- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਪਰਾਲੀ ਸਾੜਨ ਵਾਲੇ ਮਾਮਲਿਆਂ ’ਚ ਝੂਠੇ ਪਰਚੇ ਰੱਦ ਕੀਤੇ ਜਾਣ : ਰਣਜੀਤ ਸਿੰਘ ਅਲੀਵਾਲ

ਤਜਿੰਦਰਪਾਲ ਸਿੰਘ ਸੰਧਾ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਜ਼ਿਲ੍ਹਾ ਜਲੰਧਰ ਦੇ ਸੂਬਾ ਆਗੂ ਰਣਜੀਤ ਸਿੰਘ ਅਲੀਵਾਲ ਵੱਲੋਂ ਆਪਣੇ ਗ੍ਰਹਿ ਵਿਖੇ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਕਿਸਾਨਾਂ ਉਪਰ ਪਰਾਲੀ ਸਾੜਨ ’ਤੇ ਪੁਲਿਸ ਵੱਲੋਂ ਕੀਤੇ ਗਏ ਕੇਸਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਉਠਾਈ ਗਈ। ਸੂਬਾ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਨੇ ਕਿਹਾ ਕਿ ਜੇਕਰ ਖੇਤਾਂ ’ਚੋਂ ਪਰਾਲੀ ਇਕੱਠੀ ਕਰਕੇ ਫੈਕਟਰੀਆਂ ’ਚ ਭੇਜੀ ਜਾਂਦੀ ਹੈ, ਤਾਂ ਉੱਥੇ ਵੀ ਇਸ ਦੀ ਵਰਤੋਂ ਦੌਰਾਨ ਪ੍ਰਦੂਸ਼ਣ ਹੁੰਦਾ ਹੈ ਫਿਰ ਕਿਸਾਨਾਂ ਦੇ ਸਿਰ ਹੀ ਪਰਾਲੀ ਤੋਂ ਹੋਣ ਵਾਲਾ ਪ੍ਰਦੂਸ਼ਣ ਦਾ ਮੁੱਦਾ ਮੜ੍ਹਿਆ ਜਾਂਦਾ ਹੈ, ਸਿਰਫ਼ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸਾਂ ਨੂੰ ਤੁਰੰਤ ਖ਼ਤਮ ਕੀਤਾ ਜਾਵੇ। ਕਿਸਾਨ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗ ਨੂੰ ਨਾ ਮੰਨਦੇ ਹੋਏ ਕਰਕੇ ਪਰਚੇ ਰੱਦ ਨਾ ਕੀਤੇ ਗਏ, ਤਾਂ ਜਥੇਬੰਦੀ ਵੱਲੋਂ ਅਗਲੇ ਸੰਘਰਸ਼ ਦੀ ਰਣਨੀਤੀ ਤਿਆਰ ਕਰ ਕੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਪੈਦਾ ਹੋਣ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੀਟਿੰਗ ’ਚ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਤੋਂ ਇਲਾਵਾ ਸਾਬਕਾ ਸਰਪੰਚ ਕੁਲਵੰਤ ਸਿੰਘ, ਇਕਾਈ ਪ੍ਰਧਾਨ ਮਰਾਜ ਵਾਲਾ ਸਰਬਜੀਤ ਸਿੰਘ, ਸਾਬਕਾ ਪੰਚ ਦਲੀਪ ਸਿੰਘ, ਦੇਸਰਾਜ, ਹਰਬੰਸ ਸਿੰਘ, ਨਿਰਵੈਲ ਸਿੰਘ, ਬਾਪੂ ਦਲਵੀਰ ਸਿੰਘ ਤੇ ਸੁਖਦੇਵ ਸਿੰਘ ਹਾਜ਼ਰ ਸਨ।