- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
18 ਕਿਸਾਨਾਂ ਨੂੰ 5-5 ਹਜ਼ਾਰ ਰੁਪਏ ਜੁਰਮਾਨਾ, 18 ਰੈੱਡ ਐਂਟਰੀਆਂ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਖੇਤਾਂ ’ਚ ਪਰਾਲੀ ਸਾੜਨ, ਦੀਵਾਲੀ ਮੌਕੇ ਚਲਾਏ ਗਏ ਪਟਾਕਿਆਂ, ਸੜਕਾਂ ’ਤੇ ਦੌੜਦੇ ਵਾਹਨਾਂ ’ਚੋਂ ਨਿਕਲਣ ਵਾਲੇ ਧੂੰਏਂ ਤੇ ਉਦਯੋਗਿਕ ਇਕਾਈਆਂ ’ਚੋਂ ਨਿਕਲਣ ਵਾਲੇ ਪ੍ਰਦੂਸ਼ਿਤ ਧੂੰਏਂ ਕਾਰਨ ਵਾਤਾਵਰਣ ਦਿਨੋਂ-ਦਿਨ ਜ਼ਹਿਰੀਲਾ ਹੁੰਦਾ ਜਾ ਰਿਹਾ ਹੈ। ਇਸ ਕਾਰਨ ਹਵਾ ਦੀ ਗੁਣਵੱਤਾ ’ਤੇ ਮਾੜਾ ਅਸਰ ਪੈ ਰਿਹਾ ਹੈ। ਇਸ ਸਬੰਧੀ ਹਲਕਾ ਫਿਲੌਰ ’ਚ ਪਰਾਲੀ ਸਾੜਨ ਦੇ ਕੁੱਲ 31 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 18 ਥਾਵਾਂ ’ਤੇ ਪਰਾਲੀ ਸਾੜਨ ਦੇ ਸਬੂਤ ਮਿਲੇ, ਜਦਕਿ 13 ਮਾਮਲਿਆਂ ’ਚ ਅੱਗ ਲੱਗਣ ਦੇ ਸਬੂਤ ਨਹੀਂ ਮਿਲੇ। ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਤਹਿਤ 14 ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ 18 ਕਿਸਾਨਾਂ ਦੇ ਮਾਲ ਰਿਕਾਰਡ ’ਚ ਰੈੱਡ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ ਤੇ 18 ਕਿਸਾਨਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ। ਚਾਰ ਹੋਰ ਕਿਸਾਨਾਂ ਖ਼ਿਲਾਫ਼ ਵੀ ਜਲਦੀ ਪਰਚੇ ਦਰਜ ਕੀਤੇ ਜਾਣਗੇ। ਇਸ ਸਬੰਧੀ ਸ਼ਿਵਰਾਜ ਸਿੰਘ ਬੱਲ, ਐੱਸਡੀਐੱਮ ਫਿਲੌਰ ਦੇ ਨਿਰਦੇਸ਼ਾਂ ਹੇਠ ਪ੍ਰਸ਼ਾਸਨ ਵੱਲੋਂ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਯੋਗ ਪ੍ਰਬੰਧਨ ਕਰਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।