- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਹਾਈਕਮਾਂਡ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਲਦ ਜਾਰੀ ਕਰੇ: ਦਾਰਾ ਸਿੰਘ ਰਾਏ

ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਕਾਂਗਰਸ ਪਾਰਟੀ ਬਲਾਕ ਰੁੜਕਾ ਕਲਾਂ ਦੇ ਪ੍ਰਧਾਨ ਦਾਰਾ ਸਿੰਘ ਰਾਏ ਨੇ ਕਿਹਾ ਕਿ ਸਾਲ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਕਈ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੂੰ ਵੀ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਲਦ ਜਾਰੀ ਕਰ ਦੇਣੀ ਚਾਹੀਦੀ ਹੈ, ਤਾਂ ਜੋ ਐਲਾਨੇ ਗਏ ਉਮੀਦਵਾਰ ਆਪਣੇ-ਆਪਣੇ ਹਲਕਿਆਂ ’ਚ ਚੋਣ ਪ੍ਰਚਾਰ ਸ਼ੁਰੂ ਕਰ ਸਕਣ ਤੇ ਪਾਰਟੀ ਵਰਕਰਾਂ ਤੇ ਸਮਰਥਕਾਂ ਨਾਲ ਮਿਲਣੀਆਂ ਕਰਕੇ ਜਥੇਬੰਦੀ ਨੂੰ ਮਜ਼ਬੂਤ ਕਰ ਸਕਣ। ਦਾਰਾ ਸਿੰਘ ਰਾਏ ਨੇ ਕਿਹਾ ਕਿ ਸਮੇਂ ਸਿਰ ਉਮੀਦਵਾਰਾਂ ਦਾ ਐਲਾਨ ਹੋਣ ਨਾਲ ਉਨ੍ਹਾਂ ਨੂੰ ਆਪਣੇ ਹਲਕਿਆਂ ’ਚ ਲੋਕਾਂ ਤੱਕ ਪਹੁੰਚ ਕਰਨ ਤੇ ਚੋਣਾਂ ਦੀ ਤਿਆਰੀ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਾਂਗਰਸ ਪਾਰਟੀ ਦੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ’ਚ ਦੇਰੀ ਨਾ ਕੀਤੀ ਜਾਵੇ, ਕਿਉਂਕਿ ਦੇਰੀ ਹੋਣ ਦੀ ਸੂਰਤ ’ਚ ਵਿਰੋਧੀ ਪਾਰਟੀਆਂ ਨੂੰ ਇਸ ਦਾ ਸਿਆਸੀ ਲਾਹਾ ਮਿਲ ਸਕਦਾ ਹੈ।