ਲੋਕ-ਮਾਰੂ ਨੀਤੀਆਂ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਲੋੜ : ਕਾਮਰੇਡ ਥੰਮੂਵਾਲ
ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਖ਼ਿਲਾਫ਼ ਤਿੱਖੇ ਸੰਘਰਸ਼ ਦੀ ਲੋੜ: ਕਾਮਰੇਡ ਥੰਮੂਵਾਲ
Publish Date: Mon, 18 May 2026 09:56 PM (IST)
Updated Date: Mon, 18 May 2026 09:57 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ’ਚ ਜਾਇਜ਼ ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀਆਂ ਅਤੇ ਹੋਰ ਮਜ਼ਦੂਰਾਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ ਤੇ ਧਰਨਾ ਸੋਮਵਾਰ 11ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਸਮੇਂ ਦੀ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਾ ਦਿੱਤੇ ਜਾਣ ਕਾਰਨ ਮਜ਼ਦੂਰ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਧਰਨੇ ਦੇ 11ਵੇਂ ਦਿਨ ਮਨਰੇਗਾ ਯੂਨੀਅਨ ਪੰਜਾਬ ਦੇ ਪ੍ਰਮੁੱਖ ਆਗੂ ਕਾਮਰੇਡ ਚਰਨਜੀਤ ਸਿੰਘ ਥੰਮੂਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਨੇ ਮਜ਼ਦੂਰਾਂ ਦੇ ਇਸ ਸੰਘਰਸ਼ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਾਮਰੇਡ ਚਰਨਜੀਤ ਸਿੰਘ ਥੰਮੂਵਾਲ ਨੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਸ਼ਾਹਕੋਟ ਤੱਕ ਹੀ ਸੀਮਤ ਨਹੀਂ ਹੈ, ਬਲਕਿ ਪੂਰੇ ਪੰਜਾਬ ਅੰਦਰ ਮਜ਼ਦੂਰ, ਕਿਸਾਨ ਅਤੇ ਮੁਲਾਜ਼ਮ ਆਪਣੀਆਂ ਮੰਗਾਂ ਲਈ ਸੜਕਾਂ ਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮੰਗਾਂ ਮੰਨਣ ਦੀ ਬਜਾਏ ਪੁਲਿਸ ਪ੍ਰਸ਼ਾਸਨ ਰਾਹੀਂ ਅੰਦੋਲਨਕਾਰੀਆਂ ਤੇ ਲਾਠੀਚਾਰਜ ਕਰਵਾ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਮਜ਼ਦੂਰਾਂ ਨਾਲ ਬਹੁਤ ਵੱਡੀ ਬੇਇਨਸਾਫ਼ੀ ਹੈ। ਥੰਮੂਵਾਲ ਨੇ ਕਿਹਾ ਕਿ ਦੇਸ਼ ਅੰਦਰ ਵਧ ਰਹੀ ਮਹਿੰਗਾਈ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਮਜ਼ਦੂਰਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਹੋ ਰਹੇ ਹਨ। ਰਸੋਈ ਗੈਸ ਸਿਲੰਡਰ ਸ਼ਰੇਆਮ ਬਲੈਕ ’ਚ ਵਿਕ ਰਹੇ ਹਨ। ਕਈ ਗ਼ਰੀਬ ਪਰਿਵਾਰਾਂ ਨੂੰ ਦੋ ਵਕਤ ਦੀ ਰੋਟੀ ਨਸੀਬ ਨਹੀਂ ਹੋ ਰਹੀ ਅਤੇ ਲੋਕ ਪੈਸੇ ਦੀ ਤੰਗੀ ਕਾਰਨ ਇਲਾਜ ਖ਼ੁਣੋਂ ਤੜਫ ਰਹੇ ਹਨ। ਉਨ੍ਹਾਂ ਸਮੂਹ ਕਿਰਤੀ ਵਰਗ ਨੂੰ ਸੱਦਾ ਦਿੱਤਾ ਕਿ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਉਣ ਵਾਲੇ ਸਮੇਂ ਵਿੱਚ ਇਕੱਠੇ ਹੋ ਕੇ ਇੱਕ ਤਿੱਖਾ ਅਤੇ ਵੱਡਾ ਸੰਘਰਸ਼ ਉਲੀਕਿਆ ਜਾਵੇ। ਇਸ ਮੌਕੇ ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਸੁਨੀਲ ਕੁਮਾਰ, ਵਾਈਸ ਪ੍ਰਧਾਨ ਬੰਟੀ ਹੰਸ, ਸਿੰਦਰ ਪਾਲ, ਬਿੰਦਰ, ਕਮਲਾ ਤੇ ਵੱਡੀ ਗਿਣਤੀ ਵਿੱਚ ਸਫਾਈ ਸੇਵਕ ਤੇ ਮਜ਼ਦੂਰ ਹਾਜ਼ਰ ਸਨ।