- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ‘ਜੰਗਲ ਰਾਜ’ ਦਾ ਨੰਗਾ ਨਾਚ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਨਿਡਰਤਾ ਨਾਲ ਆਵਾਜ਼ ਬੁਲੰਦ ਕਰਨ ਵਾਲੇ ਪ੍ਰਮੁੱਖ ਸਮਾਜ ਸੇਵੀ ਅਤੇ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੇ ਦਿਨ-ਦਿਹਾੜੇ ਹੋਏ ਸ਼ਰਮਨਾਕ ਕਤਲ ’ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਜਲੰਧਰ ਕੈਂਟ ਹਰਜਾਪ ਸਿੰਘ ਸੰਘਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕੜੇ ਹੱਥੀਂ ਲਿਆ ਹੈ। ਸੰਘਾ ਨੇ ਇਸ ਘਟਨਾ ਨੂੰ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ ਦੇ ਜਨਾਜ਼ੇ ਦੇ ਨਿਕਲਣ ਅਤੇ ਸੂਬੇ ਵਿੱਚ ‘ਜੰਗਲ ਰਾਜ’ ਦੇ ਪੂਰੀ ਤਰ੍ਹਾਂ ਹਾਵੀ ਹੋਣ ਦਾ ਸਬੂਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜਿਹੜਾ ਨੌਜਵਾਨ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਮੈਡੀਕਲ ਨਸ਼ਿਆਂ ਖ਼ਿਲਾਫ਼ ਆਪਣੀ ਜਾਨ ਤਲੀ ’ਤੇ ਰੱਖ ਕੇ ਲੜ ਰਿਹਾ ਸੀ, ਉਸ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਇਹ ਕਤਲ ਸਿਰਫ਼ ਪਰਵਿੰਦਰ ਸਿੰਘ ਦਾ ਨਹੀਂ, ਸਗੋਂ ਨਸ਼ਿਆਂ ਦੇ ਖ਼ਿਲਾਫ਼ ਉੱਠਣ ਵਾਲੀ ਹਰ ਸੱਚੀ ਆਵਾਜ਼ ਦਾ ਕਤਲ ਹੈ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੇ ਪਹਿਲਾਂ ਵੀ ਜਾਨ ਦੇ ਖ਼ਤਰੇ ਦਾ ਖ਼ਦਸ਼ਾ ਪ੍ਰਗਟਾਇਆ ਸੀ ਪਰ ‘ਆਪ’ ਸਰਕਾਰ ਦੀ ਲਾਪਰਵਾਹੀ ਅਤੇ ਪ੍ਰਸ਼ਾਸਨਿਕ ਨਾਕਾਮੀ ਕਾਰਨ ਅੱਜ ਇੱਕ ਬੇਸ਼ਕੀਮਤੀ ਜਾਨ ਚਲੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਸੰਘਾ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਨਸ਼ਾ ਤਸਕਰਾਂ ਖ਼ਿਲਾਫ਼ ਠੋਸ ਅਤੇ ਜ਼ਮੀਨੀ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਜਵਾਨੀ ਦੀ ਰਾਖੀ ਲਈ ਸੜਕਾਂ ’ਤੇ ਉਤਰ ਕੇ ਤਿੱਖਾ ਸੰਘਰਸ਼ ਵਿੱਢਣ ਤੋਂ ਪਿੱਛੇ ਨਹੀਂ ਹਟੇਗਾ।