਿਟ ਰਾਹੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਰੋਜ਼ਾਨਾ ਜੀਵਨ ਵਿੱਚ ਯੋਗ ਤੇ ਕਸਰਤ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਸਿਹਤ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਭਾਸ਼ਣ ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ। ਪ੍ਰਾਥਨਾ ਸਭਾ ’ਚ ਅਜ਼ਾਦ ਹਾਊਸ ਦੇ ਵਿਦਿਆਰਥੀਆਂ ਨੇ ਸ਼੍ਰੀ ਗੁਰੂ ਨਾਭਾ ਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਰੌਸ਼ਨੀ ਪਾਈ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਨਾਭਾ ਦਾਸ ਜੀ ਨੇ ਸਮਾਜ ਨੂੰ ਸੱਚਾਈ, ਸੇਵਾ ਅਤੇ ਨਿਮਰਤਾ ਦਾ ਸਨੇਹਾ ਦਿੱਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਪੰਕਜ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿਹਤਮੰਦ ਜੀਵਨ ਹੀ ਖੁਸ਼ਹਾਲ ਜੀਵਨ ਦੀ ਕੁੰਜੀ ਹੈ ਅਤੇ ਸਾਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਚੰਗੀਆਂ ਆਦਤਾਂ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਭਾ ਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ ਤੇ ਐੱਮਡੀ ਮਿਸਟਰ ਸ਼ਿਵਮ ਸ਼ਰਮਾ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਨਾਭਾ ਦਾਸ ਜੀ ਦੀਆਂ ਸਿੱਖਿਆਵਾਂ ਸਾਨੂੰ ਸਹਿਣਸ਼ੀਲਤਾ, ਨਿਮਰਤਾ ਤੇ ਸੱਚਾਈ ਦਾ ਪਾਠ ਪੜ੍ਹਾਉਂਦੀਆਂ ਹਨ। ਉਨ੍ਹਾਂ ਦਾ ਜੀਵਨ ਸਾਨੂੰ ਇਹ ਸਿਖਾਉਂਦਾ ਹੈ ਕਿ ਮਨੁੱਖਤਾ ਦੀ ਸੇਵਾ ਅਤੇ ਰੱਬ ਪ੍ਰਤੀ ਅਟੱਲ ਵਿਸ਼ਵਾਸ ਨਾਲ ਜੀਵਨ ਨੂੰ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਦੇ ਉੱਚੇ ਆਦਰਸ਼ਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਤੇ ਚੰਗੇ ਚਰਿੱਤਰ ਵਾਲੇ ਨਾਗਰਿਕ ਬਣਨ ਲਈ ਯਤਨਸ਼ੀਲ ਰਹਿਣ।