ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਇਕ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਸਕੂਲ ਆਫ਼ ਐਮੀਨੈਂਸ ’ਚ ਇਕ ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
Publish Date: Wed, 11 Nov 2026 08:54 PM (IST)
Updated Date: Wed, 11 Nov 2026 08:57 PM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਸਕੂਲੀ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬੁੱਧਵਾਰ ਨੂੰ ਜਲੰਧਰ ਦੇ ਭਾਰਗਵ ਕੈਂਪ ਸਥਿਤ ਗੌਰਮਿੰਟ ਸਕੂਲ ਆਫ਼ ਐਮੀਨੈਂਸ ਵਿਖੇ 1 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਭਰ ’ਚ ਸਿੱਖਿਆ, ਸਿਹਤ ਤੇ ਖੇਡਾਂ ਦੇ ਖੇਤਰ ਨੂੰ ਬਿਹਤਰ ਬਣਾਉਣ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਇਕ ਕਰੋੜ ਰੁਪਏ ਦੀ ਲਾਗਤ ਵਾਲੇ ਇਸ ਨਵੇਂ ਪ੍ਰਾਜੈਕਟ ’ਚ ਸਕੂਲ ਦੀ ਇਮਾਰਤ ਦੇ ਵਿਆਪਕ ਨਵੀਨੀਕਰਨ ਤੇ ਅਪਗ੍ਰੇਡ ਕਰਨ ਦੇ ਨਾਲ-ਨਾਲ ਇਕ ਆਧੁਨਿਕ ਮਲਟੀ-ਸਪੋਰਟਸ ਸਟੇਡੀਅਮ ਦੀ ਉਸਾਰੀ ਵੀ ਸ਼ਾਮਲ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਧੁਨਿਕ ਕਲਾਸਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਿਸਤਾਰ ਦੇਣ ਲਈ ਨਾਲ ਲੱਗਦੇ ਲੜਕੀਆਂ ਦੇ ਸਕੂਲ ’ਚ 1.10 ਕਰੋੜ ਰੁਪਏ ਦੀ ਲਾਗਤ ਵਾਲਾ ਇਕ ਹੋਰ ਇਮਾਰਤੀ ਕੰਪਲੈਕਸ ਪ੍ਰਾਜੈਕਟ ਬਹੁਤ ਜਲਦੀ ਸ਼ੁਰੂ ਕੀਤਾ ਜਾਵੇਗਾ। ਸਰਬਪੱਖੀ ਸ਼ਹਿਰੀ ਤੇ ਨਾਗਰਿਕ ਵਿਕਾਸ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਤ ਨੇ ਕਿਹਾ ਕਿ ਸਿਵਲ ਪ੍ਰਸ਼ਾਸਨ, ਲੋਕ ਨੁਮਾਇੰਦਿਆਂ ਤੇ ਸੂਬਾਈ ਲੀਡਰਸ਼ਿਪ ਦਰਮਿਆਨ ਤਾਲਮੇਲ ਵਾਲੇ ਯਤਨਾਂ ਸਦਕਾ ਜਲੰਧਰ ਤੇ ਪੂਰੇ ਪੰਜਾਬ ’ਚ ਬੇਮਿਸਾਲ ਵਿਕਾਸ ਹੋ ਰਿਹਾ ਹੈ। ਇਸ ਦੌਰਾਨ ਕੌਂਸਲਰ ਰਾਜ ਕੁਮਾਰ ਰਾਜੂ ਨੇ ਕੈਬਨਿਟ ਮੰਤਰੀ ਦਾ ਉਨ੍ਹਾਂ ਦੇ ਵਾਰਡ ’ਚ ਸਕੂਲ ਆਫ਼ ਐਮੀਨੈਂਸ ਲਈ ਇਹ ਵੱਡਾ ਪ੍ਰਾਜੈਕਟ ਦੇਣ ਲਈ ਧੰਨਵਾਦ ਕੀਤਾ, ਜਿਸ ਨਾਲ ਇਲਾਕੇ ’ਚ ਵਿਦਿਅਕ ਢਾਂਚਾ ਹੋਰ ਮਜ਼ਬੂਤ ਹੋਵੇਗਾ।