ਨਗਰ ਕੌਂਸਲ ਫਿਲੌਰ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਸ਼ੁਰੂ
ਨਗਰ ਕੌਂਸਲ ਫਿਲੌਰ ਦੇ ਕਰਮਚਾਰੀਆਂ ਵੱਲੋਂ ਅਣਮਿਆਦੀ ਹੜਤਾਲ ਸ਼ੁਰੂ
Publish Date: Wed, 06 May 2026 06:47 PM (IST)
Updated Date: Wed, 06 May 2026 06:50 PM (IST)

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਨਗਰ ਕੌਂਸਲ ਫਿਲੌਰ ਦੇ ਸਫਾਈ ਮੁਲਾਜ਼ਮਾਂ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅਣਮਿਆਦੀ ਕੰਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਵਾਰ-ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਗੰਭੀਰ ਧਿਆਨ ਨਹੀਂ ਦਿੱਤਾ ਗਿਆ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ’ਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨੀ, ਠੇਕੇਦਾਰੀ ਪ੍ਰਥਾ ਖਤਮ ਕਰਨੀ ਤੇ ਤਨਖਾਹਾਂ ’ਚ ਵਾਧਾ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ 31 ਦਸੰਬਰ 2011 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੈਨਸ਼ਨ ਲਾਗੂ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵੱਡੇ ਵਾਅਦੇ ਕੀਤੇ ਸਨ ਪਰ ਅਜੇ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਕਰਕੇ ਮਜ਼ਬੂਰਨ ਉਨ੍ਹਾਂ ਨੂੰ ਹੜਤਾਲ ਦਾ ਰਸਤਾ ਅਪਣਾਉਣਾ ਪਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਦੇ ਮੰਤਰੀ ਖ਼ਿਲਾਫ਼ ਜ਼ੋਰਦਾਰ ਵੀ ਕੀਤੀ। ਮੌਕੇ ’ਤੇ ਮੌਜੂਦ ਕਾਂਗਰਸੀ ਆਗੂ ਤੇ ਕੌਂਸਲਰ ਯਸਪਾਲ ਗਿੰਡਾ ਨੇ ਵੀ ਮਾਨ ਸਰਕਾਰ ’ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਲੋਕਾਂ ਨੂੰ ਸੜਕਾਂ ’ਤੇ ਉਤਰਨਾ ਪੈ ਰਿਹਾ ਹੈ। ਇਸ ਮੌਕੇ ਯੂਨੀਅਨ ਪ੍ਰਧਾਨ ਮਨੀ ਲਾਲ, ਵਾਈਸ ਪ੍ਰਧਾਨ ਰਜਿੰਦਰ ਕੁਮਾਰ, ਰਾਮ ਲਾਲ ਉਰਫ਼ ਅਸ਼ੋਕ ਕੁਮਾਰ, ਰਾਜੂ, ਬੰਟੀ, ਵਿਜੈ ਕੁਮਾਰ, ਸੰਨੀ ਘੋੜਾ, ਸੰਨੀ ਬੱਬੀ, ਬੱਬਲੀ, ਅਮਨਦੀਪ, ਜਿੱਪੀ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।