- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰ ਨਸ਼ਾ ਮਾਫੀਆ ਨੂੰ ਰੋਕਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਅਸਫਲ ਰਹੀ- ਅਭਿਸ਼ੇਕ ਬਖਸ਼ੀ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਨੇ ਪੰਜਾਬ ’ਚ ਕਾਨੂੰਨ-ਵਿਵਸਥਾ ਤੇ ਨਸ਼ਾ ਤਸਕਰਾਂ ਵਿਰੁੱਧ ਸਰਕਾਰ ਦੀ ਕਾਰਵਾਈ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਯੂਥ ਦੇ ਪੰਜਾਬ ਮੀਤ ਪ੍ਰਧਾਨ ਅਭਿਸ਼ੇਕ ਬਖਸ਼ੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਤੇ ਨਸ਼ਾ ਮਾਫੀਆ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ’ਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵਿਅਕਤੀ ਦਾ ਕਤਲ ਸਰਕਾਰ ਦੀ ਨਸ਼ਾ-ਵਿਰੋਧੀ ਮੁਹਿੰਮ ਦੀ ਅਸਲੀਅਤ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਰਵਿੰਦਰ ਝੋਟਾ ਦੇ ਕਤਲ ਦੇ ਮੁਲਜ਼ਮ ਅਸ਼ਵਨੀ ਕੁਮਾਰ ’ਤੇ ਪਹਿਲਾਂ ਵੀ ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਹੋਣ ਦੇ ਦੋਸ਼ ਲੱਗ ਚੁੱਕੇ ਸਨ ਤੇ ਉਹ ਕਥਿਤ ਤੌਰ ’ਤੇ ਅਜੇ ਵੀ ਇਸ ਕਾਰੋਬਾਰ ’ਚ ਸਰਗਰਮ ਸੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦਾ ਸਾਹਮਣਾ ਕਰਨ ਵਾਲੇ ਵਿਅਕਤੀਆਂ ਕੋਲ ਹਥਿਆਰਾਂ ਤੇ ਹਥਿਆਰਾਂ ਦੇ ਲਾਇਸੈਂਸਾਂ ਦੀ ਮੌਜੂਦਗੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪਰਵਿੰਦਰ ਝੋਟਾ ਕਤਲਕਾਂਡ ਦੀ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ।