ਸੀਨੀਅਰ ਸਟਾਫ ਰਿਪੋਰਟਰ, ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਨਗਰ ਕੀਰਤਨ ਜੋ ਕਿ ਗੁਰਦੁਆਰਾ ਈਸ਼ਰਪੁਰੀ ਪਿੰਡ ਧੀਨਾ ਤੋਂ ਸੁਰੂ ਹੋ ਕੇ ਸ੍ਰੀ ਬੇਰ ਸਾਹਿਬ ਵਿਖੇ ਸਮਾਪਤ ਹੋਵੇਗਾ, ਵਿਚ ਡੀਸੀ ਵਰਿੰਦਰ ਕੁਮਾਰ ਸ਼ਰਮਾ ਤੇ ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਨੇ ਵੀ ਸ਼ਿਰਕਤ ਕੀਤੀ।

ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਦੋਆਬਾ ਖੇਤਰ ਦੇ ਪ੍ਰਮੁੱਖ ਸ਼ਹਿਰਾਂ 'ਚੋਂ ਲੰਘਦਿਆਂ ਹੋਇਆ ਪਵਿੱਤਰ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ। ਇਸ ਨਗਰ ਕੀਰਤਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੰੂ ਮਨਾਉਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ। ਨਗਰ ਕੀਰਤਨ ਵਿਚ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਤੋਂ ਇਲਾਵਾ ਉੱਘੇ ਧਾਰਮਿਕ ਆਗੂ ਸੰਤ ਬਾਬਾ ਮਾਨ ਸਿੰਘ ਪਹੋਵਾ ਵਾਲੇ ਵੀ ਹਾਜ਼ਰ ਸਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਇਕ ਇਤਿਹਾਸਕ ਮੌਕਾ ਹੈ ਕਿ ਅਸੀਂ ਸਾਰੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੰੂ ਮਨਾ ਰਹੇ ਹਨ ਜਿਨ੍ਹਾਂ ਨੇ ਸਮੁੱਚੀ ਮਨੁੱਖਤਾ ਨੰੂ ਪਿਆਰ, ਹਮਦਰਦੀ ਤੇ ਸਦਭਾਵਨਾ ਦਾ ਰਾਹ ਦਿਖਾਇਆ ਸੀ। ਅਸੀਂ ਸਾਰੇ ਬਹੁਤ ਖੁਸ਼ਕਿਸਮਤ ਹਾਂ ਕਿ ਸਾਨੂੰ ਆਪਣੇ ਜੀਵਨ ਕਾਲ ਦੌਰਾਨ ਇਨ੍ਹਾਂ ਸਮਾਗਮਾਂ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ। ਦੋਵਾਂ ਅਧਿਕਾਰੀਆਂ ਨੇ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਲਈ ਕਿਹਾ।

ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਰਾਜ ਸਰਕਾਰ ਨੇ ਪ੍ਰਕਾਸ਼ ਪੁਰਬ ਮਨਾਉਣ ਲਈ ਪਵਿੱਤਰ ਸ਼ਹਿਰ ਵਿਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪੁਰਬ ਨੰੂ ਸੁਚੱਜੇ ਢੰਗ ਨਾਲ ਨਪੇਰੇ ਚਾੜ੍ਹਨ ਲਈ ਵਚਨਬੱਧ ਹੈ।