ਜਲੰਧਰ ਦੇ ਭਾਜਪਾ ਕੌਂਸਲਰਾਂ ਦੇ ਵਾਰਡਾਂ ’ਚ ਸਟਰੀਟ ਲਾਈਟਾਂ ਲਈ ਅਸ਼ੋਕ ਮਿੱਤਲ ਵੱਲੋਂ 37.50 ਲੱਖ ਰੁਪਏ ਦੇਣ ਦਾ ਐਲਾਨ ਜਲੰਧਰ ਦੇ ਭਾਜਪਾ ਕੌਂਸਲਰਾਂ ਦੇ ਵਾਰਡਾਂ ’ਚ ਸਟਰੀਟ ਲਾਈਟਾਂ ਲਈ ਅਸ਼ੋਕ ਮਿੱਤਲ ਵੱਲੋਂ 37.50 ਲੱਖ ਰੁਪਏ ਦੇਣ ਦਾ ਐਲਾਨ
Publish Date: Sun, 18 Oct 2026 08:18 PM (IST)
Updated Date: Mon, 19 Oct 2026 04:07 AM (IST)
- ਭਾਜਪਾ ਦੀ ਡਬਲ ਇੰਜਣ ਸਰਕਾਰ ਨਾਲ ਪੰਜਾਬ ’ਚ ਦੁੱਗਣੀ ਰਫ਼ਤਾਰ ਨਾਲ ਹੋਵੇਗਾ ਵਿਕਾਸ : ਅਸ਼ੋਕ ਮਿੱਤਲ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਜਲੰਧਰ ਨਗਰ ਨਿਗਮ ਅਧੀਨ ਭਾਜਪਾ ਦੇ ਚੁਣੇ ਹੋਏ ਕੌਂਸਲਰਾਂ ਦੇ ਵਾਰਡਾਂ ’ਚ ਸਟਰੀਟ ਲਾਈਟਾਂ ਲਗਵਾਉਣ ਲਈ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ 37.50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਰਾਸ਼ੀ ਨਾਲ ਵਾਰਡਾਂ ਵਿੱਚ ਲੋੜ ਅਨੁਸਾਰ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਲੋਕਾਂ ਨੂੰ ਰਾਤ ਸਮੇਂ ਰੌਸ਼ਨੀ ਦੀ ਬਿਹਤਰ ਸਹੂਲਤ ਮਿਲਣ ਦੇ ਨਾਲ-ਨਾਲ ਸੁਰੱਖਿਆ ਵਿੱਚ ਵੀ ਸੁਧਾਰ ਹੋਵੇਗਾ। ਇਸ ਸਬੰਧੀ ਜਲੰਧਰ ਭਾਜਪਾ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਭਾਜਪਾ ਕੌਂਸਲਰ ਦਲ ਨੇ ਕੌਂਸਲਰ ਦਲ ਦੇ ਆਗੂ ਮਨਜੀਤ ਸਿੰਘ ਟੀਟੂ ਸਮੇਤ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨਾਲ ਮੁਲਾਕਾਤ ਕੀਤੀ ਅਤੇ ਸ਼ਹਿਰ ਦੇ ਵਿਕਾਸ ਲਈ ਰਾਸ਼ੀ ਦੇਣ ਦੇ ਐਲਾਨ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਸ਼ੋਕ ਮਿੱਤਲ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਸ਼ਹਿਰਾਂ ਦਾ ਵਿਕਾਸ ਕਰਨਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਅਤੇ ਸੂਬੇ ਵਿੱਚ ਡਬਲ ਇੰਜਣ ਸਰਕਾਰ ਰਾਹੀਂ ਵਿਕਾਸ ਕਾਰਜਾਂ ਨੂੰ ਦੁੱਗਣੀ ਰਫ਼ਤਾਰ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਨਸ਼ਾ ਤਸਕਰੀ, ਗੁੰਡਾਗਰਦੀ ਅਤੇ ਅਪਰਾਧਾਂ ’ਤੇ ਕਾਬੂ ਪਾਉਣ ਲਈ ਸਖ਼ਤ ਕਾਰਵਾਈ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਜਲੰਧਰ ਭਾਜਪਾ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਭਾਜਪਾ ਦੇ ਕੌਂਸਲਰ ਆਪਣੇ-ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਉਠਾ ਰਹੇ ਹਨ। ਸਟਰੀਟ ਲਾਈਟਾਂ ਲਈ ਮਿਲਣ ਵਾਲੀ ਰਾਸ਼ੀ ਨਾਲ ਲੋਕਾਂ ਨੂੰ ਲਾਭ ਮਿਲੇਗਾ ਅਤੇ ਸ਼ਹਿਰ ਨੂੰ ਹੋਰ ਸੁਰੱਖਿਅਤ ਬਣਾਉਣ ਵਿੱਚ ਮਦਦ ਮਿਲੇਗੀ। ਕੌਂਸਲਰ ਦਲ ਦੇ ਆਗੂ ਮਨਜੀਤ ਸਿੰਘ ਟੀਟੂ ਨੇ ਵੀ ਇਸ ਪਹਿਲਕਦਮੀ ਲਈ ਅਸ਼ੋਕ ਮਿੱਤਲ ਦਾ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਰਾਜੀਵ ਢੀਂਗਰਾ, ਤਰਵਿੰਦਰ ਸੋਈ, ਅਜੈ ਬਬਲ, ਰਵੀ ਕੁਮਾਰ, ਕੰਵਰ ਸਰਤਾਜ, ਗੁਰਪ੍ਰੀਤ ਫੌਜੀ, ਅਮਿਤ ਸੰਧਾ ਅਤੇ ਅਸ਼ਵਨੀ ਢੱਡ ਸਮੇਤ ਹੋਰ ਭਾਜਪਾ ਆਗੂ ਤੇ ਨੁਮਾਇੰਦੇ ਹਾਜ਼ਰ ਸਨ।