- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਫਿਲੌਰ ਵਿੱਚ ਪਹਿਲੀ ਵਾਰ ਨੈਤਿਕ ਸਿੱਖਿਆ ਦਾ ਇਮਤਿਹਾਨ ਕਰਵਾਇਆ

ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ, ਫਿਲੌਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਫਿਲੌਰ ਵਿਖੇ 22 ਅਕਤੂਬਰ ਨੂੰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ ਗਈ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਾਈਸ ਚਾਂਸਲਰ ਕਰਮਜੀਤ ਸਿੰਘ ਦੇ ਹੁਕਮਾਂ ਅਨੁਸਾਰ ਕਾਲਜ ਦੇ ਓਐੱਸਡੀ ਡਾ. ਰਾਜਵਿੰਦਰ ਕੌਰ ਹੁੰਦਲ ਦੀ ਅਗਵਾਈ ਤੇ ਕੋਆਰਡੀਨੇਟਰ ਡਾ. ਪਰਮਜੀਤ ਕੌਰ ਦੇ ਸਹਿਯੋਗ ਨਾਲ ਕਾਲਜ ’ਚ ਪਹਿਲੀ ਵਾਰ ਇਹ ਇਮਤਿਹਾਨ ਕਰਵਾਇਆ ਗਿਆ। ਇਸ ਦੌਰਾਨ ਕੁੱਲ 118 ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ, ਜਿਨ੍ਹਾਂ ’ਚੋਂ 99 ਵਿਦਿਆਰਥੀਆਂ ਨੇ ਇਮਤਿਹਾਨ ’ਚ ਭਾਗ ਲਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ, ਚੰਗੇ ਆਚਰਨ, ਸਮਾਜਿਕ ਜ਼ਿੰਮੇਵਾਰੀਆਂ ਤੇ ਜੀਵਨ ’ਚ ਸਹੀ ਸੇਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨਾ ਸੀ। ਇਮਤਿਹਾਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਾਲਜ ਦੇ ਸਮੂਹ ਸਟਾਫ ਨੇ ਆਪਣੀਆਂ ਡਿਊਟੀਆਂ ਨਿਭਾਈਆਂ। ਇਸ ਮੌਕੇ ਨੈਤਿਕ ਸਿੱਖਿਆ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਡਿਗਰੀਆਂ ਹਾਸਲ ਕਰਨਾ ਜਾਂ ਰੁਜ਼ਗਾਰ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਵਿਦਿਆਰਥੀਆਂ ਨੂੰ ਚੰਗੇ ਇਨਸਾਨ ਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਓਐੱਸਡੀ ਡਾ. ਰਾਜਵਿੰਦਰ ਕੌਰ ਹੁੰਦਲ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਦੇ ਖੇਤਰ ’ਚ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਇਹ ਵਿਦਿਆਰਥੀਆਂ ਨੂੰ ਨੈਤਿਕ ਸਿਧਾਂਤਾਂ ਦਾ ਗਿਆਨ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ’ਚ ਅਪਣਾਉਣ ਲਈ ਵੀ ਪ੍ਰੇਰਿਤ ਕਰਦੀਆਂ ਹਨ।