- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਹੀਆਂ ’ਚ ‘ਆਪ’ ਦੇ ਸ਼ਾਹਕੋਟ ਹਲਕਾ ਇੰਚਾਰਜ ਪਾਲਾ ਜਲਾਲਪੁਰ ਦੀ ਮੀਡੀਆ ਨਾਲ ਪਹਿਲੀ ਮੀਟਿੰਗ

ਤਜਿੰਦਰਪਾਲ ਸਿੰਘ ਸੰਧਾ, ਪੰਜਾਬੀ ਜਾਗਰਣ, ਲੋਹੀਆਂ ਖਾਸ : ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਨਵੇਂ ਨਿਯੁਕਤ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਵੱਲੋਂ ਲੋਹੀਆਂ ਬਲਾਕ ਦੇ ਮੀਡੀਆ ਨਾਲ ਪਹਿਲੀ ਮੀਟਿੰਗ ਕੀਤੀ ਗਈ। ਗਿਆਨੀ ਸਵੀਟ ਸ਼ਾਪ, ਲੋਹੀਆਂ ਵਿਖੇ ਹੋਈ ਇਸ ਮੀਟਿੰਗ ਦੌਰਾਨ ਪਾਲਾ ਜਲਾਲਪੁਰ ਨੇ ਪੱਤਰਕਾਰਾਂ ਦਾ ਉਨ੍ਹਾਂ ਦੇ ਸੱਦੇ ’ਤੇ ਪਹੁੰਚਣ ਲਈ ਧੰਨਵਾਦ ਕਰਦਿਆਂ ਭਵਿੱਖ ’ਚ ਸਹਿਯੋਗ ਦੀ ਅਪੀਲ ਕੀਤੀ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਪਾਲਾ ਜਲਾਲਪੁਰ ਨੇ ਕਿਹਾ ਕਿ ਨਸ਼ਿਆਂ ਨੂੰ ਨੱਥ ਪਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਇਸ ਦੇ ਨਾਲ ਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਨਾਜਾਇਜ਼ ਮਾਈਨਿੰਗ ਸਬੰਧੀ ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਵੀ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਉੱਥੇ ਤੁਰੰਤ ਕਾਰਵਾਈ ਕਰਨ ਲਈ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਨਾਜਾਇਜ਼ ਮਾਈਨਿੰਗ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਲੋਹੀਆਂ ਬਲਾਕ ਦੀਆਂ ਖਸਤਾ ਹਾਲ ਸੜਕਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਸੇ ਅਕਤੂਬਰ ਮਹੀਨੇ ਦੌਰਾਨ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਤੇ ਵਿਕਾਸ ਕਾਰਜਾਂ ਨੂੰ ਗਤੀ ਦੇਣਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ’ਚ ਸ਼ਾਮਲ ਹੈ। ਇਸ ਮੌਕੇ ਉਨ੍ਹਾਂ ਦੇ ਵੱਡੇ ਭਰਾ ਰਣਜੀਤ ਸਿੰਘ ਜੀਤਾ, ਭੁਪਿੰਦਰ ਸਿੰਘ ਭਿੰਦਾ ਜਲਾਲਪੁਰ, ਗੁਰਿੰਦਰ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ ਕਰ੍ਹਾ, ਪੀਏ ਪਰਮਿੰਦਰ ਸਿੰਘ, ਸੁਰਜੀਤ ਸਿੰਘ ਦਿਸ਼ਾ, ਗੁਰਪ੍ਰੀਤ ਸਿੰਘ ਸਿੰਧੜ ਸਮੇਤ ਹੋਰ ਸਾਥੀ ਵੀ ਹਾਜ਼ਰ ਸਨ।