- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੱਚੇ ਦੇਸ਼ ਦਾ ਭਵਿੱਖ, ਉਨ੍ਹਾਂ ਦਾ ਸਰਵਪੱਖੀ ਵਿਕਾਸ ਸਾਡੀ ਪਹਿਲ:-ਪ੍ਰਿੰਸੀਪਲ ਪੰਕਜ ਸ਼ਰਮਾ।

ਅਵਤਾਰ ਰਾਣਾ, ਪੰਜਾਬੀ ਜਾਗਰਣ
ਮੱਲੀਆਂ ਕਲਾਂ : ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ ਨਕੋਦਰ ਵਿਖੇ ਬਾਲ ਦਿਵਸ ਬੜੇ ਹੀ ਉਤਸ਼ਾਹ ਅਤੇ ਹਰਸ਼ੋ-ਹਲਾਸ ਨਾਲ ਮਨਾਇਆ ਗਿਆ। ਇਸ ਮੌਕੇ ਆਜ਼ਾਦ ਹਾਊਸ ਵੱਲੋਂ ਇੱਕ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ। ਸਭਾ ਦੀ ਸ਼ੁਰੂਆਤ ਪਰਮਾਤਮਾ ਦੇ ਸਿਮਰਨ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਨੇ ਬਾਲ ਦਿਵਸ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਸੁੰਦਰ ਭਾਸ਼ਣ ਅਤੇ ਕਵਿਤਾਵਾਂਗ ਰਾਹੀਂ ਸਭ ਦਾ ਮਨ ਮੋਹ ਲਿਆ। ਬੱਚਿਆਂ ਨੇ ਆਪਣੇ ਅੰਦਰ ਛੁਪੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਅਤੇ ਬੱਚਿਆਂ ਪ੍ਰਤੀ ਉਨ੍ਹਾਂ ਦੇ ਪਿਆਰ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੇ ਜਨਮ ਦਿਵਸ ਨੂੰ ਬਾਲ ਦਿਵਸ ਵਜੋਂ ਮਨਾਉਣ ਦੇ ਮਹੱਤਵ ਤੋਂ ਵੀ ਜਾਣੂ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਡਾ. ਪੰਕਜ ਸ਼ਰਮਾ ਨੇ ਇਸ ਦਿਵਸ ਦੇ ਸੰਬੰਧ ਵਿੱਚ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਅਨਮੋਲ ਸਰਮਾਇਆ ਅਤੇ ਭਵਿੱਖ ਦੀ ਨੀਂਹ ਹਨ। ਹਰ ਬੱਚੇ ਵਿੱਚ ਕੋਈ ਨਾ ਕੋਈ ਵਿਸ਼ੇਸ਼ ਪ੍ਰਤਿਭਾ ਹੁੰਦੀ ਹੈ। ਇਸ ਲਈ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਆਤਮ-ਵਿਸ਼ਵਾਸ ਅਤੇ ਚੰਗੇ ਸੰਸਕਾਰਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਜਯੋਤੀ ਸ਼ਰਮਾ ਅਤੇ ਐੱਮਡੀ ਮਿਸਟਰ ਸ਼ਿਵਮ ਸ਼ਰਮਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਬੱਚੇ ਦੇਸ਼ ਦੀ ਅਸਲ ਤਾਕਤ ਹੁੰਦੇ ਹਨ। ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਇੱਕ ਸੁਖਾਵਾਂ ਅਤੇ ਪ੍ਰੇਰਨਾਦਾਇਕ ਵਾਤਾਵਰਨ ਪ੍ਰਦਾਨ ਕਰਨਾ ਸਾਡੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਬਾਲ ਦਿਵਸ ਦੀਆਂ ਵਧਾਈਆਂ ਦਿੰਦਿਆਂ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਆਜ਼ਾਦ ਹਾਊਸ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ। ਸਮੁੱਚਾ ਸਮਾਗਮ ਖੁਸ਼ੀ, ਉਤਸ਼ਾਹ ਅਤੇ ਬੱਚਿਆਂ ਦੇ ਚਿਹਰਿਆਂ 'ਤੇ ਮੁਸਕਾਨ ਬਿਖੇਰਦਾ ਹੋਇਆ ਯਾਦਗਾਰੀ ਹੋ ਨਿੱਬੜਿਆ।