ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਚਾਲਕ ਫ਼ਰਾਰ ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਚਾਲਕ ਫਰਾਰ
Publish Date: Mon, 12 Oct 2026 06:45 PM (IST)
Updated Date: Mon, 12 Oct 2026 06:47 PM (IST)
-ਫਰਵਰੀ ’ਚ ਹੋਣਾ ਸੀ ਵਿਆਹ, ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ -ਪੁਲਿਸ ਦੇ ਦੇਰੀ ਨਾਲ ਪਹੁੰਚਣ ’ਤੇ ਲੋਕਾਂ ਨੇ ਲਾਇਆ ਜਾਮ ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਫਿਲੌਰ-ਨਵਾਂਸ਼ਹਿਰ ਮਾਰਗ ’ਤੇ ਪਿੰਡ ਰਾਏਪੁਰ ਅਰਾਈਆਂ ਨੇੜੇ ਬੀਤੀ ਸ਼ਾਮ ਟਿੱਪਰ ਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ’ਚ ਇਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਉਰਫ਼ ਰੈਕੂੰ ਪੁੱਤਰ ਸਵਰਗੀ ਹਰਬੰਸ ਲਾਲ, ਵਾਸੀ ਪਿੰਡ ਝਿੰਗੜਾਂ ਵਜੋਂ ਹੋਈ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਤੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਅਨੁਸਾਰ ਦਲਜੀਤ ਸਿੰਘ ਦਾ ਵਿਆਹ ਆਉਣ ਵਾਲੇ ਫਰਵਰੀ ਮਹੀਨੇ ’ਚ ਤੈਅ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਵੈਟਰਨਰੀ ਡਾਕਟਰ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ। ਉਹ ਪਿੰਡ ਸ਼ੇਖੂਪੁਰ ਵਿਖੇ ਪਸ਼ੂਆਂ ਨੂੰ ਟੀਕੇ ਲਗਾਉਣ ਤੋਂ ਬਾਅਦ ਪਿੰਡ ਰਾਏਪੁਰ ਅਰਾਈਆਂ ਵਿਖੇ ਇਕ ਖੂਹ ’ਤੇ ਪਸ਼ੂਆਂ ਦਾ ਇਲਾਜ ਕਰਨ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ। ਇਸ ਦੌਰਾਨ ਫਿਲੌਰ ਵਾਲੇ ਪਾਸਿਓਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਟਰੈਕਟਰ-ਟਰਾਲੀ ਨੂੰ ਓਵਰਟੇਕ ਕਰਦੇ ਸਮੇਂ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦਲਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦਲਜੀਤ ਸਿੰਘ ਨੂੰ ਆਪਣੇ ਪਿਤਾ ਦੀ ਨੌਕਰੀ ਮਿਲੀ ਹੋਈ ਸੀ ਤੇ ਉਹ ਰੋਜ਼ਾਨਾ ਪਿੰਡ ਝਿੰਗੜਾਂ ਤੋਂ ਲੁਧਿਆਣਾ ਆਉਂਦਾ-ਜਾਂਦਾ ਸੀ। ਵਿਆਹ ਦੀਆਂ ਤਿਆਰੀਆਂ ਤੋਂ ਪਹਿਲਾਂ ਹੀ ਵਾਪਰੇ ਇਸ ਹਾਦਸੇ ਨੇ ਪਰਿਵਾਰ ਦੀਆਂ ਖ਼ੁਸ਼ੀਆਂ ਮਾਤਮ ’ਚ ਬਦਲ ਦਿੱਤੀਆਂ। ਮੌਕੇ ’ਤੇ ਇਕੱਠੇ ਹੋਏ ਲੋਕਾਂ ਅਨੁਸਾਰ ਹਾਦਸਾ ਸ਼ਾਮ ਕਰੀਬ 5:30 ਵਜੇ ਵਾਪਰਿਆ, ਪਰ ਪੁਲਿਸ ਮੁਲਾਜ਼ਮ ਲਗਭਗ ਦੋ ਘੰਟੇ ਬਾਅਦ ਮੌਕੇ ’ਤੇ ਪਹੁੰਚੇ। ਪੁਲਿਸ ਦੀ ਦੇਰੀ ਨੂੰ ਲੈ ਕੇ ਲੋਕਾਂ ’ਚ ਭਾਰੀ ਰੋਸ ਪਾਇਆ ਗਿਆ ਤੇ ਉਨ੍ਹਾਂ ਨੇ ਸੜਕ ’ਤੇ ਜਾਮ ਲਗਾ ਦਿੱਤਾ। ਇਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਤੇ ਰਾਤ ਕਰੀਬ 10 ਵਜੇ ਤੱਕ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਸੂਚਨਾ ਮਿਲਣ ’ਤੇ ਥਾਣਾ ਫਿਲੌਰ ਦੇ ਐੱਸਐੱਚਓ ਬਲਵਿੰਦਰ ਸਿੰਘ ਭੁੱਲਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ। ਪੁਲਿਸ ਨੇ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਭੇਜਿਆ ਗਿਆ ਤੇ ਹਾਦਸੇ ਨਾਲ ਸਬੰਧਤ ਵਾਹਨਾਂ ਨੂੰ ਵੀ ਕਬਜ਼ੇ ’ਚ ਲੈ ਲਿਆ ਗਿਆ। ਫਿਲੌਰ-ਨਵਾਂਸ਼ਹਿਰ ਮਾਰਗ ’ਤੇ ਲਗਾਤਾਰ ਵਾਪਰ ਰਹੇ ਸੜਕ ਹਾਦਸਿਆਂ ਕਾਰਨ ਲੋਕਾਂ ’ਚ ਚਿੰਤਾ ਵਧ ਰਹੀ ਹੈ। ਪਿੰਡ ਰਾਏਪੁਰ ਅਰਾਈਆਂ ਦੇ ਵਸਨੀਕਾਂ ਨੇ ਪੁਲਿਸ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਰਗ ’ਤੇ ਭਾਰੀ ਵਾਹਨਾਂ, ਖ਼ਾਸ ਕਰਕੇ ਟਿੱਪਰਾਂ ਦੇ ਲੰਘਣ ਲਈ ਸਮਾਂ ਨਿਰਧਾਰਤ ਕੀਤਾ ਜਾਵੇ, ਤਾਂ ਜੋ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਲੋਕਾਂ ਨੇ ਕਿਹਾ ਕਿ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਚਲਾਏ ਜਾਂਦੇ ਭਾਰੀ ਵਾਹਨ ਰਾਹਗੀਰਾਂ ਦੀ ਜਾਨ ਲਈ ਖ਼ਤਰਾ ਬਣ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਰਗ ’ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਤੇ ਹਾਦਸਿਆਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ।