- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਅਕੈਡਮੀ ਧਨਾਲ ਕਲਾਂ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਧਨਾਲ ਕਲਾਂ ਵੱਲੋਂ ਬੜੀ ਸ਼ਰਧਾ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ। ਇਸਦੀ ਸ਼ੁਰੂਆਤ ਗੁਰਬਾਣੀ ਦੇ ਰਸ-ਭਿੰਨੇ ਸ਼ਬਦ ਕੀਰਤਨ ਨਾਲ ਹੋਈ। ਫੁੱਲਾਂ ਨਾਲ ਸਜੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਸਮੁੱਚੀ ਸੰਗਤ ਲਈ ਖਿੱਚ ਦਾ ਕੇਂਦਰ ਰਹੀ, ਜਿਸ ਨੇ ਸਮੁੱਚੇ ਵਾਤਾਵਰਣ ਨੂੰ ਸ਼ਰਧਾ ਤੇ ਅਧਿਆਤਮਿਕ ਰੰਗ ’ਚ ਰੰਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਧਨਾਲ ਕਲਾਂ ਤੋਂ ਸ਼ੁਰੂ ਹੋ ਕੇ ਪਿੰਡ ਖਮਰਾ, ਖੰਬਰੀ, ਨੰਗਲ, ਫੂਲਪੁਰ ਤੇ ਕਡੇਆ ’ਚੋਂ ਹੁੰਦਾ ਹੋਇਆ ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਮੁਕੰਮਲ ਹੋਇਆ। ਸਾਰੇ ਰਸਤੇ ’ਚ ਸੰਗਤ ਨੇ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਗੁਰਦੁਆਰਾ ਸਾਹਿਬ ਕਡੇਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਅਕੈਡਮੀ ਧਨਾਲ ਕਲਾਂ ਦੀ ਪ੍ਰਿੰਸੀਪਲ ਬਲਜੀਤ ਕੌਰ ਨੂੰ ਸਤਿਕਾਰ ਵਜੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਪ੍ਰਿੰਸੀਪਲ ਬਲਜੀਤ ਕੌਰ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਯਤਨਾਂ ਸਦਕਾ ਇਹ ਨਗਰ ਕੀਰਤਨ ਯਾਦਗਾਰੀ ਤੇ ਸਫਲ ਹੋ ਨਿਬੜਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਨਗਰ ਕੀਰਤਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਸਿੱਖ ਕਦਰਾਂ-ਕੀਮਤਾਂ ਤੇ ਆਤਮਿਕ ਏਕਤਾ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦਾ ਜ਼ਰੀਆ ਬਣਿਆ।