- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਨਾਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲ ਸ਼ਰੇਆਮ ਸੜਕਾਂ ’ਤੇ ਦੌੜੇ; ਪੁਲਸ ਦੀ ਕਾਰਵਾਈ ’ਤੇ ਉੱਠੇ ਸਵਾਲ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਸ਼ਹਿਰ ਤੇ ਆਸ-ਪਾਸ ਦੇ ਇਲਾਕਿਆਂ ਵਿਚ ਕਾਨੂੰਨ-ਵਿਵਸਥਾ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠ ਰਹੇ ਹਨ। ਸ਼ਹਿਰ ਦੀਆਂ ਸੜਕਾਂ ਅਤੇ ਬਾਜ਼ਾਰਾਂ ਵਿੱਚ ਅਜਿਹੇ ਮੋਟਰਸਾਈਕਲ ਆਮ ਦੇਖਣ ਨੂੰ ਮਿਲ ਰਹੇ ਹਨ, ਜਿਨ੍ਹਾਂ ’ਤੇ ਨੰਬਰ ਪਲੇਟਾਂ ਤੱਕ ਨਹੀਂ ਲੱਗੀਆਂ ਹੋਈਆਂ। ਇਸ ਦੇ ਬਾਵਜੂਦ ਇਨ੍ਹਾਂ ਵਾਹਨਾਂ ਦਾ ਸ਼ਰੇਆਮ ਸੜਕਾਂ ’ਤੇ ਘੁੰਮਣਾ ਪੁਲਸ ਦੀ ਨਿਗਰਾਨ ਪ੍ਰਣਾਲੀ ’ਤੇ ਸਵਾਲੀਆ ਨਿਸ਼ਾਨ ਲਗਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਵਾਹਨਾਂ ’ਤੇ ਨਿਯਮਾਂ ਅਨੁਸਾਰ ਨੰਬਰ ਪਲੇਟ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ ਪਰ ਸ਼ਾਹਕੋਟ ਵਿਚ ਨਿਯਮਾਂ ਦੀ ਉਲੰਘਣਾ ਕਰਦੇ ਕਈ ਦੋਪਹੀਆ ਵਾਹਨ ਬਿਨਾਂ ਨੰਬਰ ਪਲੇਟਾਂ ਦੇ ਹੀ ਦਿਖਾਈ ਦੇ ਰਹੇ ਹਨ। ਇਲਾਕੇ ’ਚ ਅਜਿਹੇ ਮੋਟਰਸਾਈਕਲ ਨਜ਼ਰ ਆ ਰਹੇ ਹਨ, ਜਿਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਸਕਦਾ ਹੈ। ਇਲਾਕੇ ’ਚ ਸਮੇਂ-ਸਮੇਂ ’ਤੇ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀਆਂ ਘਟਨਾਵਾਂ ਵਿੱਚ ਮੋਟਰਸਾਈਕਲਾਂ ਦੀ ਵਰਤੋਂ ਹੋਣ ਕਾਰਨ ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਦੀ ਜਾਂਚ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਬਾਜ਼ਾਰਾਂ ਅਤੇ ਮੁੱਖ ਸੜਕਾਂ ’ਤੇ ਨਾਕਾਬੰਦੀ ਜਾਂ ਚੈਕਿੰਗ ਦੌਰਾਨ ਅਜਿਹੇ ਵਾਹਨਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਣੀ ਚਾਹੀਦੀ ਹੈ। ਕਈ ਥਾਵਾਂ ’ਤੇ ਨੌਜਵਾਨਾਂ ਵੱਲੋਂ ਮੋਟਰਸਾਈਕਲਾਂ ’ਤੇ ਤਿੰਨ-ਤਿੰਨ ਸਵਾਰੀਆਂ ਬਿਠਾ ਕੇ ਘੁੰਮਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਅਜਿਹੀ ਲਾਪਰਵਾਹੀ ਨਾ ਸਿਰਫ਼ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਹੈ, ਸਗੋਂ ਸੜਕ ਸੁਰੱਖਿਆ ਲਈ ਵੀ ਚਿੰਤਾ ਦਾ ਵਿਸ਼ਾ ਬਣ ਸਕਦੀ ਹੈ।