ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
Publish Date: Sat, 14 Nov 2026 06:43 PM (IST)
Updated Date: Sat, 14 Nov 2026 06:45 PM (IST)
ਲਵਦੀਪ ਬੈਂਸ, ਪੰਜਾਬੀ ਜਾਗਰਣ ਪਤਾਰਾ/ਜਲੰਧਰ ਕੈਂਟ : ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਬੋਪਾਰਾਏ ਕਲਾਂ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਪੂਰੇ ਸਤਿਕਾਰ ਸਹਿਤ ਸਕੂਲ ਵਿਖੇ ਲਿਆਂਦੇ ਗਏ, ਜਿਸ ਉਪਰੰਤ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਵਿਦਿਆਰਥੀਆਂ ਵੱਲੋਂ ਕੀਰਤਨ ਦਰਬਾਰ, ਕਵੀ ਦਰਬਾਰ ਅਤੇ ਕਵੀਸ਼ਰੀ ਦਰਬਾਰ ਸਜਾਏ ਗਏ। ਬੱਚਿਆਂ ਨੇ ਸ਼ਬਦ ਕੀਰਤਨ, ਗੁਰ ਇਤਿਹਾਸ, ਢਾਡੀ ਵਾਰਾਂ ਅਤੇ ਕਵੀਸ਼ਰੀ ਵਾਰਾਂ ਦਾ ਗਾਇਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ। ਅਕਾਲ ਪਰਿਵਾਰ ਦੀ ਛੋਟੀ ਫੁਲਵਾੜੀ ਨੇ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ, ਜਦਕਿ ਕੁਝ ਬੱਚਿਆਂ ਨੇ ਪੰਜ ਪਿਆਰਿਆਂ ਦੇ ਰੂਪ ਵਿੱਚ ਸਜ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਤੇ ਸਿੱਖ ਇਤਿਹਾਸ ਦੀ ਝਲਕ ਪੇਸ਼ ਕੀਤੀ। ਬੱਚਿਆਂ ਵੱਲੋਂ ਦਿਖਾਏ ਗਤਕੇ ਦੇ ਜੌਹਰਾਂ ਨੇ ਵੀ ਸੰਗਤ ਦਾ ਮਨ ਮੋਹ ਲਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਸਾਇੰਸ ਮਾਡਲਾਂ ਦੀ ਪੇਸ਼ਕਾਰੀ ਵੀ ਕੀਤੀ ਗਈ, ਜਿਨ੍ਹਾਂ ਨੂੰ ਮਾਪਿਆਂ ਅਤੇ ਸੰਗਤ ਨੇ ਬਹੁਤ ਸਲਾਹਿਆ। ਸੇਵਾਦਾਰ ਸੁਰਜੀਤ ਸਿੰਘ ਨੇ ਸਮਾਗਮ ਵਿੱਚ ਵਿਸ਼ੇਸ਼ ਸੇਵਾ ਨਿਭਾਈ ਅਤੇ ਅਕੈਡਮੀ ਦੇ ਸਮੂਹ ਸਟਾਫ਼ ਨੇ ਵੀ ਸਮਾਗਮ ਦੀ ਸੇਵਾ ਬੜੇ ਉਤਸ਼ਾਹ ਨਾਲ ਨਿਭਾਈ। ਸਕੂਲ ਦੀ ਮੁੱਖ ਅਧਿਆਪਕਾ ਗਗਨਮੀਤ ਕੌਰ ਨੇ ਪਹੁੰਚੀਆਂ ਸੰਗਤਾਂ ਨੂੰ ਜੀਓ ਆਇਆਂ ਕਹਿੰਦਿਆਂ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਸਮਾਗਮ ਦੀ ਸਫਲਤਾ ਲਈ ਸਭ ਦਾ ਧੰਨਵਾਦ ਕੀਤਾ।