
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੁਰਿੰਦਰਾ ਹਸਪਤਾਲ ਦੇ ਡਾਕਟਰ ਗੁਰਪ੍ਰੀਤ ਸਿੰਘ ਚੰਦੀ ਨੇ ਦੱਸਿਆ ਕਿ ਪੁਲਿਸ ਕਾਰਵਾਈ ਦੌਰਾਨ ਅੱਥਰੂ ਗੈਸ ਅਤੇ ਰਸਾਇਣਕ ਪਾਣੀ ਦੀਆਂ ਬੁਛਾਰਾਂ ਕਾਰਨ ਭਾਈ ਪਾਲ ਸਿੰਘ ਦੇ ਫੇਫੜੇ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਅਤੇ ਸਰੀਰ ’ਤੇ ਜਲਨ ਦੀ ਸਮੱਸਿਆ ਆ ਰਹੀ ਹੈ।

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਕੀਤੇ ਗਏ ਰੋਸ ਮਾਰਚ ਦੌਰਾਨ ਪੁਲਿਸ ਕਾਰਵਾਈ ’ਚ ਜ਼ਖ਼ਮੀ ਹੋਏ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਦੀ ਸਿਹਤ ਵਿਗੜਨ ਮਗਰੋਂ ਉਨ੍ਹਾਂ ਨੂੰ ਸ਼ਾਹਕੋਟ ਦੇ ਸੁਰਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੋਰਚੇ ਨੇ ਪੁਲਿਸ ਕਾਰਵਾਈ ਦੇ ਵਿਰੋਧ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।
ਸੁਰਿੰਦਰਾ ਹਸਪਤਾਲ ਦੇ ਡਾਕਟਰ ਗੁਰਪ੍ਰੀਤ ਸਿੰਘ ਚੰਦੀ ਨੇ ਦੱਸਿਆ ਕਿ ਪੁਲਿਸ ਕਾਰਵਾਈ ਦੌਰਾਨ ਅੱਥਰੂ ਗੈਸ ਅਤੇ ਰਸਾਇਣਕ ਪਾਣੀ ਦੀਆਂ ਬੁਛਾਰਾਂ ਕਾਰਨ ਭਾਈ ਪਾਲ ਸਿੰਘ ਦੇ ਫੇਫੜੇ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਅਤੇ ਸਰੀਰ ’ਤੇ ਜਲਨ ਦੀ ਸਮੱਸਿਆ ਆ ਰਹੀ ਹੈ। ਡਾਕਟਰ ਅਨੁਸਾਰ ਇਲਾਜ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋਣ ਦੀ ਉਮੀਦ ਹੈ।
ਹਸਪਤਾਲ ਵਿੱਚ ‘ਪੰਜਾਬੀ ਜਾਗਰਣ’ ਨਾਲ ਗੱਲਬਾਤ ਕਰਦਿਆਂ ਭਾਈ ਪਾਲ ਸਿੰਘ ਨੇ ਦੋਸ਼ ਲਾਇਆ ਕਿ 15 ਅਗਸਤ ਨੂੰ ਕੱਢੇ ਜਾਣ ਵਾਲਾ ਮਾਰਚ ਪੂਰੀ ਤਰ੍ਹਾਂ ਸ਼ਾਂਤਮਈ ਸੀ, ਪਰ ਪੁਲਿਸ ਨੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕਰਨ ਦੇ ਨਾਲ ਅੱਥਰੂ ਗੈਸ ਦੇ ਗੋਲੇ ਅਤੇ ਰਸਾਇਣਕ ਪਾਣੀ ਦੀਆਂ ਬੁਛਾਰਾਂ ਛੱਡੀਆਂ। ਉਨ੍ਹਾਂ ਦਾਅਵਾ ਕੀਤਾ ਕਿ ਮੋਰਚੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਨੇੜੇ ਵੀ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ।
ਭਾਈ ਪਾਲ ਸਿੰਘ ਨੇ ਦਾਅਵਾ ਕੀਤਾ ਕਿ ਜਦੋਂ ਤੱਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਰਿਹਾਅ ਨਹੀਂ ਕੀਤੇ ਜਾਂਦੇ, ਕੌਮੀ ਇਨਸਾਫ਼ ਮੋਰਚਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੁਲਿਸ ਕਾਰਵਾਈ ਦੇ ਵਿਰੋਧ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਪੰਜਾਬ ਬੰਦ ਕੀਤਾ ਜਾਵੇਗਾ। ਉਨ੍ਹਾਂ ਦੁਕਾਨਦਾਰਾਂ, ਵਪਾਰੀਆਂ, ਕਿਸਾਨਾਂ, ਮਜ਼ਦੂਰਾਂ ਅਤੇ ਸਕੂਲ-ਕਾਲਜ ਪ੍ਰਬੰਧਕਾਂ ਨੂੰ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।