ਪਾਣੀ ਵਾਲੀ ਟੈਂਕੀ ਦੀਆਂ ਬਿਜਲੀ ਦੀਆਂ ਤਾਰਾਂ ਚੋਰੀ
ਪਾਣੀ ਵਾਲੀ ਟੈਂਕੀ ਦੀਆਂ ਬਿਜਲੀ ਦੀਆਂ ਤਾਰਾਂ ਚੋਰੀ
Publish Date: Sun, 30 Aug 2026 06:25 PM (IST)
Updated Date: Sun, 30 Aug 2026 06:28 PM (IST)
ਟੈਂਕੀ ਬੰਦ ਹੋਣ ਕਾਰਨ ਪਿੰਡ ਵਾਸੀ ਪਾਣੀ ਲਈ ਹੋਏ ਪਰੇਸ਼ਾਨ ਪੁਲਿਸ ਚੌਕੀ ’ਚ ਨਫ਼ਰੀ ਵਧਾਉਣ ਦੀ ਮੰਗ ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਥਾਣਾ ਗੁਰਾਇਆ ਅਧੀਨ ਪੈਂਦੀ ਪੁਲਿਸ ਚੌਕੀ ਧਲੇਤਾ ਦੇ ਪਿੰਡ ਚੀਮਾ ਖੁਰਦ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਪਾਣੀ ਵਾਲੀ ਟੈਂਕੀ ਦੀਆਂ ਬਿਜਲੀ ਦੀਆਂ ਤਾਰਾਂ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪਿੰਡ ਦੇ ਲੰਬੜ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਸਵੇਰੇ ਪਾਣੀ ਵਾਲੀ ਟੈਂਕੀ ਚਲਾਉਣ ਲਈ ਆਪਰੇਟਰ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਚੋਰ ਬਿਜਲੀ ਦੀਆਂ ਤਾਰਾਂ ਕੱਟ ਕੇ ਲੈ ਗਏ ਸਨ। ਤਾਰਾਂ ਚੋਰੀ ਹੋਣ ਕਾਰਨ ਟੈਂਕੀ ਚਾਲੂ ਨਾ ਹੋ ਸਕੀ ਤੇ ਸਵੇਰ ਤੋਂ ਹੀ ਪਿੰਡ ’ਚ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੀ। ਇਸ ਕਾਰਨ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਲਈ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੁਰਜੀਤ ਸਿੰਘ ਨੇ ਦੱਸਿਆ ਕਿ ਚੋਰੀ ਹੋਈਆਂ ਬਿਜਲੀ ਦੀਆਂ ਤਾਰਾਂ ਦੀ ਕੀਮਤ ਕਰੀਬ 15 ਤੋਂ 20 ਹਜ਼ਾਰ ਰੁਪਏ ਬਣਦੀ ਹੈ। ਉਨ੍ਹਾਂ ਪ੍ਰਸ਼ਾਸਨ ਤੇ ਪੁਲਿਸ ਤੋਂ ਮੰਗ ਕੀਤੀ ਕਿ ਚੋਰਾਂ ਦੀ ਭਾਲ ਕਰ ਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਇਲਾਕਾ ਵਾਸੀਆਂ ਨੇ ਪੁਲਿਸ ਚੌਕੀ ਵਿੱਚ ਨਫ਼ਰੀ ਵਧਾਉਣ ਦੀ ਵੀ ਮੰਗ ਕੀਤੀ ਹੈ ਤਾਂ ਜੋ ਅਜਿਹੀਆਂ ਚੋਰੀ ਦੀਆਂ ਘਟਨਾਵਾਂ ’ਤੇ ਰੋਕ ਲੱਗ ਸਕੇ।