- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਆਦਮਪੁਰ ਵਿਖੇ ਲਗਾਇਆ ਕੈਂਪ, 150 ਬਜ਼ੁਰਗਾਂ ਨੇ ਲਿਆ ਸਿਹਤ ਸੇਵਾਵਾਂ ਦਾ ਲਾਭ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਪਹਿਲਕਦਮੀ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਸਿਹਤ ਸੇਵਾਵਾਂ ਸਬੰਧੀ ਕੈਂਪਾਂ ਦੀ ਲੜੀ ਤਹਿਤ ਸੀਐੱਚਸੀ ਆਦਮਪੁਰ ਵਿਖੇ ਕੈਂਪ ਲਗਾਇਆ ਗਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ ਸਿਹਤ ਜਾਂਚ ਤੋਂ ਇਲਾਵਾ ਬਜ਼ੁਰਗਾਂ ਨੂੰ ਕਾਨੂੰਨੀ ਸਹਾਇਤਾ, ਵਿੱਤੀ ਸਾਖ਼ਰਤਾ ਆਦਿ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਸੀਐੱਚਸੀ ਆਦਮਪੁਰ ਵਿਖੇ ਲਗਾਏ ਗਏ ਸਿਹਤ ਸੇਵਾਵਾਂ ਸਬੰਧੀ ਕੈਂਪ ’ਚ ਕਰੀਬ 150 ਬਜ਼ੁਰਗਾਂ ਨੇ ਲਾਭ ਲਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਬਜ਼ੁਰਗਾਂ ਨੂੰ ਕਾਨੂੰਨੀ ਸਹਾਇਤਾ ਤੇ ਵਿੱਤੀ ਸਾਖ਼ਰਤਾ ਆਦਿ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਕੀਮਤੀ ਸਰਮਾਇਆ ਹਨ, ਜਿਨ੍ਹਾਂ ਦੀ ਸਾਂਭ-ਸੰਭਾਲ ਕਰਨਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਮਕਸਦ ਬਜ਼ੁਰਗਾਂ ਨੂੰ ਸੌਖੀਆਂ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਦੇਣਾ ਹੈ।