- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਢਲੇ ਇਲਾਜ ਤੋਂ ਬਾਅਦ

ਮੁੱਢਲੇ ਇਲਾਜ ਤੋਂ ਬਾਅਦ ਦੋਵੇਂ ਜ਼ਖ਼ਮੀ ਜਲੰਧਰ ਰੈਫ਼ਰ, ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਨੇੜਲੇ ਪਿੰਡ ਦਾਨੇਵਾਲ ਵਿਖੇ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦੋ ਨੌਜਵਾਨਾਂ ਨੂੰ ਗੰਭੀਰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀਆਂ ਦੀ ਪਛਾਣ ਰਣਜੀਤ ਸਿੰਘ ਪੁੱਤਰ ਸੁਖਬੀਰ ਸਿੰਘ ਅਤੇ ਅਮਨਦੀਪ ਸਿੰਘ ਪੁੱਤਰ ਜਸਵੀਰ ਸਿੰਘ (ਦੋਵੇਂ) ਵਾਸੀ ਪਿੰਡ ਦਾਨੇਵਾਲ ਵਜੋਂ ਹੋਈ ਹੈ। ਦੋਵਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਮੁੱਢਲੀ ਸਹਾਇਤਾ ਤੋਂ ਬਾਅਦ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਰਣਜੀਤ ਸਿੰਘ ਸਵੇਰੇ ਕਰੀਬ ਸਾਢੇ ਅੱਠ ਵਜੇ ਖੇਤਾਂ ਵੱਲ ਜਾ ਰਿਹਾ ਸੀ ਅਤੇ ਅਮਨਦੀਪ ਸਿੰਘ ਵੀ ਆਪਣੇ ਪਿਤਾ ਨਾਲ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਇਸੇ ਦੌਰਾਨ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਨੌਜਵਾਨਾਂ ਉੱਪਰ ਅਚਾਨਕ ਹਮਲਾ ਕਰ ਦਿੱਤਾ। ਹਮਲੇ ਦੌਰਾਨ ਨੌਜਵਾਨਾਂ ਨੇ ਭੱਜ ਕੇ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਹਮਲਾਵਰਾਂ ਵੱਲੋਂ ਕੀਤੇ ਗਏ ਵਾਰਾਂ ਕਾਰਨ ਦੋਵਾਂ ਨੌਜਵਾਨਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ।
ਸਾਬਕਾ ਸਰਪੰਚ ਸੁਖਬੀਰ ਸਿੰਘ ਅਤੇ ਜਸਵੀਰ ਸਿੰਘ ਨੇ ਦੋਸ਼ ਲਾਇਆ ਕਿ ਪਿੰਡ ਵਿਚ ਸਥਿਤ ਬਾਬਾ ਵਲੀ ਸ਼ਾਹ ਦੇ ਦਰਬਾਰ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ। ਪਿਛਲੇ ਕੁਝ ਸਮੇਂ ਤੋਂ ਦਰਬਾਰ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਣਜੀਤ ਸਿੰਘ ਤੇ ਅਮਨਦੀਪ ਸਿੰਘ ਉੱਥੇ ਆਉਣ ਵਾਲੀਆਂ ਸੰਗਤਾਂ ਲਈ ਚਾਹ-ਪਾਣੀ ਦੀ ਸੇਵਾ ਕਰਦੇ ਹਨ, ਪਰ ਦੂਜੇ ਧੜੇ ਵੱਲੋਂ ਉਨ੍ਹਾਂ ਨੂੰ ਸੇਵਾ ਕਰਨ ਤੋਂ ਰੋਕਿਆ ਜਾਂਦਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਇਸੇ ਰੰਜਿਸ਼ ਦੇ ਚੱਲਦਿਆਂ ਯੋਜਨਾਬੱਧ ਤਰੀਕੇ ਨਾਲ ਉਨ੍ਹਾਂ ਦੇ ਬੱਚਿਆਂ ‘ਤੇ ਇਹ ਕਾਤਲਾਨਾ ਹਮਲਾ ਕੀਤਾ ਗਿਆ ਹੈ। ਘਟਨਾ ਤੋਂ ਤੁਰੰਤ ਬਾਅਦ ਜ਼ਖ਼ਮੀਆਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਸ਼ਾਹਕੋਟ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਦੇ ਮੱਦੇਨਜ਼ਰ ਡਾਕਟਰਾਂ ਨੇ ਨਕੋਦਰ ਅਤੇ ਬਾਅਦ ਵਿੱਚ ਜਲੰਧਰ ਰੈਫ਼ਰ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਮਾਡਲ ਥਾਣਾ ਸ਼ਾਹਕੋਟ ਦੇ ਐੱਸਐੱਚਓ ਸੁਖਵਿੰਦਰ ਪਾਲ ਸੋਢੀ, ਚੌਂਕੀ ਇੰਚਾਰਜ ਤਲਵੰਡੀ ਸੰਘੇੜਾ ਬਲਜੀਤ ਸਿੰਘ, ਸੀਆਈਏ ਸਟਾਫ਼ ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਅਤੇ ਸਬ-ਇੰਸਪੈਕਟਰ ਕਸ਼ਮੀਰ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਐੱਸਐੱਚਓ ਸੋਢੀ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਦੇ ਬਿਆਨ ਕਲਮਬੱਧ ਕਰਨ ਉਪਰੰਤ ਤੱਥਾਂ ਦੇ ਆਧਾਰ ‘ਤੇ ਮੁਲਜ਼ਮਾਂ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।