ਪੰਜਾਬ ਦੇ ਲੋਕ ‘ਆਪ’ ਸਰਕਾਰ ਤੋਂ ਅੱਕੇ, 2027 ਦੀਆਂ ਚੋਣਾਂ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ : ਰਜਿੰਦਰ ਸੰਧੂ ਪੰਜਾਬ ਦੇ ਲੋਕ 'ਆਪ' ਸਰਕਾਰ ਤੋਂ ਅੱਕੇ, 2027 ਦੀਆਂ ਚੋਣਾਂ 'ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ: ਰਜਿੰਦਰ ਸੰਧੂ
Publish Date: Fri, 13 Nov 2026 07:34 PM (IST)
Updated Date: Fri, 13 Nov 2026 07:39 PM (IST)
ਨਵਦੀਪ ਸਿੰਘ ਪਟਵਾਲੀਆ, ਪੰਜਾਬੀ ਜਾਗਰਣ ਫਿਲੌਰ : ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਤੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸੰਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਅੱਕ ਚੁੱਕੇ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ’ਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਰਜਿੰਦਰ ਸੰਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ’ਚ ਕੱਢੀਆਂ ਜਾ ਰਹੀਆਂ ਜਾਗਰੂਕਤਾ ਰੈਲੀਆਂ ਤੇ ਸਾਈਕਲ ਯਾਤਰਾਵਾਂ ਪਾਰਟੀ ਦੀ ਜਿੱਤ ਦਾ ਮੁੱਢ ਬੰਨ੍ਹਣਗੀਆਂ। ਉਨ੍ਹਾਂ ਕਿਹਾ ਕਿ ‘ਪੰਜਾਬ ਦੀ ਜਵਾਨੀ ਬਚਾਓ’ ਦੇ ਨਾਅਰੇ ਹੇਠ ਸ਼ੁਰੂ ਕੀਤੀ ਜਾ ਰਹੀ ਸਾਈਕਲ ਯਾਤਰਾ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਲੋਕਾਂ ਨੂੰ ਪੰਜਾਬ ਦੇ ਮੌਜੂਦਾ ਹਾਲਾਤਾਂ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਸੰਧੂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਦੋਸ਼ ਲਾਇਆ ਕਿ ਪਿੰਡਾਂ ਤੇ ਸ਼ਹਿਰਾਂ ’ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ, ਜਦਕਿ ਕਚਹਿਰੀਆਂ ਤੇ ਤਹਿਸੀਲਾਂ ’ਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲਪੇਟ ’ਚ ਆ ਰਹੀ ਹੈ, ਜਿਸ ਕਾਰਨ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਸਰਕਾਰ ਨੂੰ ਨਸ਼ਿਆਂ ਦੇ ਖਾਤਮੇ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਔਰਤਾਂ ਨੂੰ 1500 ਰੁਪਏ ਦੇਣ ਦੀ ਯੋਜਨਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੇ ਜਾ ਰਹੇ ਅਜਿਹੇ ਐਲਾਨਾਂ ਦਾ ਕੀ ਫਾਇਦਾ, ਜੇਕਰ ਨਸ਼ਿਆਂ ਕਾਰਨ ਨੌਜਵਾਨ ਪੀੜ੍ਹੀ ਹੀ ਸੁਰੱਖਿਅਤ ਨਹੀਂ ਰਹੇਗੀ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਤੇ ਨਸ਼ਿਆਂ ਦੇ ਵਧ ਰਹੇ ਪ੍ਰਭਾਵ ਨੂੰ ਰੋਕਣਾ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਤੇ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਰਾਹੀਂ ਮੌਜੂਦਾ ਸਰਕਾਰ ਨੂੰ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ’ਚ ਮੁੜ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਰਜਿੰਦਰ ਸੰਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ’ਚ ਕੱਢੀਆਂ ਜਾ ਰਹੀਆਂ ਜਾਗਰੂਕਤਾ ਰੈਲੀਆਂ ਤੇ ਸਾਈਕਲ ਯਾਤਰਾਵਾਂ ਪਾਰਟੀ ਦੀ ਜਿੱਤ ਦਾ ਮੁੱਢ ਬੰਨ੍ਹਣਗੀਆਂ। ਉਨ੍ਹਾਂ ਕਿਹਾ ਕਿ ‘ਪੰਜਾਬ ਦੀ ਜਵਾਨੀ ਬਚਾਓ’ ਦੇ ਨਾਅਰੇ ਹੇਠ ਸ਼ੁਰੂ ਕੀਤੀ ਜਾ ਰਹੀ ਸਾਈਕਲ ਯਾਤਰਾ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਲੋਕਾਂ ਨੂੰ ਪੰਜਾਬ ਦੇ ਮੌਜੂਦਾ ਹਾਲਾਤਾਂ ਪ੍ਰਤੀ ਜਾਗਰੂਕ ਕਰਨਾ ਹੈ।