ਕੇਂਦਰੀ ਵਿਧਾਨ ਸਭਾ ਹਲਕੇ ’ਚ ਰਾਕੇਸ਼ ਰਾਠੌਰ ਨੇ ਤੇਜ਼ ਕੀਤੀ ਜਨਸੰਪਰਕ ਮੁਹਿੰਮ, ਲੋਕਾਂ ਵੱਲੋਂ ਭਾਜਪਾ ਨੂੰ ਮਿਲ ਰਿਹਾ ਭਰਪੂਰ ਸਮਰਥਨ ਕੇਂਦਰੀ ਵਿਧਾਨ ਸਭਾ ਹਲਕੇ ’ਚ ਰਾਕੇਸ਼ ਰਾਠੌਰ ਨੇ ਤੇਜ਼ ਕੀਤਾ ਜਨਸੰਪਰਕ ਅਭਿਆਨ, ਲੋਕਾਂ ਵੱਲੋਂ ਭਾਜਪਾ ਨੂੰ ਮਿਲ ਰਿਹਾ ਭਰਪੂਰ ਸਮਰਥਨ
Publish Date: Sun, 15 Nov 2026 09:32 PM (IST)
Updated Date: Sun, 15 Nov 2026 09:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਕੇਂਦਰੀ ਵਿਧਾਨ ਸਭਾ ਹਲਕੇ ’ਚ ਪਾਰਟੀ ਦੀਆਂ ਸਰਗਰਮੀਆਂ ਤੇ ਜਨਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਹਲਕੇ ਦੇ ਵੱਖ-ਵੱਖ ਇਲਾਕਿਆਂ ’ਚ ਲੋਕਾਂ ਨਾਲ ਲਗਾਤਾਰ ਮੀਟਿੰਗਾਂ ਕਰ ਕੇ ਕੇਂਦਰ ਸਰਕਾਰ ਦੀਆਂ ਨੀਤੀਆਂ, ਪ੍ਰਾਪਤੀਆਂ ਤੇ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 22 ਸੂਰਿਆ ਐਨਕਲੇਵ ਵਿਖੇ ਸੁਤੰਤਰ ਤਿਵਾੜੀ, ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਸਰਦਾਰ ਕਮਲਜੀਤ ਸਿੰਘ ਤੇ ਵਾਰਡ ਨੰਬਰ 20 ਗੁਰੂ ਨਾਨਕਪੁਰਾ ਵਿਖੇ ਅਸ਼ੋਕ ਕੁਮਾਰ ਦੇ ਨਿਵਾਸ ਸਥਾਨ ’ਤੇ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦੌਰਾਨ ਇਲਾਕਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਰਾਕੇਸ਼ ਰਾਠੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ, ਗ਼ਰੀਬਾਂ ਦੀ ਭਲਾਈ, ਮਹਿਲਾ ਸਸ਼ਕਤੀਕਰਨ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੇ ਹਿੱਤਾਂ ਤੇ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਰਾਕੇਸ਼ ਰਾਠੌਰ ਨੇ ਕਿਹਾ ਕਿ ਭਾਜਪਾ ਦੀ ਰਾਜਨੀਤੀ ਦਾ ਮੁੱਖ ਆਧਾਰ ਰਾਸ਼ਟਰ ਸੇਵਾ, ਵਿਕਾਸ ਤੇ ਲੋਕ ਭਲਾਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਦੇਸ਼ ਦੇ ਹਰ ਵਰਗ ਤੱਕ ਵਿਕਾਸ ਦਾ ਲਾਭ ਪਹੁੰਚਾਉਣ ਲਈ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਇਨ੍ਹਾਂ ਯੋਜਨਾਵਾਂ ਦਾ ਲਾਭ ਕਰੋੜਾਂ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਦੀ ਜ਼ਿੰਮੇਵਾਰੀ ਹੈ ਕਿ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਤੇ ਲੋਕ ਭਲਾਈ ਯੋਜਨਾਵਾਂ ਦੀ ਸਹੀ ਜਾਣਕਾਰੀ ਸਮਾਜ ਦੇ ਹਰ ਵਰਗ ਤੱਕ ਪਹੁੰਚਾਈ ਜਾਵੇ। ਰਾਕੇਸ਼ ਰਾਠੌਰ ਨੇ ਕਿਹਾ ਕਿ ਲੋਕਤੰਤਰ ’ਚ ਜਨਤਾ ਦਾ ਵਿਸ਼ਵਾਸ ਤੇ ਜਨ ਸਮਰਥਨ ਹੀ ਕਿਸੇ ਵੀ ਰਾਜਨੀਤਿਕ ਸੰਗਠਨ ਦੀ ਅਸਲ ਤਾਕਤ ਹੁੰਦਾ ਹੈ। ਕੇਂਦਰੀ ਵਿਧਾਨ ਸਭਾ ਹਲਕੇ ’ਚ ਲੋਕਾਂ ਨਾਲ ਲਗਾਤਾਰ ਹੋ ਰਿਹਾ ਸੰਵਾਦ ਤੇ ਮੀਟਿੰਗਾਂ ’ਚ ਉਨ੍ਹਾਂ ਦੀ ਸ਼ਮੂਲੀਅਤ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਵਿਕਾਸ, ਸੁਸ਼ਾਸਨ ਤੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਕਰਨਾ ਚਾਹੁੰਦੇ ਹਨ। ਭਾਜਪਾ ਇਸੇ ਸੰਵਾਦ ਨੂੰ ਅੱਗੇ ਵਧਾਉਂਦਿਆਂ ਲੋਕਾਂ ਦੇ ਵਿਚਕਾਰ ਆਪਣੀਆਂ ਨੀਤੀਆਂ ਤੇ ਵਿਚਾਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਕੇਂਦਰੀ ਵਿਧਾਨ ਸਭਾ ਹਲਕੇ ’ਚ ਜਨਸੰਪਰਕ ਮੁਹਿੰਮ ਤੇ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਪਾਰਟੀ ਦਾ ਸੰਦੇਸ਼ ਪਹੁੰਚਾਇਆ ਜਾ ਸਕੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਵੀ ਸੁਣੇ ਜਾ ਸਕਣ। ਇਸ ਮੌਕੇ ਭਾਜਪਾ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਮਨ ਪੱਬੀ, ਸੁਰੇਸ਼ ਸ਼ਰਮਾ, ਸੰਨੀ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਵਿਜ, ਯੁਵਾ ਮੋਰਚਾ ਇੰਚਾਰਜ ਸੰਜੀਵ ਸ਼ਰਮਾ ਮਨੀ, ਹਰਜਿੰਦਰ ਸਿੰਘ ਬਾਬੂ ਅਰੋੜਾ, ਰਾਜੀਵ ਤਿਵਾੜੀ, ਅਨੂਪ ਤਿਵਾੜੀ, ਕੁਲਦੀਪ ਭਾਟੀਆ, ਕਪਿਲ ਮਲਹੋਤਰਾ, ਸੋਨੂੰ, ਰੋਮੀ ਵਰਮਾ, ਬਵਲੇਸ਼ ਗੁਪਤਾ, ਲੁਥਰਾ, ਦੀਪਕ ਸ਼ਰਮਾ ਤੇ ਰਾਜਿੰਦਰ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੁੱਖ ਤੌਰ ’ਤੇ ਹਾਜ਼ਰ ਸਨ।