ਝੋਨੇ ਦੀ ਖਰੀਦ ਬੰਦ ਹੋਣ ਨਾਲ ਕਿਸਾਨ ਤੇ ਆੜ੍ਹਤੀਏ ਪਰੇਸ਼ਾਨ : ਰਜਿੰਦਰ ਸੰਧੂ ਝੋਨੇ ਦੀ ਖਰੀਦ ਬੰਦ ਹੋਣ ਨਾਲ ਕਿਸਾਨ ਤੇ ਆੜ੍ਹਤੀਏ ਪਰੇਸ਼ਾਨ : ਰਜਿੰਦਰ ਸੰਧੂ
Publish Date: Sat, 14 Nov 2026 06:39 PM (IST)
Updated Date: Sat, 14 Nov 2026 06:42 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ ਫਿਲੌਰ : ਪੰਜਾਬ ਦੀਆਂ ਦਾਣਾ ਮੰਡੀਆਂ ਵਿੱਚ ਸਰਕਾਰ ਵੱਲੋਂ ਝੋਨੇ ਦੀ ਖਰੀਦ ਬੰਦ ਕੀਤੇ ਜਾਣ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਹਲਕਾ ਫਿਲੌਰ ਦੇ ਕਾਂਗਰਸੀ ਆਗੂ ਰਜਿੰਦਰ ਸੰਧੂ ਨੇ ਸੈਫਾਬਾਦ-ਫਿਲੌਰ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਅਤੇ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਰਜਿੰਦਰ ਸੰਧੂ ਨੇ ਕਿਹਾ ਕਿ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਝੋਨੇ ਦੀ ਖਰੀਦ ਦਾ ਸਮਾਂ ਵਧਾਇਆ ਜਾਵੇ, ਤਾਂ ਜੋ ਸਾਰੇ ਵਰਗ ਆਪਣਾ ਕੰਮਕਾਜ ਸੁਚਾਰੂ ਢੰਗ ਨਾਲ ਕਰ ਸਕਣ। ਉਨ੍ਹਾਂ ਕਿਹਾ ਕਿ ਜਦੋਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋਈ ਸੀ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਝੋਨੇ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਸ ਲਈ ਹੁਣ ਸਰਕਾਰ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਫ਼ਸਲ ਦੀ ਖਰੀਦ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਝੋਨੇ ਦੀ ਫ਼ਸਲ ਵੇਚ ਕੇ ਅਗਲੀ ਫ਼ਸਲ ਕਣਕ ਦੀ ਬਿਜਾਈ ਕਰਨੀ ਹੈ। ਇਸ ਲਈ ਸਰਕਾਰ ਨੂੰ ਖਰੀਦ ਦਾ ਸਮਾਂ ਵਧਾ ਕੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ।