ਸੀਚੇਵਾਲ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 14 ਨੂੰ
ਸੀਚੇਵਾਲ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 14 ਨੂੰ ਸਜਾਇਆ ਜਾਵੇਗਾ: ਸੁਰਜੀਤ ਸਿੰਘ ਸੀਚੇਵਾਲ
Publish Date: Sat, 10 Jan 2026 07:31 PM (IST)
Updated Date: Sun, 11 Jan 2026 04:12 AM (IST)

ਗਿਆਨ ਸੈਦਪੁਰੀ, ਪੰਜਾਬੀ ਜਾਗਰਣ, ਸ਼ਾਹਕੋਟ : ਏਕ ਓਂਕਾਰ ਚੈਰੀਟੇਬਲ ਟਰੱਸਟ ਨਿਰਮਲ ਕੁਟੀਆ ਸੀਚੇਵਾਲ ਤੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ 14 ਜਨਵਰੀ ਨੂੰ ਸਜਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਿਰਮਲ ਕੁਟੀਆ ਸੀਚੇਵਾਲ ਦੇ ਪ੍ਰਮੁੱਖ ਸੇਵਾਦਾਰ ਬਾਬਾ ਸੁਰਜੀਤ ਸਿੰਘ ਸ਼ੰਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 14 ਜਨਵਰੀ ਨੂੰ ਸਜਾਇਆ ਜਾਵੇਗਾ। ਉਨਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਜਾ ਰਹੇ ਇਸ ਨਗਰ ਕੀਰਤਨ ਦੌਰਾਨ ਪ੍ਰਸਿੱਧ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਸਾਰਾ ਸਮਾਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਇਤਿਹਾਸ ਸਰਵਣ ਕਰਾਉਣਗੇ। ਉਨਾਂ ਦੱਸਿਆ ਕਿ ਨਗਰ ਕੀਰਤਨ ਨਿਰਮਲ ਕੁਟੀਆ ਸੀਚੇਵਾਲ ਤੋਂ ਆਰੰਭ ਹੋ ਕੇ ਨਾਨਕ ਹੱਟ, ਚੱਕ ਚੇਲਾ, ਨਿਹਾਲੂਵਾਲ, ਮੁਰੀਦਵਾਲ, ਕਾਸੂਪੁਰ, ਰੂਪੇਵਾਲ, ਅੱਡਾ ਰੂਪੇਵਾਲ, ਮਹਿਮੂਵਾਲ ਤੇ ਮਾਲੂਪੁਰ ਆਦਿ ਪਿੰਡਾਂ ਤੋਂ ਹੁੰਦਾ ਹੋਇਆ ਮੁੜ ਨਿਰਮਲ ਕੁਟੀਆ ਸੀਚੇਵਾਲ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਉਨਾਂ ਅਪੀਲ ਕੀਤੀ ਕਿ ਨਗਰ ਕੀਰਤਨ ਦੌਰਾਨ ਵੱਧ ਤੋਂ ਵੱਧ ਹਾਜ਼ਰੀ ਭਰ ਕੇ ਸੰਗਤਾਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।