ਵਿਨੋਦ ਕੁਮਾਰ, ਅੱਪਰਾ : ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 'ਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਡਾ. ਕਰਮਜੀਤ ਸਿੰਘ ਛੋਕਰਾ ਬੀਏਐੱਮਐੱਸ ਨੇ ਕਿਹਾ ਕਿ ਡੇਂਗੂ ਤੋਂ ਡਰਨ ਜਾਂ ਘਬਰਾਉਣ ਦੀ ਲੋੜ ਨਹੀਂ, ਸਗੋਂ ਇਸ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਡੇਂਗੂ ਏਡੀਜ਼ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਜੋ ਕਿ ਸਾਫ਼ ਖੜ੍ਹੇ ਪਾਣੀ 'ਚ ਪੈਦਾ ਹੁੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ। ਡੇਂਗੂ ਹੋਣ 'ਤੇ ਵਿਅਕਤੀ ਨੂੰ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਵਿਚ ਦਰਦ, ਚਮੜੀ 'ਤੇ ਦਾਣੇ ਆਦਿ ਨਿਕਲਣੇ ਸ਼ੁਰੂ ਹੋ ਜਾਂਦੇ ਹਨ। ਡੇਂਗੂ ਤੋਂ ਬਚਾਅ ਲਈ ਸਾਨੂੰ ਘਰਾਂ ਵਿਚ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ ਵਿਚ ਖੜ੍ਹੇ ਪਾਣੀ ਨੂੰ ਹਫਤੇ ਵਿਚ ਇਕ ਵਾਰ ਜ਼ਰੂਰ ਸਾਫ਼ ਕਰਨਾ ਚਾਹੀਦਾ ਹੈ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਦੀ ਵਰਤੋਂ ਕਰਨੀ ਚਾਹੀਦੀ ਹੈ, ਪਾਣੀ ਜਾਂ ਤਰਲ ਪਦਾਰਥ ਲੈਣੇ ਅਤੇ ਅਰਾਮ ਕਰਨਾ ਚਾਹੀਦਾ ਹੈ। ਬੁਖਾਰ ਹੋਣ ਤੇ ਡੇਂਗੂ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।