ਪ੍ਰੋ. ਡਾ. ਰਵਿੰਦਰ ਸਿੰਘ ਵੱਲੋਂ ਤਿਆਰ ਏਆਈ-ਆਧਾਰਿਤ ਸਿਹਤ ਡਿਵਾਈਸ ਨੂੰ ਸਰਕਾਰ ਵੱਲੋਂ ਮਿਲੀ ਮਾਨਤਾ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਪ੍ਰੋ. ਡਾ. ਰਵਿੰਦਰ ਸਿੰਘ ਦੁਆਰਾ ਤਿਆਰ ਕੀਤੀ ਏਆਈ-ਆਧਾਰਿਤ ਸਿਹਤ
Publish Date: Sat, 14 Nov 2026 07:22 PM (IST)
Updated Date: Sat, 14 Nov 2026 07:24 PM (IST)
ਅਕਸ਼ੇਦੀਪ ਸ਼ਰਮਾ, ਪੰਜਾਬੀ ਜਾਗਰਣ ਆਦਮਪੁਰ : ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਨੇ ਖੋਜ ਅਤੇ ਨਵੀਨਤਾ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਮੀਲ ਪੱਥਰ ਹਾਸਲ ਕੀਤਾ ਹੈ। ਯੂਨੀਵਰਸਿਟੀ ਦੇ ਅਲਾਈਡ ਹੈਲਥ ਸਾਇੰਸਿਜ਼ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਰਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਤਿਆਰ ਕੀਤੇ ਗਏ ‘ਪੇਂਡੂ ਸਿਹਤ ਸੰਭਾਲ ਲਈ ਮਾਡਿਊਲਰ ਏਆਈ-ਸਹਾਇਤਾ ਪ੍ਰਾਪਤ ਪੁਆਇੰਟ-ਆਫ-ਕੇਅਰ ਡਾਇਗਨੌਸਟਿਕ ਡਿਵਾਈਸ’ ਦੇ ਉਦਯੋਗਿਕ ਡਿਜ਼ਾਈਨ ਨੂੰ ਭਾਰਤ ਸਰਕਾਰ ਵੱਲੋਂ ਸਵੀਕਾਰ ਕਰ ਲਿਆ ਗਿਆ ਹੈ। ਇਹ ਮਾਨਤਾ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ ਅਧੀਨ ਕੰਟਰੋਲਰ ਜਨਰਲ ਆਫ਼ ਪੇਟੈਂਟਸ, ਡਿਜ਼ਾਈਨਜ਼ ਐਂਡ ਟ੍ਰੇਡ ਮਾਰਕ ਦੇ ਦਫ਼ਤਰ ਵੱਲੋਂ ਦਿੱਤੀ ਗਈ ਹੈ। ਇਸ ਡਿਜ਼ਾਈਨ ਦਾ ਮੁੱਖ ਮਕਸਦ ਪੇਂਡੂ ਅਤੇ ਸੀਮਤ ਸਰੋਤਾਂ ਵਾਲੇ ਖੇਤਰਾਂ ਵਿੱਚ ਸਿਹਤ ਸੇਵਾਵਾਂ ਤੱਕ ਆਮ ਲੋਕਾਂ ਦੀ ਪਹੁੰਚ ਨੂੰ ਆਸਾਨ ਬਣਾਉਣਾ ਅਤੇ ਬਿਮਾਰੀਆਂ ਦੀ ਜਾਂਚ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਪਲਵਿੰਦਰ ਸਿੰਘ ਨੇ ਡਾ. ਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਵਿਸ਼ੇਸ਼ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਯੂਨੀਵਰਸਿਟੀ ਵਿੱਚ ਉਸਾਰੂ ਖੋਜ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਤਕਨੀਕੀ ਕਾਢਾਂ ਪੇਂਡੂ ਖੇਤਰਾਂ ਦੀਆਂ ਸਿਹਤ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਮਾਜਿਕ ਭਲਾਈ ਵਿੱਚ ਵੱਡਾ ਯੋਗਦਾਨ ਪਾਉਣਗੀਆਂ। ਇਸ ਸ਼ਾਨਦਾਰ ਪ੍ਰਾਪਤੀ ਤੇ ਯੂਨੀਵਰਸਿਟੀ ਦੀ ਪ੍ਰਬੰਧਕ ਕਮੇਟੀ ਅਤੇ ਫੈਕਲਟੀ ਨੇ ਡਾ. ਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਖੋਜ ਕਾਰਜਾਂ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ।