ਰੇਲਵੇ ਫਲਾਈਓਵਰ ਕੋਲ ਸਟੋਰ ਕੀਤੀਆਂ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ ਰੇਲਵੇ ਫਲਾਈਓਵਰ ਕੋਲ ਸਟੋਰ ਕੀਤੀਆਂ ਪਰਾਲੀ ਦੀਆਂ ਗੱਠਾਂ ਨੂੰ ਲੱਗੀ ਭਿਆਨਕ ਅੱਗ
Publish Date: Sun, 15 Nov 2026 10:37 PM (IST)
Updated Date: Sun, 15 Nov 2026 10:39 PM (IST)
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ ਸ਼ਾਹਕੋਟ : ਰਾਸ਼ਟਰੀ ਮਾਰਗ ਮੋਗਾ-ਜਲੰਧਰ ’ਤੇ ਗੋਦੜੀ ਪੀਰ ਦੀ ਜਗ੍ਹਾ ਦੇ ਨਜ਼ਦੀਕ ਸਟੋਰ ਕੀਤੀਆਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਨੂੰ ਐਤਵਾਰ ਰਾਤ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਵੱਡੀ ਮਾਤਰਾ ਵਿੱਚ ਸਟੋਰ ਕੀਤੀ ਪਰਾਲੀ ਸੜਨ ਲੱਗ ਪਈ, ਜਿਸ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਬਤਰਾ ਕੋਲਡ ਸਟੋਰ ਦੇ ਨਜ਼ਦੀਕ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮਾਡਲ ਥਾਣਾ ਸ਼ਾਹਕੋਟ ਦੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਫਾਇਰ ਬ੍ਰਿਗੇਡ ਤੇ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਗਿਆ। ਮੌਕੇ ’ਤੇ ਫਾਇਰ ਬ੍ਰਿਗੇਡ ਟੀਮ ਵੱਲੋਂ ਅੱਗ ’ਤੇ ਕਾਬੂ ਪਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਥਾਣਾ ਸ਼ਾਹਕੋਟ ਦੇ ਐੱਸਐੱਚਓ ਸੁਖਵਿੰਦਰ ਪਾਲ ਸੋਢੀ ਨੇ ਦੱਸਿਆ ਕਿ ਅੱਗ ਦੀ ਤੀਬਰਤਾ ਨੂੰ ਦੇਖਦਿਆਂ ਨਕੋਦਰ ਅਤੇ ਹੋਰ ਨੇੜਲੇ ਇਲਾਕਿਆਂ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਜਾ ਰਹੀਆਂ ਹਨ ਤਾਂ ਜੋ ਅੱਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਇਹ ਸਟੋਰ ਕੀਤੀ ਪਰਾਲੀ ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸਬੰਧਿਤ ਕਿਸੇ ਵਿਅਕਤੀ ਦੀ ਦੱਸੀ ਜਾ ਰਹੀ ਹੈ, ਹਾਲਾਂਕਿ ਪਰਾਲੀ ਦੇ ਮਾਲਕਾਂ ਦੀ ਪਛਾਣ ਹਾਲੇ ਸਪੱਸ਼ਟ ਨਹੀਂ ਹੋ ਸਕੀ। ਅੱਗ ਵਾਲੀ ਜਗ੍ਹਾ ਦੇ ਨੇੜੇ ਹੀ ਆਲੂਆਂ ਦਾ ਕੋਲਡ ਸਟੋਰ ਸਥਿਤ ਹੋਣ ਕਾਰਨ ਖ਼ਤਰਾ ਹੋਰ ਵੱਧ ਗਿਆ ਹੈ। ਅੱਗ ਕੋਲਡ ਸਟੋਰ ਤੱਕ ਨਾ ਪਹੁੰਚੇ, ਇਸ ਲਈ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਸਟੋਰ ਦੇ ਨਾਲ ਪਈ ਪਰਾਲੀ ਨੂੰ ਪਾਣੀ ਨਾਲ ਗਿੱਲਾ ਕੀਤਾ ਜਾ ਰਿਹਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।