9.30 ਲੱਖ ਦੀ ਲਾਗਤ ਨਾਲ ਬਣੇ ਨਵੇਂ ਕਲਾਸਰੂਮਾਂ ਦਾ ਉਦਘਾਟਨ ਪਿੰਡ ਬੁਲੰਦਪੁਰ ਦੇ ਸਰਕਾਰੀ ਹਾਈ ਸਕੂਲ ਵਿਖੇ 9.30 ਲੱਖ ਦੀ ਲਾਗਤ ਨਾਲ ਬਣੇ ਨਵੇਂ ਕਲਾਸਰੂਮਾਂ ਦਾ ਉਦਘਾਟਨ
Publish Date: Sat, 14 Nov 2026 08:20 PM (IST)
Updated Date: Sat, 14 Nov 2026 08:21 PM (IST)
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ ਜਲੰਧਰ : ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਅੱਜ ਪਿੰਡ ਬੁਲੰਦਪੁਰ ਦੇ ਸਰਕਾਰੀ ਹਾਈ ਸਕੂਲ ਵਿਖੇ ਲਗਭਗ 9.30 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਕਲਾਸਰੂਮਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਇਹ ਉਦਘਾਟਨ ਆਮ ਆਦਮੀ ਪਾਰਟੀ (ਜਲੰਧਰ ਸ਼ਹਿਰੀ) ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਣ ਮਾਹੌਲ ਮੁਹੱਈਆ ਕਰਵਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਗ਼ਰੀਬ ਅਤੇ ਮੱਧ ਵਰਗ ਦੇ ਬੱਚਿਆਂ ਨੂੰ ਵੀ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦੀ ਪੜ੍ਹਾਈ ਮਿਲ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਡਾ ਮੁੱਖ ਟੀਚਾ ਹੈ ਕਿ ਪੰਜਾਬ ਦਾ ਹਰ ਬੱਚਾ ਮਿਆਰੀ ਸਿੱਖਿਆ ਹਾਸਲ ਕਰਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ ਅਤੇ ਸੂਬੇ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਵੇ। ਸਕੂਲ ਸਟਾਫ਼ ਅਤੇ ਪਿੰਡ ਵਾਸੀਆਂ ਵੱਲੋਂ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਉਦਘਾਟਨੀ ਸਮਾਗਮ ਦੌਰਾਨ ਕੌਂਸਲਰ ਦੀਪਕ ਸ਼ਾਰਦਾ, ਜ਼ਿਲ੍ਹਾ ਸਕੱਤਰ ਗੁਰਪਾਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਜਲੰਧਰ, ਇੰਦਰਜੀਤ ਸਿੰਘ ਵਿਧਾਨ ਸਭਾ ਚੇਅਰਮੈਨ ਦਲਿਤ ਵਿਕਾਸ ਬੋਰਡ, ਸਕੂਲ ਦੇ ਅਧਿਆਪਕ ਅਤੇ ਪਿੰਡ ਦੇ ਹੋਰ ਪਤਵੰਤੇ ਵੀ ਮੌਜੂਦ ਸਨ।