- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਲਜ਼ਾਰ ਤੇ ਬਿਕਰਮਜੀਤ ਮਾਮਲੇ ਦੀ ਵੀ ਸਰਕਾਰ ਕਰਵਾਏ ਸੀਬੀਆਈ ਜਾਂਚ: ਭਾਜਪਾ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਇੱਕ ਦਿਨ ਬਾਅਦ ਜਲੰਧਰ ’ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਬੁੱਧਵਾਰ ਨੂੰ ਸੂਬਾ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨਸ਼ਾ ਖ਼ਤਮ ਕਰਨ ਲਈ ਤਿੰਨ ਮਹੀਨਿਆਂ ਦੀ ਸਮਾਂ-ਸੀਮਾ ਦੇ ਕੇ ਛੇ ਵਾਰ ਸਮਾਂ-ਸੀਮਾ ਬਦਲ ਚੁੱਕੀ ਹੈ। ਇਸ ਲਈ ਹੁਣ ਲੋਕਾਂ ਨੂੰ ਇਸ ਸਰਕਾਰ ਤੋਂ ਕੋਈ ਉਮੀਦ ਨਹੀਂ ਰਹੀ। ਲੋਕ ਹੁਣ ਕੇਂਦਰ ਸਰਕਾਰ ਤੇ ਭਾਜਪਾ ਵੱਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਸੀਬੀਆਈ ਜਾਂਚ ਸ਼ੁਰੂ ਕਰਵਾਉਣ ’ਚ ਭਾਜਪਾ ਨੇ ਅਹਿਮ ਭੂਮਿਕਾ ਨਿਭਾਈ ਹੈ। ਜਾਂਚ ਸ਼ੁਰੂ ਹੋ ਚੁੱਕੀ ਹੈ ਤੇ ਹੁਣ ਦੋਸ਼ੀ ਬਚ ਨਹੀਂ ਸਕਣਗੇ। ਉਨ੍ਹਾਂ ਮੰਗ ਕੀਤੀ ਕਿ ਸੰਗਰੂਰ ’ਚ ਗੁਲਜ਼ਾਰ ਸਿੰਘ ਤੇ ਬਟਾਲਾ ’ਚ ਬਿਕਰਮਜੀਤ ਸਿੰਘ ਨਾਲ ਸਬੰਧਿਤ ਮਾਮਲੇ ਵੀ ਸੀਬੀਆਈ ਨੂੰ ਸੌਂਪੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਪੰਜਾਬ ਭਾਜਪਾ ਅਦਾਲਤ ਦਾ ਦਰਵਾਜ਼ਾ ਖੜਕਾਏਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਮੁੱਦਾ ਪਹਿਲਾਂ ਸਿਰਫ਼ ਬਿਆਨਾਂ ਤੇ ਅਦਾਲਤਾਂ ਤੱਕ ਸੀਮਤ ਸੀ, ਪਰ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਮਾਨਸਾ, ਸੰਗਰੂਰ ਤੇ ਗੁਰਦਾਸਪੁਰ ’ਚ ਪੀੜਤ ਪਰਿਵਾਰਾਂ ਦਾ ਦੁੱਖ ਸਾਂਝਾ ਕਰ ਕੇ ਇਸ ਮੁੱਦੇ ਨਾਲ ਭਾਵਨਾਤਮਕ ਸਾਂਝ ਜੋੜੀ ਹੈ। ਉਨ੍ਹਾਂ ਕਿਹਾ ਕਿ ਸਾਡੇ ਲਈ ਇਹ ਕੋਈ ਸਿਆਸੀ ਮੁੱਦਾ ਨਹੀਂ, ਸਗੋਂ ਪੰਜਾਬ ਦੇ ਭਵਿੱਖ ਨੂੰ ਬਚਾਉਣ ਦਾ ਮੁੱਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ’ਤੇ ਲੈਂਦਿਆਂ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਅਪਸ਼ਬਦ ਬੋਲਣ ਤੇ ਇਕ ਦਿਨ ’ਚ ਪੰਜ ਪ੍ਰੈੱਸ ਕਾਨਫਰੰਸਾਂ ਕਰਨ ਨਾਲ ਝੂਠ ਸੱਚ ਨਹੀਂ ਬਣ ਜਾਂਦਾ। ਲੋਕ ਹੁਣ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰ ਰਹੇ ਹਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਸ ਸਰਕਾਰ ਕੋਲ ਸੱਤਾ ’ਚ ਬਣੇ ਰਹਿਣ ਦਾ ਨੈਤਿਕ ਅਧਿਕਾਰ ਨਹੀਂ ਰਿਹਾ।