9 ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਕੌਮੀ ਲੋਕ ਅਦਾਲਤ 9 ਮਈ ਨੂੰ ਲਗਾਈ ਜਾਵੇਗੀ-ਜ਼ਿਲ੍ਹਾ ਅਤੇ ਸੈਸ਼ਨ ਜੱਜ
Publish Date: Tue, 05 May 2026 07:56 PM (IST)
Updated Date: Tue, 05 May 2026 07:59 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਮੁਤਾਬਕ ਪ੍ਰੀਆ ਸੂਦ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ’ਚ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਵੱਲੋਂ 9 ਮਈ ਨੂੰ ਕੌਮੀ ਲੋਕ ਅਦਾਲਤ ਜੁਡੀਸ਼ੀਅਲ ਅਦਾਲਤਾਂ ਜਲੰਧਰ, ਨਕੋਦਰ ਤੇ ਫਿਲੌਰ ਵਿਚ ਪੈਂਡਿੰਗ ਸਿਵਲ ਤੇ ਫ਼ੌਜਦਾਰੀ ਦੇ ਸਮਝੌਤਾ ਹੋ ਸਕਣ ਵਾਲੇ ਕੇਸਾਂ ਤੇ ਹੋਰ ਸੰਸਥਾਵਾਂ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਵਿੱਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫ਼ੈਸਲਾ ਰਾਜ਼ੀਨਾਮੇ ਰਾਹੀਂ ਕਰਵਾਉਣ ਲਈ ਕਰਵਾਇਆ ਜਾਵੇਗਾ। ਇਸ ਕੌਮੀ ਲੋਕ ਅਦਾਲਤ ਵਾਸਤੇ ਜਲੰਧਰ ਵਿਖੇ 21 ਬੈਂਚ ਤੇ ਫਿਲੌਰ ਤੇ ਨਕੋਦਰ ਵਿਖੇ 2-2 ਬੈਂਚ ਕੁੱਲ 25 ਬੈਂਚ ਬਣਾਏ ਗਏ ਹਨ। ਪ੍ਰੀਆ ਸੂਦ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਦੁਰਘਟਨਾ ਕਲੇਮ ਕੇਸ, ਚੈੱਕ ਬਾਉਸ ਦੇ ਮਾਮਲੇ ਤੇ ਫ਼ੌਜਦਾਰੀ ਦੇ ਰਾਜ਼ੀਨਾਮਾ ਹੋ ਸਕਣ ਵਾਲੇ ਉਹ ਕੇਸ ਸੁਣਵਾਈ ਲਈ ਰੱਖੇ ਜਾਣਗੇ। ਲੋਕ ਅਦਾਲਤ ਦਾ ਫ਼ੈਸਲਾ ਅੰਤਿਮ ਹੁੰਦਾ ਹੈ ਤੇ ਇਸ ਖ਼ਿਲਾਫ਼ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਜਾਣਕਾਰੀ ਦਿੰਦੇ ਹੋਏ ਰਾਹੁਲ ਕੁਮਾਰ ਆਜ਼ਾਦ, ਸੀਜੇਐੱਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ਵੱਲੋਂ ਬੈਂਕ ਅਧਿਕਾਰੀਆਂ, ਬੀਮਾ ਕੰਪਨੀਆਂ ਦੇ ਅਧਿਕਾਰੀਆਂ ਨਾਲ ਵਿਕਲਪੀ ਝਗੜਾ ਨਿਵਾਰਣ ਕੇਂਦਰ ਜ਼ਿਲ੍ਹਾ ਕਚਹਿਰੀਆਂ ਜਲੰਧਰ ਵਿਖੇ ਮੀਟਿੰਗਾਂ ਕੀਤੀਆਂ ਗਈਆਂ ਹਨ।