- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਟੀਓ ਤੇ ਸਬ ਰਜਿਸਟਰਾਰ ਦਫ਼ਤਰਾਂ ਨੂੰ ਮਿਲੇ ਨਵੇਂ ਅਧਿਕਾਰੀ

-ਤੂਸ਼ਿਤਾ ਗੁਲਾਟੀ ਤੇ ਮਨਪ੍ਰੀਤ ਸਿੰਘ ਨਾਮਧਾਰੀ ਨੇ ਸੰਭਾਲਿਆ ਚਾਰਜ
ਲਖਬੀਰ, ਪੰਜਾਬੀ ਜਾਗਰਣ, ਜਲੰਧਰ
ਜਲੰਧਰ ਦੇ ਆਰਟੀਓ ਤੇ ਸਬ ਰਜਿਸਟਰਾਰ ਦਫ਼ਤਰਾਂ ’ਚ ਪ੍ਰਸ਼ਾਸਨਿਕ ਤਬਦੀਲੀ ਤਹਿਤ ਨਵੇਂ ਅਧਿਕਾਰੀਆਂ ਨੇ ਜ਼ਿੰਮੇਵਾਰੀਆਂ ਸੰਭਾਲ ਲਈਆਂ ਹਨ। ਪੀਸੀਐੱਸ ਅਧਿਕਾਰੀ ਤੂਸ਼ਿਤਾ ਗੁਲਾਟੀ ਨੇ ਖੇਤਰੀ ਟਰਾਂਸਪੋਰਟ ਅਫ਼ਸਰ (ਆਰਟੀਓ) ਵਜੋਂ ਅਹੁਦਾ ਸੰਭਾਲਿਆ ਹੈ, ਜਦਕਿ ਮਨਪ੍ਰੀਤ ਸਿੰਘ ਨਾਮਧਾਰੀ ਨੇ ਜੁਆਇੰਟ ਸਬ ਰਜਿਸਟਰਾਰ ਵਜੋਂ ਕੰਮ ਸ਼ੁਰੂ ਕਰ ਦਿੱਤਾ ਹੈ। ਤੂਸ਼ਿਤਾ ਗੁਲਾਟੀ ਨੂੰ ਸਰਕਾਰ ਵੱਲੋਂ ਜਾਰੀ ਤਬਾਦਲਾ ਹੁਕਮਾਂ ਤਹਿਤ ਬਲਜਿੰਦਰ ਸਿੰਘ ਢਿੱਲੋਂ ਦੀ ਥਾਂ ਨਿਯੁਕਤ ਕੀਤਾ ਗਿਆ ਹੈ। ਉਹ ਪੀਸੀਐੱਸ 2022 ਬੈਚ ਦੀ ਅਧਿਕਾਰੀ ਹਨ ਤੇ ਇਸ ਤੋਂ ਪਹਿਲਾਂ ਲੁਧਿਆਣਾ ਵਿਖੇ ਮੁੱਖ ਮੰਤਰੀ ਖੇਤਰੀ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਵੀਰਵਾਰ ਨੂੰ ਚਾਰਜ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਸਟਾਫ ਨਾਲ ਗੱਲਬਾਤ ਕਰਕੇ ਵਿਭਾਗੀ ਕੰਮਕਾਜ ਦੀ ਜਾਣਕਾਰੀ ਲਈ ਤੇ ਬਿਨੈਕਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦੇਣ ਦੀਆਂ ਹਦਾਇਤਾਂ ਦਿੱਤੀਆਂ। ਖ਼ਾਸ ਗੱਲ ਇਹ ਰਹੀ ਕਿ ਅਹੁਦਾ ਸੰਭਾਲਣ ਦੇ ਪਹਿਲੇ ਹੀ ਦਿਨ ਸ਼ਾਮ ਕਰੀਬ 4 ਵਜੇ ਉਨ੍ਹਾਂ ਨੇ ਡਰਾਈਵਿੰਗ ਟੈਸਟ ਟਰੈਕ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਦੌਰਾਨ ਏਜੰਟਾਂ ਦੀ ਦਖ਼ਲਅੰਦਾਜ਼ੀ ਰੋਕਣ ਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ ਲਈ ਮੁਲਾਜ਼ਮਾਂ ਨੂੰ ਸਖ਼ਤ ਚਿਤਾਵਨੀ ਦਿੱਤੀ।
-----------------------------
ਮਨਪ੍ਰੀਤ ਸਿੰਘ ਨਾਮਧਾਰੀ ਨੇ ਵੀ ਸੰਭਾਲਿਆ ਅਹੁਦਾ
ਉੱਧਰ, ਮਨਪ੍ਰੀਤ ਸਿੰਘ ਨਾਮਧਾਰੀ ਨੇ ਜਲੰਧਰ ਸਬ ਰਜਿਸਟਰਾਰ ਦਫ਼ਤਰ ਵਿਖੇ ਜੁਆਇੰਟ ਸਬ ਰਜਿਸਟਰਾਰ ਵਜੋਂ ਚਾਰਜ ਲੈ ਲਿਆ ਹੈ। ਇਸ ਤੋਂ ਪਹਿਲਾਂ ਉਹ ਬਠਿੰਡਾ ਜ਼ਿਲ੍ਹੇ ਦੇ ਸੰਗਤ ਵਿਖੇ ਤਾਇਨਾਤ ਸਨ। ਤਬਾਦਲੇ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ’ਚ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਕਰਯੋਗ ਹੈ ਕਿ ਦੋਵੇਂ ਵਿਭਾਗਾਂ ’ਚ ਰੋਜ਼ਾਨਾ ਵੱਡੀ ਗਿਣਤੀ ’ਚ ਲੋਕ ਆਪਣੇ ਕੰਮਾਂ ਲਈ ਪੁੱਜਦੇ ਹਨ। ਆਰਟੀਓ ਦਫ਼ਤਰ ’ਚ ਡਰਾਈਵਿੰਗ ਲਾਇਸੈਂਸ ਤੇ ਵਾਹਨਾਂ ਨਾਲ ਸਬੰਧਤ ਕੰਮ ਹੁੰਦੇ ਹਨ, ਜਦਕਿ ਸਬ ਰਜਿਸਟਰਾਰ ਦਫ਼ਤਰ ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਲਈ ਲੋਕ ਆਉਂਦੇ ਹਨ। ਅਜਿਹੇ ’ਚ ਨਵੇਂ ਅਧਿਕਾਰੀਆਂ ਦੀ ਤਾਇਨਾਤੀ ਤੋਂ ਬਾਅਦ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਤੇ ਦਫ਼ਤਰੀ ਕੰਮਕਾਜ ’ਚ ਹੋਣ ਵਾਲੇ ਬਦਲਾਅ ’ਤੇ ਸਭ ਦੀਆਂ ਨਜ਼ਰਾਂ ਰਹਿਣਗੀਆਂ।