ਪਰਮਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ‘ਆਪ’ ਵਿਧਾਇਕਾਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਧਰਨਾ ਅੱਜ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ 19 ਅਕਤੂਬਰ ਨੂੰ ‘ਆਪ’ ਵਿਧਾਇਕਾ ਦੇ ਘਰ ਅੱਗੇ ਦਿੱਤਾ ਜਾਵੇਗਾ ਧਰਨਾ
Publish Date: Sun, 18 Oct 2026 07:06 PM (IST)
Updated Date: Mon, 19 Oct 2026 04:06 AM (IST)
- ਨਸ਼ਾ ਤਸਕਰਾਂ, ਪੁਲਿਸ ਤੇ ਸਿਆਸਤਦਾਨਾਂ ਦੇ ਕਥਿਤ ਗੱਠਜੋੜ ਖ਼ਿਲਾਫ਼ ਕਾਰਵਾਈ ਲਈ ਜਥੇਬੰਦੀਆਂ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ ਸੁਰਿੰਦਰ ਛਾਬੜਾ, ਪੰਜਾਬੀ ਜਾਗਰਣ ਮਹਿਤਪੁਰ : ਸ਼ਹੀਦ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਤੇ ਪੰਜਾਬ ’ਚ ਨਸ਼ਿਆਂ ਦੇ ਵਧ ਰਹੇ ਕਾਰੋਬਾਰ ਵਿਰੁੱਧ ਸੰਘਰਸ਼ ਤੇਜ਼ ਕਰਨ ਲਈ ਮਾਨਸਾ ਵਿਖੇ ਗਠਿਤ ਇਨਸਾਫ਼ ਐਕਸ਼ਨ ਕਮੇਟੀ ਦੇ ਸੱਦੇ ’ਤੇ 19 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਤੇ ਦਫ਼ਤਰਾਂ ਅੱਗੇ ਧਰਨੇ ਦੇ ਕੇ ਲਾਹਨਤ ਪੱਤਰ ਸੌਂਪੇ ਜਾਣਗੇ। ਇਸੇ ਤਹਿਤ ਹਲਕਾ ਨਕੋਦਰ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਦੇ ਬੀਰ ਪਿੰਡ ਸਥਿਤ ਘਰ ਅੱਗੇ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਮਹਿਤਪੁਰ ਵਿਖੇ ਵੱਖ-ਵੱਖ ਕਿਸਾਨ, ਮਜ਼ਦੂਰ ਤੇ ਨੌਜਵਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ’ਚ 19 ਅਕਤੂਬਰ ਦੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਸ਼ਾਮਲ ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਮੀਟਿੰਗ ਦੀ ਕਾਰਵਾਈ ਸਾਂਝੀ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਦੋਸ਼ ਲਾਇਆ ਕਿ ਮਾਨਸਾ ’ਚ ਨਸ਼ਾ ਤਸਕਰਾਂ, ਪੁਲਿਸ ਤੇ ਹਾਕਮ ਧਿਰ ਦੇ ਸਿਆਸਤਦਾਨਾਂ ਦੇ ਕਥਿਤ ਗੱਠਜੋੜ ਕਾਰਨ ਪਰਮਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੰਜਾਬ ’ਚ ਨਸ਼ਾ ਤਸਕਰੀ ਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਜਥੇਬੰਦੀਆਂ ਦੇ ਆਗੂਆਂ ਨੇ ਕਤਲ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ, ਨਸ਼ਾ ਤਸਕਰਾਂ ਅਤੇ ਉਨ੍ਹਾਂ ਨੂੰ ਕਥਿਤ ਸਰਪ੍ਰਸਤੀ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੇ ਪੰਜਾਬ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਜਥੇਬੰਦੀਆਂ ਨੇ ਕਿਹਾ ਕਿ ਸਿਰਫ਼ ਪ੍ਰਸ਼ਾਸਨਿਕ ਮੀਟਿੰਗਾਂ ਕਰਨ ਨਾਲ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਹੋਵੇਗਾ, ਸਗੋਂ ਜ਼ਮੀਨੀ ਪੱਧਰ ’ਤੇ ਨਸ਼ਿਆਂ ਦੀ ਸਪਲਾਈ ਰੋਕਣ ਤੇ ਤਸਕਰੀ ’ਚ ਸ਼ਾਮਲ ਲੋਕਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਲਾਜ਼ਮੀ ਹੈ। ਉਨ੍ਹਾਂ ਸਮੂਹ ਇਨਸਾਫ਼ਪਸੰਦ ਲੋਕਾਂ ਨੂੰ 19 ਅਕਤੂਬਰ ਨੂੰ ਹੋਣ ਵਾਲੇ ਧਰਨੇ ’ਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਮੀਟਿੰਗ ’ਚ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਕਸ਼ਮੀਰ ਸਿੰਘ ਪੰਨੂ, ਬੀਕੇਯੂ ਕਾਦੀਆਂ ਦੇ ਨਰਿੰਦਰ ਸਿੰਘ ਤੇ ਬਾਬਾ ਪਰਵਿੰਦਰ ਸਿੰਘ, ਕੁਲਜੀਤ ਸਿੰਘ ਸਲੇਮਪੁਰ, ਆਲ ਇੰਡੀਆ ਕਿਸਾਨ ਸਭਾ ਦੇ ਸੰਦੀਪ ਅਰੋੜਾ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ ਮੰਡ, ਸਾਬਕਾ ਸਰਪੰਚ ਬਚਨ ਸਿੰਘ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸਿਕੰਦਰ ਸੰਧੂ, ਨੌਜਵਾਨ ਭਾਰਤ ਸਭਾ ਦੇ ਸੁਖਦੇਵ ਸਿੰਘ ਮਡਿਆਲਾ, ਬੀਕੇਯੂ ਡਕੌਂਦਾ ਦੇ ਕਰਮ ਸਿੰਘ ਗੋਬਿੰਦਪੁਰ, ਸਰਦੂਲ ਸਿੰਘ ਮਹਿਤਪੁਰ, ਸੁਖਜੀਤ ਸਿੰਘ, ਬਲਵੀਰ ਸਿੰਘ ਤੇ ਕੁਲਵੰਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।