- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਟਰਸਾਈਕਲ ਦੀ ਕਾਰ ਨਾਲ ਟੱਕਰ, ਨੌਜਵਾਨ ਗੰਭੀਰ ਜ਼ਖਮੀ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਨੈਸ਼ਨਲ ਹਾਈਵੇ ’ਤੇ ਫਿਲੌਰ ਆਰਮੀ ਗਰਾਊਂਡ ਨੇੜੇ ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ। ਹਾਦਸੇ ’ਚ ਦੋਵੇਂ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਗੁਰਾਇਆ ਤੋਂ ਫਿਲੌਰ ਵੱਲ ਆ ਰਿਹਾ ਸੀ। ਆਰਮੀ ਗਰਾਊਂਡ ਨੇੜੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ ਹੋ ਗਈ। ਕਾਰ ਚਾਲਕ ਨੇ ਦੱਸਿਆ ਕਿ ਮੋਟਰਸਾਈਕਲ ਚਾਲਕ ਦਾ ਧਿਆਨ ਭਟਕਣ ਤੇ ਤੇਜ਼ ਰਫ਼ਤਾਰ ਕਾਰਨ ਉਸ ਨੇ ਕਾਰ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਐੱਸਐੱਸਐੱਫ ਟੀਮ ਦੇ ਇੰਚਾਰਜ ਥਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ ’ਚ ਟੀਮ ਮੌਕੇ ’ਤੇ ਪਹੁੰਚੀ। ਟੀਮ ਨੇ ਜ਼ਖਮੀ ਨੌਜਵਾਨ ਨੂੰ ਮੌਕੇ ’ਤੇ ਮੁੱਢਲੀ ਸਹਾਇਤਾ ਦਿੱਤੀ ਤੇ 108 ਐਂਬੂਲੈਂਸ ਰਾਹੀਂ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਪਹੁੰਚਾਇਆ। ਹਾਦਸੇ ਦੀ ਸੂਚਨਾ ਥਾਣਾ ਫਿਲੌਰ ਦੇ ਡਿਊਟੀ ਅਫ਼ਸਰ ਏਐੱਸਆਈ ਧਰਮਿੰਦਰ ਸਿੰਘ ਨੂੰ ਦਿੱਤੀ ਗਈ। ਪੁਲਿਸ ਅਨੁਸਾਰ ਹਾਦਸੇ ’ਚ ਸ਼ਾਮਲ ਵਾਹਨ ਚਾਲਕਾਂ ਦੀ ਪਛਾਣ ਨਵਜੋਤ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਬੁਡਿਆਣਾ, ਜ਼ਿਲ੍ਹਾ ਜਲੰਧਰ ਤੇ ਪ੍ਰਭਜੋਤ ਸਿੰਘ ਪੁੱਤਰ ਗੋਰੀ ਸ਼ੰਕਰ ਵਾਸੀ ਮਾਹਿਲਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਪੁਲਿਸ ਨੇ ਦੋਵੇਂ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।