- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਨੇ ਕਿਹਾ ਕਿ ਕਰੀਬ 44 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦਾ ਇਤਿਹਾਸਕ ਰਾਏਜ਼ਾਦਾ ਹੰਸ ਰਾਜ ਸਟੇਡੀਅਮ ਵਿੱਚ ਵਾਪਸ ਆਉਣਾ ਪੰਜਾਬ ਦੀ ਖੇਡ ਸੁਰਜੀਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੰਡਰ-13 ਵਰਗ ਦੀ ਇਹ ਚੈਂਪੀਅਨਸ਼ਿਪ ਸੂਬੇ ਵਿੱਚ ਬੈਡਮਿੰਟਨ ਨੂੰ ਨਵਾਂ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨ ਖਿਡਾਰੀਆਂ ਲਈ ਆਪਣੀ ਕਾਬਲੀਅਤ ਦਿਖਾਉਣ ਦਾ ਵੱਡਾ ਮੰਚ ਸਾਬਤ ਹੋਵੇਗੀ।

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਰਾਏਜ਼ਾਦਾ ਹੰਸ ਰਾਜ ਸਟੇਡੀਅਮ ਦਾ ਦੌਰਾ ਕਰਕੇ ਦਸੰਬਰ ਵਿੱਚ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਟੇਡੀਅਮ ਵਿੱਚ ਅਤਿ-ਆਧੁਨਿਕ ਇੰਡੋਰ ਬੈਡਮਿੰਟਨ ਹਾਲ ਦੀ ਉਸਾਰੀ ਲਈ 2.14 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਾ ਚੈੱਕ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਅਤੇ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦੇ ਸਕੱਤਰ ਰਿਤਿਨ ਖੰਨਾ ਨੂੰ ਸੌਂਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਕਰੀਬ 44 ਸਾਲਾਂ ਬਾਅਦ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦਾ ਇਤਿਹਾਸਕ ਰਾਏਜ਼ਾਦਾ ਹੰਸ ਰਾਜ ਸਟੇਡੀਅਮ ਵਿੱਚ ਵਾਪਸ ਆਉਣਾ ਪੰਜਾਬ ਦੀ ਖੇਡ ਸੁਰਜੀਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੰਡਰ-13 ਵਰਗ ਦੀ ਇਹ ਚੈਂਪੀਅਨਸ਼ਿਪ ਸੂਬੇ ਵਿੱਚ ਬੈਡਮਿੰਟਨ ਨੂੰ ਨਵਾਂ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨ ਖਿਡਾਰੀਆਂ ਲਈ ਆਪਣੀ ਕਾਬਲੀਅਤ ਦਿਖਾਉਣ ਦਾ ਵੱਡਾ ਮੰਚ ਸਾਬਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਵੱਲੋਂ ਇਸ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਟੈਂਡਰ ਪ੍ਰਕਿਰਿਆ ਜਲਦੀ ਸ਼ੁਰੂ ਹੋਵੇਗੀ ਅਤੇ ਅਗਸਤ ਮਹੀਨੇ ਤੋਂ ਨਿਰਮਾਣ ਕਾਰਜ ਸ਼ੁਰੂ ਹੋਣ ਦੀ ਉਮੀਦ ਹੈ। ਮੌਜੂਦਾ ਚਾਰ ਆਊਟਡੋਰ ਮਲਟੀਪਰਪਜ਼ ਕੋਰਟਾਂ ਨੂੰ ਅੰਤਰਰਾਸ਼ਟਰੀ ਮਿਆਰਾਂ ਵਾਲੀ ਇੰਡੋਰ ਬੈਡਮਿੰਟਨ ਸਹੂਲਤ ਵਿੱਚ ਤਬਦੀਲ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕੰਮ ਮੁਕੰਮਲ ਹੋਣ ਤੋਂ ਬਾਅਦ ਰਾਏਜ਼ਾਦਾ ਹੰਸ ਰਾਜ ਸਟੇਡੀਅਮ ਵਿੱਚ ਕੁੱਲ 10 ਇੰਡੋਰ ਬੈਡਮਿੰਟਨ ਕੋਰਟ ਹੋਣਗੇ, ਜਿਸ ਨਾਲ ਇਹ ਪੰਜਾਬ ਦਾ ਪਹਿਲਾ ਅਜਿਹਾ ਖੇਡ ਕੰਪਲੈਕਸ ਬਣੇਗਾ। ਇਸ ਨਾਲ ਉੱਤਰੀ ਭਾਰਤ ਦੇ ਪ੍ਰਮੁੱਖ ਬੈਡਮਿੰਟਨ ਕੇਂਦਰ ਵਜੋਂ ਜਲੰਧਰ ਦੀ ਪਛਾਣ ਹੋਰ ਮਜ਼ਬੂਤ ਹੋਵੇਗੀ ਅਤੇ ਭਵਿੱਖ ਵਿੱਚ ਕੌਮੀ ਤੇ ਕੌਮਾਂਤਰੀ ਟੂਰਨਾਮੈਂਟ ਕਰਵਾਉਣ ਦਾ ਰਾਹ ਵੀ ਖੁੱਲ੍ਹੇਗਾ।
ਮਾਨ ਨੇ ਕਿਹਾ ਕਿ ਕਰੀਬ ਛੇ ਦਹਾਕਿਆਂ ਵਿੱਚ ਪਹਿਲੀ ਵਾਰ ਕਿਸੇ ਮੌਜੂਦਾ ਮੁੱਖ ਮੰਤਰੀ ਨੇ ਇਸ ਇਤਿਹਾਸਕ ਸਟੇਡੀਅਮ ਦਾ ਦੌਰਾ ਕੀਤਾ ਹੈ। ਉਨ੍ਹਾਂ ਖਿਡਾਰੀਆਂ, ਕੋਚਾਂ ਅਤੇ ਖੇਡ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਚੈਂਪੀਅਨਸ਼ਿਪ ਦੇ ਸਫ਼ਲ ਆਯੋਜਨ ਲਈ ਪੰਜਾਬ ਸਰਕਾਰ ਹਰ ਸੰਭਵ ਸਹਿਯੋਗ ਦੇਵੇਗੀ ਅਤੇ ਸੂਬੇ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਨਿਵੇਸ਼ ਜਾਰੀ ਰਹੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਖੇਡਾਂ ਨਾਲ ਸਦੀਆਂ ਪੁਰਾਣੀ ਸਾਂਝ ਹੈ। ਸਿੱਖ ਗੁਰੂ ਸਾਹਿਬਾਨ ਨੇ ਵੀ ਸਰੀਰਕ ਤੰਦਰੁਸਤੀ ਅਤੇ ਖੇਡਾਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਖੇਡ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੰਜਾਬ ਦੇ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਵੱਖਰੀ ਪਛਾਣ ਬਣਾ ਰਹੇ ਹਨ। ਇਸੇ ਦਿਸ਼ਾ ਵਿੱਚ ਸਰਕਾਰ ਭਵਿੱਖ ਵਿੱਚ ਵੀ ਖਿਡਾਰੀਆਂ ਲਈ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਰਹੇਗੀ।