
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ ਖ਼ਾਲਸਾ ਏਡ ਇੰਟਰਨੈਸ਼ਨਲ ਵੱਲੋਂ ਰਾਹਤ ਕਾਰਜਾਂ ਲਈ ਆਪਣੀਆਂ ਟੀਮਾਂ ਨੇਪਾਲ ਪਹੁੰਚਾਈਆਂ ਗਈਆਂ ਹਨ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਦੇ ਮੱਦੇਨਜ਼ਰ ਖ਼ਾਲਸਾ ਏਡ ਇੰਟਰਨੈਸ਼ਨਲ ਵੱਲੋਂ ਰਾਹਤ ਕਾਰਜਾਂ ਲਈ ਆਪਣੀਆਂ ਟੀਮਾਂ ਨੇਪਾਲ ਪਹੁੰਚਾਈਆਂ ਗਈਆਂ ਹਨ। ਖ਼ਾਲਸਾ ਏਡ ਦੀਆਂ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਕੇ ਲੋੜਵੰਦ ਲੋਕਾਂ ਤੱਕ ਜ਼ਰੂਰੀ ਰਾਹਤ ਸਮੱਗਰੀ ਅਤੇ ਮਨੁੱਖੀ ਸਹਾਇਤਾ ਪਹੁੰਚਾਉਣ ਲਈ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ।
ਨੇਪਾਲ ਵਿੱਚ ਹੜ੍ਹਾਂ ਕਾਰਨ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਪਰਿਵਾਰਾਂ ਦੇ ਘਰਾਂ ਅਤੇ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸ ਔਖੀ ਘੜੀ ਵਿੱਚ ਖ਼ਾਲਸਾ ਏਡ ਦੀਆਂ ਟੀਮਾਂ ਪ੍ਰਭਾਵਿਤ ਲੋਕਾਂ ਦੀਆਂ ਲੋੜਾਂ ਨੂੰ ਸਮਝਦਿਆਂ ਜ਼ਮੀਨੀ ਪੱਧਰ ’ਤੇ ਰਾਹਤ ਕਾਰਜਾਂ ਨੂੰ ਅੱਗੇ ਵਧਾ ਰਹੀਆਂ ਹਨ। ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਨੇ ਕਿਹਾ ਕਿ ਖਾਲਸਾ ਏਡ ਦਾ ਸੇਵਾ ਕਾਰਜ ਕਿਸੇ ਇੱਕ ਇਲਾਕੇ ਜਾਂ ਦੇਸ਼ ਤੱਕ ਸੀਮਤ ਨਹੀਂ ਹੈ। ਜਿੱਥੇ ਵੀ ਲੋਕਾਂ ਨੂੰ ਕੁਦਰਤੀ ਤ੍ਰਾਸਦੀ ਜਾਂ ਕਿਸੇ ਹੋਰ ਮੁਸ਼ਕਲ ਕਾਰਨ ਸਹਾਇਤਾ ਦੀ ਲੋੜ ਪੈਂਦੀ ਹੈ, ਉੱਥੇ ਖਾਲਸਾ ਏਡ ਮਦਦ ਪਹੁੰਚਾਉਣ ਲਈ ਯਤਨਸ਼ੀਲ ਰਹਿੰਦੀ ਹੈ।
ਰਵੀ ਸਿੰਘ ਨੇ ਕਿਹਾ ਕਿ ਨੇਪਾਲ ਵਿੱਚ ਖ਼ਾਲਸਾ ਏਡ ਦੀਆਂ ਟੀਮਾਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਰਹੀਆਂ ਹਨ ਅਤੇ ਲੋਕਾਂ ਦੀਆਂ ਜ਼ਰੂਰਤਾਂ ਦੇ ਅਨੁਸਾਰ ਰਾਹਤ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਪ੍ਰਭਾਵਿਤ ਪਰਿਵਾਰਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੌਰਾਨ ਪ੍ਰਭਾਵਿਤ ਪਰਿਵਾਰਾਂ ਦੀਆਂ ਤੁਰੰਤ ਜ਼ਰੂਰਤਾਂ ਨੂੰ ਪਹਿਲ ਦਿੱਤੀ ਜਾਵੇਗੀ। ਖ਼ਾਲਸਾ ਏਡ ਦੀਆਂ ਟੀਮਾਂ ਵੱਲੋਂ ਜ਼ਮੀਨੀ ਸਥਿਤੀ ਦਾ ਲਗਾਤਾਰ ਜਾਇਜ਼ਾ ਲੈਂਦਿਆਂ ਲੋੜ ਅਨੁਸਾਰ ਰਾਹਤ ਕਾਰਜਾਂ ਦਾ ਘੇਰਾ ਵਧਾਇਆ ਜਾਵੇਗਾ, ਤਾਂ ਜੋ ਵੱਧ ਤੋਂ ਵੱਧ ਪ੍ਰਭਾਵਿਤ ਲੋਕਾਂ ਤੱਕ ਸਹਾਇਤਾ ਪਹੁੰਚ ਸਕੇ। ਖ਼ਾਲਸਾ ਏਡ ਇੰਡੀਆ ਦੇ ਟਰੱਸਟੀ ਜਸਪ੍ਰੀਤ ਸਿੰਘ ਦਾਹੀਆ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਖ਼ਾਲਸਾ ਏਡ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦੀ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਨੇਪਾਲ ਵਿੱਚ ਪ੍ਰਭਾਵਿਤ ਲੋਕਾਂ ਦੀ ਮੌਜੂਦਾ ਸਥਿਤੀ ਅਤੇ ਲੋੜਾਂ ਦਾ ਜਾਇਜ਼ਾ ਲੈ ਕੇ ਉਸੇ ਅਨੁਸਾਰ ਰਾਹਤ ਕਾਰਜਾਂ ਨੂੰ ਹੋਰ ਅੱਗੇ ਵਧਾਇਆ ਜਾਵੇਗਾ। ਜਸਪ੍ਰੀਤ ਸਿੰਘ ਦਾਹੀਆ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਖਾਲਸਾ ਏਡ ਦਾ ਮਿਸ਼ਨ ਹੈ ਅਤੇ ਇਹ ਸੇਵਾ ਸਰਹੱਦਾਂ ਤੋਂ ਪਰੇ ਵੀ ਨਿਰੰਤਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੁਸ਼ਕਲ ਦੀ ਹਰ ਘੜੀ ਵਿੱਚ ਲੋੜਵੰਦ ਲੋਕਾਂ ਤੱਕ ਪਹੁੰਚਣਾ ਅਤੇ ਉਨ੍ਹਾਂ ਦੀ ਸਮਰੱਥਾ ਅਨੁਸਾਰ ਮਦਦ ਕਰਨਾ ਖ਼ਾਲਸਾ ਏਡ ਦੀ ਮੁੱਢਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਏਡ ਦੀਆਂ ਟੀਮਾਂ ਨੇਪਾਲ ਵਿੱਚ ਸਥਾਨਕ ਪੱਧਰ ’ਤੇ ਸਬੰਧਤ ਲੋਕਾਂ ਅਤੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਨੂੰ ਅੱਗੇ ਵਧਾਉਣਗੀਆਂ। ਪ੍ਰਭਾਵਿਤ ਲੋਕਾਂ ਦੀਆਂ ਜ਼ਰੂਰਤਾਂ ਦੇ ਮੁਤਾਬਕ ਹਰ ਸੰਭਵ ਮਨੁੱਖੀ ਸਹਾਇਤਾ ਪਹੁੰਚਾਉਣ ਲਈ ਯਤਨ ਲਗਾਤਾਰ ਜਾਰੀ ਰਹਿਣਗੇ।