ਖੇਤੀ ਨੂੰ ਲਾਹੇਵੰਦ ਬਣਾਉਣ ਲਈ ਨਵੀਆਂ ਤਕਨੀਕਾਂ ਅਪਣਾਉਣ ਦੀ ਲੋੜ : ਭਗਤ
ਖੇਤੀ ਨੂੰ ਲਾਹੇਵੰਦ ਬਣਾਉਣ ਲਈ ਨਵੀਆਂ ਤਕਨੀਕਾਂ ਅਪਣਾਉਣ ਦੀ ਲੋੜ : ਮੋਹਿੰਦਰ ਭਗਤ
Publish Date: Sat, 17 Jan 2026 10:16 PM (IST)
Updated Date: Sat, 17 Jan 2026 10:18 PM (IST)

-ਕੈਬਨਿਟ ਮੰਤਰੀ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦਾ ਰੁਝਾਨ ਛੱਡਣ ਦਾ ਦਿੱਤਾ ਸੱਦਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਕਿਸਾਨਾਂ ਨੂੰ ਸੂਬੇ ਦੀ ਸਮਾਜਿਕ ਤੇ ਆਰਥਿਕ ਪ੍ਰਗਤੀ ਨੂੰ ਹੋਰ ਹੁਲਾਰਾ ਦੇਣ ਲਈ ਨਵੀਆਂ ਤਕਨੀਕਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ । ਕੈਬਨਿਟ ਮੰਤਰੀ ਸ਼ਨਿਚਰਵਾਰ ਨੂੰ ਨਵੀਂ ਦਾਣਾ ਮੰਡੀ ਵਿਖੇ ਪ੍ਰਦਰਸ਼ਨੀ ਦਾ ਦੌਰਾ ਕਰ ਰਹੇ ਸਨ, ਜਿਥੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਸਬੰਧੀ ਨਵੀਨਤਮ ਮਸ਼ੀਨਰੀ ਪ੍ਰਦਰਸ਼ਿਤ ਕੀਤੀ ਗਈ ਸੀ। ਮਹਿੰਦਰ ਭਗਤ ਨੇ ਖੇਤੀ ਦੀਆਂ ਨਵੀਨਤਮ ਤਕਨੀਕਾਂ ਰਾਹੀਂ ਖੇਤੀਬਾੜੀ ਨੂੰ ਲਾਭਦਾਇਕ ਕਿੱਤਾ ਬਣਾਉਣ ਦੀ ਮਹੱਤਤਾ ’ਤੇ ਚਾਨਣਾ ਪਾਇਆ। ਉਨ੍ਹਾਂ ਭਰੋਸਾ ਦੁਆਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਦੀ ਖੇਤੀ ਆਰਥਿਕਤਾ ਦੀ ਹਰ ਸੰਭਵ ਮਦਦ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਆਧੁਨਿਕ ਖੇਤੀ ਮਸ਼ੀਨਰੀ, ਉੱਤਮ ਬੀਜ, ਨਵੀਆਂ ਤਕਨੀਕਾਂ, ਮੌਸਮ ਦੀ ਜਾਣਕਾਰੀ ਅਤੇ ਕੀਟਨਾਸ਼ਕਾਂ ਦੀ ਵਰਤੋਂ ਵਿੱਚ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਫ਼ਸਲੀ ਵਿਭਿੰਨਤਾ ਨੂੰ ਵੀ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਵੀ ਪ੍ਰਦਰਸ਼ਨੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਸਟਾਲਾਂ ’ਤੇ ਜਾ ਕੇ ਜਿੱਥੇ ਪ੍ਰਦਰਸ਼ਿਤ ਕੀਤੇ ਗਏ ਉਤਪਾਦਾਂ ਦੀ ਜਾਣਕਾਰੀ ਹਾਸਲ ਕੀਤੀ, ਉਥੇ ਹੀ ਨਵੀਆ ਤਕਨੀਕਾਂ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਮਹਿੰਦਰਾ ਜੈੱਨਸੈੱਟ ਪਾਵਰੋਲ ਦੇ ਡੀਜ਼ਲ ਪਾਵਰ ਸਲਿਊਸ਼ਨਜ਼ ਵੱਲੋਂ ਲਾਏ ਗਏ ਸਟਾਲ ’ਤੇ ਉਨ੍ਹਾਂ ਨੇ ਪ੍ਰਦੂਸ਼ਣ ਰਹਿਤ ਜੈਨਰੇਟਰ ਬਾਰੇ ਜਾਣਕਾਰੀ ਲੈਣ ’ਚ ਕਾਫੀ ਰੁਚੀ ਦਿਖਾਈ। ਉਨ੍ਹਾਂ ਕਿਹਾ ਕਿ ਮਹਿੰਦਰਾ ਕੰਪਨੀ ਦਾ ਇਹ ਜੈਨਰੇਟਰ ਪ੍ਰਦੂਸ਼ਣ ਤੋਂ ਮੁਕਤੀ ਪਾਉਣ ਲਈ ਬਹੁਤ ਹੀ ਫਾਇਦੇਮੰਦ ਸਿੱਧ ਹੋਵੇਗਾ। ਇਸ ਮੌਕੇ ਡੀਜ਼ਲ ਪਾਵਰ ਸਲਿਊਸ਼ਨਜ਼ ਦੇ ਮਾਲਕ ਬਲਦੇਵ ਰਾਜ, ਮਹਿੰਦਰਾ ਪਾਵਰੋਲ ਦੇ ਏਰੀਆ ਮੈਨੇਜਰ ਅਜੇ ਟੰਡਨ, ਸੇਲਜ਼ ਐਗਜ਼ੀਕਿਊਟਿਵ ਵਿਸ਼ਾਲ ਤੇ ਰਣਜੀਤ ਕੌਰ ਵੀ ਮੌਜੂਦ ਸਨ।