‘ਲੋਕ ਮਿਲਣੀ’ ਦੇ ਪ੍ਰਬੰਧਾਂ ਨੂੰ ਲੈ ਕੇ ਵਿਧਾਇਕਾ ਮਾਨ ਵੱਲੋਂ ਮੀਟਿੰਗ ਮੁੱਖ ਮੰਤਰੀ ਦੀ ‘ਲੋਕ ਮਿਲਣੀ’ ਦੇ ਪ੍ਰਬੰਧਾਂ ਨੂੰ ਲੈ ਕੇ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Publish Date: Mon, 26 Oct 2026 08:53 PM (IST)
Updated Date: Tue, 27 Oct 2026 04:04 AM (IST)
28 ਅਕਤੂਬਰ ਨੂੰ ਪਿੰਡ ਸਰੀਂਹ ਵਿਖੇ ਹੋਵੇਗੀ ਲੋਕ ਮਿਲਣੀ ਸੁਰੱਖਿਆ, ਟ੍ਰੈਫਿਕ ਤੇ ਪਾਰਕਿੰਗ ਪ੍ਰਬੰਧਾਂ ਦਾ ਲਿਆ ਜਾਇਜ਼ਾ ਧੀਰਜ ਮਰਵਾਹਾ, ਪੰਜਾਬੀ ਜਾਗਰਣ, ਨਕੋਦਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 28 ਅਕਤੂਬਰ ਨੂੰ ਵਿਧਾਨ ਸਭਾ ਹਲਕਾ ਨਕੋਦਰ ਦੇ ਪਿੰਡ ਸਰੀਂਹ ਵਿਖੇ ਕੀਤੀ ਜਾਣ ਵਾਲੀ ‘ਲੋਕ ਮਿਲਣੀ’ ਦੇ ਪ੍ਰਬੰਧਾਂ ਨੂੰ ਲੈ ਕੇ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਉਪਰੰਤ ਵਿਧਾਇਕਾ ਇੰਦਰਜੀਤ ਕੌਰ ਮਾਨ ਨੇ ਐੱਸਡੀਐੱਮ ਸਿਮਰਨਜੀਤ ਸਿੰਘ, ਡੀਐੱਸਪੀ ਓਂਕਾਰ ਸਿੰਘ ਬਰਾੜ, ਥਾਣਾ ਸਦਰ ਦੇ ਮੁਖੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਰਸ਼ਨ ਸਿੰਘ ਟਾਹਲੀ ਸਮੇਤ ਹੋਰ ਅਧਿਕਾਰੀਆਂ ਨਾਲ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮੌਕੇ ਮੁੱਖ ਤੌਰ ’ਤੇ ਸੁਰੱਖਿਆ ਪ੍ਰਬੰਧਾਂ, ਆਵਾਜਾਈ ਨੂੰ ਸੁਚਾਰੂ ਰੱਖਣ, ਲੋਕਾਂ ਦੇ ਬੈਠਣ ਤੇ ਵਾਹਨਾਂ ਦੀ ਪਾਰਕਿੰਗ ਸਬੰਧੀ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਵਿਧਾਇਕਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕ ਮਿਲਣੀ ’ਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਸੁਰੱਖਿਆ ਤੇ ਆਵਾਜਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ ਤੇ ਲੋਕਾਂ ਦੀ ਸਹੂਲਤ ਲਈ ਲੋੜੀਂਦੇ ਇੰਤਜ਼ਾਮ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ। ਉਨ੍ਹਾਂ ਹਲਕਾ ਨਕੋਦਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 28 ਅਕਤੂਬਰ ਨੂੰ ਬਾਅਦ ਦੁਪਹਿਰ 3 ਵਜੇ ਪਿੰਡ ਸਰੀਂਹ ਵਿਖੇ ਪਹੁੰਚ ਕੇ ਮੁੱਖ ਮੰਤਰੀ ਦੀ ਲੋਕ ਮਿਲਣੀ ’ਚ ਸ਼ਮੂਲੀਅਤ ਕਰਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨਾਂ, ਵਲੰਟੀਅਰਾਂ ਤੇ ਪਾਰਟੀ ਦੇ ਹੋਰ ਪ੍ਰਮੁੱਖ ਆਗੂਆਂ ਸਮੇਤ ਸਬੰਧਤ ਅਧਿਕਾਰੀ ਵੀ ਮੌਜੂਦ ਸਨ।