ਮਾਂ ਬੋਲੀ ਨੂੰ ਸੰਭਾਲ ਕੇ ਰੱਖਣਾ ਸਾਂਝਾ ਦਾ ਫਰਜ਼ : ਬਾਲੀ
ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਮਾਰਚ 26 ਫਰਵਰੀ ਨੂੰ
Publish Date: Tue, 24 Feb 2026 08:05 PM (IST)
Updated Date: Tue, 24 Feb 2026 08:07 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਜਾਗ੍ਰਿਤੀ ਮੰਚ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਮਾਰਚ 26 ਫਰਵਰੀ ਨੂੰ ਕੱਢਿਆ ਜਾ ਰਿਹਾ ਹੈ। ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਤੇ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਨੇ ਦੱਸਿਆ ਕਿ ਇਸ ਉਪਰਾਲੇ ਦਾ ਮਕਸਦ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪਸਾਰ ਦੇ ਨਾਲ-ਨਾਲ ਨੌਜਵਾਨਾਂ ’ਚ ਆਪਣੀ ਮਾਂ ਬੋਲੀ ਪੰਜਾਬੀ ਪ੍ਰਤੀ ਸਤਿਕਾਰ, ਪਿਆਰ ਤੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਨੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਤੇ ਪੰਜਾਬ ਜਾਗ੍ਰਿਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਸਮੇਤ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਨੁਮਾਇੰਦਿਆਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਵੀ ਮੌਜੂਦ ਸਨ। ਦੀਪਕ ਬਾਲੀ ਨੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ’ਚ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਾਂ ਬੋਲੀ ਤੋਂ ਬਿਨਾਂ ਕਿਸੇ ਵੀ ਵਿਅਕਤੀ ਤੇ ਸੱਭਿਆਚਾਰ ਦੀ ਪਛਾਣ ਅਧੂਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਲਈ ਮਾਂ ਬੋਲੀ ਨੂੰ ਸੰਭਾਲ ਕੇ ਰੱਖਣਾ ਸਾਡਾ ਸਭ ਦਾ ਫਰਜ਼ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਇਸ ਸਮਾਗਮ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮਾਰਚ ਲਾਇਲਪੁਰ ਖਾਲਸਾ ਸਕੂਲ ਤੋਂ ਸ਼ੁਰੂ ਹੋ ਕੇ ਡਾ. ਬੀ.ਆਰ. ਅੰਬੇਡਕਰ ਚੌਕ, ਭਗਵਾਨ ਵਾਲਮੀਕਿ ਚੌਕ, ਕੰਪਨੀ ਬਾਗ ਚੌਕ, ਭਗਤ ਨਾਮਦੇਵ ਚੌਕ ਤੋਂ ਹੁੰਦਾ ਹੋਇਆ ਦੇਭਗਤ ਯਾਦਗਾਰ ਹਾਲ ਨੇੜੇ ਸੱਭਿਆਚਾਰਕ ਸਮਾਗਮ ਨਾਲ ਸਮਾਪਤ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਮਾਰਚ ਦੌਰਾਨ ਵੱਡੀ ਗਿਣਤੀ ਵਿਦਿਆਰਥੀਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਦਿਆਰਥੀਆਂ ਲਈ ਰਿਫ਼ਰੈਸ਼ਮੈਂਟ, ਪੀਣ ਵਾਲੇ ਪਾਣੀ, ਵਿਦਿਆਰਥੀਆਂ ਨੂੰ ਲਿਆਉਣ-ਲਿਜਾਣ ਲਈ ਵਾਹਨ, ਐਂਬੂਲੈਂਸ, ਮੈਡੀਕਲ ਟੀਮਾਂ, ਮਾਰਚ ਦੇ ਰੂਟ ’ਤੇ ਸਾਫ਼-ਸਫਾਈ, ਸੁਰੱਖਿਆ, ਸੁਚਾਰੂ ਟ੍ਰੈਫਿਕ ਵਿਵਸਥਾ ਸਮੇਤ ਹੋਰ ਲੋੜੀਂਦੇ ਇੰਤਜ਼ਾਮ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਡਿਪਟੀ ਡੀਈਓ ਰਾਜੀਵ ਜੋਸ਼ੀ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਜਾਬ ਜਾਗ੍ਰਿਤੀ ਮੰਚ ਦੇ ਅਹੁਦੇਦਾਰ ਤੇ ਸਕੂਲਾਂ ਤੇ ਕਾਲਜਾਂ ਦੇ ਨੁਮਾਇੰਦੇ ਵੀ ਮੌਜੂਦ ਸਨ।