- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ : ਮੋਹਿੰਦਰ ਭਗਤ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਇੱਥੇ ਹੰਸ ਰਾਜ ਮਹਿਲਾ ਮਹਾਵਿਦਿਆਲਾ ਵਿਖੇ ਗੁਰੂ ਜੀ ਦੀ ਬਾਣੀ ਤੇ ਸਿੱਖਿਆਵਾਂ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਪਵਿੱਤਰ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜੋ ਕਿ ਰਹਿੰਦੀ ਦੁਨੀਆ ਤੱਕ ਕੁੱਲ ਲੋਕਾਈ ਨੂੰ ਸਮਾਨਤਾ, ਸੇਵਾ ਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦੀ ਰਹੇਗੀ। ਇਸ ਮੌਕੇ ਸੰਤ ਨਿਰਮਲ ਦਾਸ ਜੀ, ਮੁਖੀ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬੇ ਜੌੜੇ) ਰਾਏਪੁਰ-ਰਸੂਲਪੁਰ, ਸੰਤ ਸਤਵਿੰਦਰ ਸਿੰਘ ਹੀਰਾ ਜੀ, ਰਾਸ਼ਟਰੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸ਼ਨ, ਚਰਨਛੋਹ ਸੱਚਖੰਡ ਬੇਗਮਪੁਰਾ, ਸ੍ਰੀ ਖੁਰਾਲਗੜ੍ਹ ਸਾਹਿਬ, ਭੈਣ ਸੰਤੋਸ਼ ਜੀ, ਸਕੱਤਰ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬੇ ਜੌੜੇ) ਰਾਏਪੁਰ-ਰਸੂਲਪੁਰ, ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪ ਲਾਲ ਰੂਪ, ਡਿਪਟੀ ਡਾਇਰੈਕਟਰ ਉੱਚ ਸਿੱਖਿਆ ਵਿਭਾਗ ਡਾ. ਨਵਦੀਪ ਸਿੰਘ ਤੇ ਕਾਲਜ ਦੇ ਪ੍ਰਿੰਸੀਪਲ ਏਕਤਾ ਖੋਸਲਾ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੋਹਿੰਦਰ ਭਗਤ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜਿਕ ਬਰਾਬਰੀ, ਆਪਸੀ ਪ੍ਰੇਮ, ਭਾਈਚਾਰੇ, ਸੱਚਾਈ ਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੱਤਾ ਹੈ।
ਉਨ੍ਹਾਂ ਦੀਆਂ ਸਿੱਖਿਆਵਾਂ ’ਚ ਕਿਰਤ ਦੀ ਮਹੱਤਤਾ ਤੇ ਮਿਹਨਤ ਕਰਨ ਦੇ ਸਿਧਾਂਤ ਨੂੰ ਵਿਸ਼ੇਸ਼ ਸਥਾਨ ਹਾਸਲ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਅਜਿਹੇ ਸਮਾਜ ਦਾ ਸੰਕਲਪ ਦਿੱਤਾ, ਜੋ ਸਮਾਨਤਾ, ਨਿਆਂ, ਦਿਆ ਤੇ ਆਪਸੀ ਸਨਮਾਨ ’ਤੇ ਆਧਾਰਿਤ ਹੋਵੇ। ਉਨ੍ਹਾਂ ਨੌਜਵਾਨ ਵਿਦਿਆਰਥਣਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਮਨੁੱਖੀ ਕਦਰਾਂ-ਕੀਮਤਾਂ ਨੂੰ ਹੋਰ ਡੂੰਘਾਈ ਨਾਲ ਸਮਝ ਸਕਣ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣਾ, ਖਾਸ ਕਰ ਨਵੀਂ ਪੀੜ੍ਹੀ ਨੂੰ ਗੁਰੂ ਜੀ ਦੇ ਮਹਾਨ ਸੰਦੇਸ਼ਾਂ ਤੋਂ ਜਾਣੂ ਕਰਵਾਉਣਾ ਤੇ ਉਨ੍ਹਾਂ ਨੂੰ ਸਮਾਨਤਾ, ਸੇਵਾ ਤੇ ਮਨੁੱਖਤਾ ਦੇ ਸਿਧਾਂਤਾਂ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਡੇਰਾ ਸੱਚਖੰਡ ਬੱਲਾਂ ਨੇੜੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਨ੍ਹਾਂ ਸਮਾਗਮਾਂ ਤਹਿਤ ਸੂਬਾ ਸਰਕਾਰ ਵੱਲੋਂ ਜਿਥੇ ਵਿੱਦਿਅਕ ਸੰਸਥਾਵਾਂ ’ਚ ਸੈਮੀਨਾਰਾਂ ਰਾਹੀਂ ਨੌਜਵਾਨਾਂ ਨੂੰ ਗੁਰੂ ਜੀ ਦੇ ਜੀਵਨ, ਫਲਸਫੇ ਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਉਥੇ ਵੱਖ-ਵੱਖ ਥਾਵਾਂ ’ਤੇ ਕੀਰਤਨ ਦਰਬਾਰ, ਡ੍ਰੋਨ ਸ਼ੋਅ ਵੀ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਮੋਬਾਇਲ ਵੈਨਾਂ ਰਾਹੀਂ ਸੂਬੇ ਦੇ ਪਿੰਡਾਂ ’ਚ ਗੁਰੂ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ ਵੀ ਦਿਖਾਈ ਜਾ ਰਹੀ ਹੈ। ਇਸ ਮੌਕੇ ਸੰਤ ਨਿਰਮਲ ਦਾਸ ਜੀ ਨੇ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਵਿਦਿਆਰਥਣਾਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਤੇ ਉਪਦੇਸ਼ਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀਆਂ, ਕਾਲਜਾਂ ’ਚ ਅਜਿਹੇ ਸੈਮੀਨਾਰ ਕਰਵਾਉਣ ਨਾਲ ਨਵੀਂ ਪੀੜ੍ਹੀ ਨੂੰ ਗੁਰੂ ਜੀ ਦੀ ਵਿਚਾਰਧਾਰਾ ਨਾਲ ਜੁੜਨ ਦਾ ਮੌਕਾ ਮਿਲ ਰਿਹਾ ਹੈ। ਸੰਤ ਸਤਵਿੰਦਰ ਸਿੰਘ ਹੀਰਾ ਜੀ ਨੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਬੁਰਾਈਆਂ ਦਾ ਤਿਆਗ ਕਰ ਕੇ ਗੁਣਾਂ ਤੇ ਗਿਆਨ ਨੂੰ ਗ੍ਰਹਿਣ ਕਰਨ ਦੀ ਅਪੀਲ ਕੀਤੀ। ਭੈਣ ਸੰਤੋਸ਼ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਜ ’ਚ ਗਿਆਨ, ਚੇਤਨਾ ਤੇ ਸਿੱਖਿਆ ਦੀ ਅਹਿਮੀਅਤ ’ਤੇ ਬਹੁਤ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਹਾਸਲ ਕਰ ਕੇ ਰੌਸ਼ਨ ਸਮਾਜ ਦੀ ਸਿਰਜਣਾ ’ਚ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ। ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪ ਲਾਲ ਰੂਪ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਲੋਕਾਈ ਨੂੰ ਉਪਦੇਸ਼ ਦੇਣ ਲਈ ਪੂਰੇ ਭਾਰਤ ਖਾਸ ਕਰ ਕੇ ਪੰਜਾਬ ’ਚ ਕੀਤੀਆਂ ਗਈਆਂ ਇਤਿਹਾਸਕ ਯਾਤਰਾਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇਸ ਤੋਂ ਪਹਿਲਾਂ ਪ੍ਰਿੰ. ਏਕਤਾ ਖੋਸਲਾ ਨੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਦਾ ਕਾਲਜ ’ਚ ਪਹੁੰਚਣ ’ਤੇ ਸਵਾਗਤ ਕੀਤਾ ਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਫ਼ਲਸਫ਼ੇ ਨੂੰ ਆਮ ਲੋਕਾਂ ਤੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਪ੍ਰੋ. ਕੁਲਜੀਤ ਕੌਰ ਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।