- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐੱਨਆਰਆਈ ਸਮਾਜ ਸੇਵੀ ਗੁਰਮੇਲ ਸਿੰਘ ਦਾ ਸਰਕਾਰੀ ਸਕੂਲ ਵਿਰਕ ਵਿਖੇ ਵਿਸ਼ੇਸ਼ ਸਨਮਾਨ

--ਲੋੜਵੰਦ ਬੱਚਿਆਂ ਦੀ ਪੜ੍ਹਾਈ ਲਈ ਮਦਦਗਾਰ ਰਹਿੰਦੇ ਨੇ ਗੁਰਮੇਲ ਸਿੰਘ ਯੂਐੱਸਏ
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਸਰਕਾਰੀ ਸਮਾਰਟ ਸਕੂਲ ਵਿਰਕ ’ਚ ਸਕੂਲ ਇੰਚਾਰਜ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ। ਇਸ ਮੌਕੇ ਪ੍ਰਸਿੱਧ ਐੱਨਆਰਆਈ ਸਮਾਜ-ਸੇਵੀ ਗੁਰਮੇਲ ਸਿੰਘ ਯੂਐੱਸਏ ਵਿਸ਼ੇਸ਼ ਤੌਰ ’ਤੇ ਪੁੱਜੇ। ਉਨ੍ਹਾਂ ਨਾਲ ਪਿੰਡ ਦੇ ਸਰਪੰਚ ਸੁਮਿਤ ਬਸਰਾ ਵੀ ਹਾਜ਼ਰ ਸਨ। ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਭਵਿੱਖ ’ਚ ਸਫ਼ਲਤਾ ਹਾਸਲ ਕਰਨ ਲਈ ਸੁਝਾਅ ਦਿੱਤੇ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਪੜ੍ਹਨ ਲਈ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਲੋੜਵੰਦ ਵਿਦਿਆਰਥੀਆਂ ਦੀਆਂ ਫੀਸਾਂ ਵੀ ਦਿੱਤੀਆਂ ਗਈਆਂ ਅਤੇ ਭਵਿੱਖ ’ਚ ਵੀ ਲੋੜਵੰਦ ਬੱਚਿਆਂ ਦੀ ਪੜ੍ਹਾਈ ਲਈ ਹਰ ਸੰਭਵ ਮਦਦ ਜਾਰੀ ਰੱਖਣ ਦਾ ਐਲਾਨ ਕੀਤਾ।
ਜ਼ਿਕਰਯੋਗ ਹੈ ਕਿ ਗੁਰਮੇਲ ਸਿੰਘ ਵਿਦਿਆਰਥੀਆਂ ਦੀ ਪੜ੍ਹਾਈ ਲਈ ਹਰ ਸੰਭਵ ਮਦਦ ਕਰਨ ਵਾਸਤੇ ਹਮੇਸ਼ਾ ਤਿਆਰ ਰਹਿੰਦੇ ਹਨ। ਉਨ੍ਹਾਂ ਦੇ ਸਹਿਯੋਗ ਸਦਕਾ ਕਈ ਲੋੜਵੰਦ ਵਿਦਿਆਰਥੀ ਆਪਣੀ ਪੜ੍ਹਾਈ ਜਾਰੀ ਰੱਖਣ ਦੇ ਯੋਗ ਹੋਏ ਹਨ। ਉਨ੍ਹਾਂ ਦੀ ਇਹ ਸੇਵਾ ਸਮਾਜ ਲਈ ਪ੍ਰੇਰਣਾਦਾਇਕ ਹੈ। ਇਸ ਮੌਕੇ ਪਿੰਡ ਦੇ ਸਰਪੰਚ ਸੁਮਿਤ ਬਸਰਾ ਨੇ ਵੀ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਨ ਤੇ ਸਕੂਲ ਦੀ ਜਾਇਦਾਦ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਆ। ਉਨ੍ਹਾਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈ ਤੋਂ ਹਮੇਸ਼ਾ ਦੂਰ ਰਹਿਣ ਦੀ ਅਪੀਲ ਕੀਤੀ। ਸਕੂਲ ’ਚੋਂ ਪਿਛਲੇ ਦਿਨੀਂ ਸਰਕਾਰੀ ਸੇਵਾ ਤੋਂ ਸੇਵਾਮੁਕਤ ਹੋਏ ਕਲਰਕ ਰਾਮ ਜੀ ਦਾਸ ਦਾ ਵੀ ਗੁਰਮੇਲ ਸਿੰਘ ਵੱਲੋਂ ਵਿਸ਼ੇਸ਼ ਸਨਮਾਨ ਹੋਇਆ। ਸਕੂਲ ਇੰਚਾਰਜ ਜਸਵਿੰਦਰ ਸਿੰਘ ਨੇ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੀ ਵਿੱਦਿਅਕ ਸੰਸਥਾਵਾਂ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹ ਸਕਦੀਆਂ ਹਨ। ਇਸ ਮੌਕੇ ਸਕੂਲ ਸਟਾਫ਼ ਵੱਲੋਂ ਵੀ ਗੁਰਮੇਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।