ਮੋਹਾਲੀ ਸਟੇਡੀਅਮ ਤਿਆਰ: ਸੈਮੀਫਾਈਨਲ ਤੇ ਫਾਈਨਲ ਲਈ ਪ੍ਰਬੰਧ ਮੁਕੰਮਲ : ਕੋਹਲੀ ਮੋਹਾਲੀ ਸਟੇਡੀਅਮ ਤਿਆਰ: “ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਸੈਮੀਫਾਈਨਲ ਅਤੇ ਫਾਈਨਲ ਦੀ ਮੇਜ਼ਬਾਨੀ ਲਈ ਸਾਰੇ ਪ੍ਰਬੰਧ ਮੁਕੰਮਲ ਹਨ”: ਨਿਤਿਨ ਕੋਹਲੀ
Publish Date: Sat, 31 Oct 2026 07:11 PM (IST)
Updated Date: Sun, 01 Nov 2026 04:03 AM (IST)
ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ’ਚ ਅੰਤਰਰਾਸ਼ਟਰੀ ਹਾਕੀ ਦੀ ਵਾਪਸੀ ਦੇ ਸੁਪਨੇ ਨੂੰ ਮਿਲਿਆ ਵੱਡਾ ਹੁਲਾਰਾ ਮੋਹਾਲੀ ਟੂਰਨਾਮੈਂਟ ਦੇ ਆਖਰੀ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਤਿਆਰ ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਜਲੰਧਰ ਹਾਕੀ ਪੰਜਾਬ ਦੇ ਪ੍ਰਧਾਨ ਤੇ ਹਾਕੀ ਇੰਡੀਆ ਦੇ ਉਪ ਪ੍ਰਧਾਨ ਨਿਤਿਨ ਕੋਹਲੀ ਨੇ ਮੋਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ਦਾ ਦੌਰਾ ਕੀਤਾ, ਜਿੱਥੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਦੇ ਆਗਾਮੀ ਸੈਮੀਫਾਈਨਲ ਤੇ ਫਾਈਨਲ ਮੁਕਾਬਲਿਆਂ ਦੀਆਂ ਤਿਆਰੀਆਂ ਸਬੰਧੀ ਇੱਕ ਮੀਟਿੰਗ ਕੀਤੀ ਗਈ। ਇਸ ਦੌਰੇ ਦੌਰਾਨ ਨਿਤਿਨ ਕੋਹਲੀ ਨੇ ਸਟੇਡੀਅਮ ਦੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ ਤੇ ਅੰਤਰਰਾਸ਼ਟਰੀ ਟੂਰਨਾਮੈਂਟ ਦੇ ਆਖਰੀ ਪੜਾਅ ਦੇ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਲੋੜੀਂਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਨਿਰੀਖਣ ਦਾ ਮੁੱਖ ਉਦੇਸ਼ ਸਟੇਡੀਅਮ ਦੀ ਸਮੁੱਚੀ ਤਿਆਰੀ ਦਾ ਮੁਲਾਂਕਣ ਕਰਨਾ ਤੇ ਅਹਿਮ ਮੁਕਾਬਲਿਆਂ ਤੋਂ ਪਹਿਲਾਂ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣਾ ਸੀ। ਮੀਟਿੰਗ ਦੌਰਾਨ ਚੈਂਪੀਅਨਸ਼ਿਪ ਦੇ ਸੁਚਾਰੂ ਸੰਚਾਲਨ ਲਈ ਵੱਖ-ਵੱਖ ਪੱਧਰਾਂ ’ਤੇ ਤਾਲਮੇਲ ਤੇ ਤਿਆਰੀਆਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ-2026 ਸੂਬੇ ਦੇ ਖੇਡ ਇਤਿਹਾਸ ਲਈ ਇੱਕ ਮਹੱਤਵਪੂਰਨ ਮੌਕਾ ਹੈ। ਇਸ ਟੂਰਨਾਮੈਂਟ ਦੇ ਲੀਗ ਪੜਾਅ ਦੇ ਮੁਕਾਬਲੇ ਜਲੰਧਰ ’ਚ ਕਰਵਾਏ ਜਾ ਰਹੇ ਹਨ, ਜਦਕਿ ਸੈਮੀਫਾਈਨਲ ਤੇ ਫਾਈਨਲ ਮੁਕਾਬਲਿਆਂ ਦੀ ਮੇਜ਼ਬਾਨੀ ਮੋਹਾਲੀ ਵੱਲੋਂ ਕੀਤੀ ਜਾਵੇਗੀ। ਨਿਤਿਨ ਕੋਹਲੀ ਨੇ ਅੰਤਰਰਾਸ਼ਟਰੀ ਟੀਮਾਂ, ਖਿਡਾਰੀਆਂ, ਅਧਿਕਾਰੀਆਂ ਤੇ ਦਰਸ਼ਕਾਂ ਦੇ ਸਵਾਗਤ ਲਈ ਸਟੇਡੀਅਮ ਨੂੰ ਪੂਰੀ ਤਰ੍ਹਾਂ ਤਿਆਰ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪੱਧਰ ਦੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਮਾਣ ਵਾਲੀ ਗੱਲ ਹੈ ਤੇ ਇਹ ਵਿਸ਼ਵ ਹਾਕੀ ਦੇ ਨਕਸ਼ੇ ’ਤੇ ਆਪਣੀ ਸਥਿਤੀ ਹੋਰ ਮਜ਼ਬੂਤ ਕਰਨ ਲਈ ਸੂਬੇ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਸਫਲ ਟੂਰਨਾਮੈਂਟ ਦੇ ਆਯੋਜਨ ਲਈ ਪ੍ਰਬੰਧਾਂ ਤੇ ਬੁਨਿਆਦੀ ਢਾਂਚੇ ਦੇ ਉੱਚ ਮਿਆਰ ਕਾਇਮ ਰੱਖਣ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ।