ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਨਵਾਂ ਸੈਸ਼ਨ ਸ਼ੁਰੂ
ਮਦਰਜ਼ ਪ੍ਰਾਈਡ ਸਕੂਲ ਵਿਖੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ
Publish Date: Sat, 28 Mar 2026 07:53 PM (IST)
Updated Date: Sat, 28 Mar 2026 07:53 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ’ਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਮਰਿਆਦਾ ਨਾਲ ਕੀਤੀ ਗਈ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸੈਸ਼ਨ ਦੀ ਸਫ਼ਲਤਾ ਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਸਕੂਲ ਕੈਂਪਸ ’ਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਸਮੂਹ ਸਟਾਫ, ਵਿਦਿਆਰਥੀਆਂ ਅਤੇ ਵੱਡੀ ਗਿਣਤੀ ’ਚ ਮਾਪਿਆਂ ਨੇ ਸ਼ਮੂਲੀਅਤ ਕੀਤੀ। ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਨਵੇਂ ਸੈਸ਼ਨ ਦੀ ਕਾਮਯਾਬੀ ਲਈ ਅਰਦਾਸ ਕੀਤੀ ਗਈ ਤਾਂ ਜੋ ਸਕੂਲ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹ ਸਕੇ। ਇਸ ਮੌਕੇ ਸਕੂਲ ਚੇਅਰਪਰਸਨ ਅਰੁਣ ਜੱਸਲ ਤੇ ਪ੍ਰਿੰਸੀਪਲ ਰਜਨੀ ਬਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਵਿੱਦਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਚੰਗੇ ਸੰਸਕਾਰ ਦੇ ਕੇ ਇੱਕ ਜ਼ਿੰਮੇਵਾਰ ਨਾਗਰਿਕ ਬਣਾਉਣਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ’ਚ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੀ ਸਮਾਪਤੀ ’ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਮੂਹ ਸਟਾਫ ਮੈਂਬਰ, ਵਿਦਿਆਰਥੀ ਤੇ ਮਾਪੇ ਹਾਜ਼ਰ ਸਨ।