- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਚੇਨ ਖੋਹਣ ਦਾ ਮਾਮਲਾ ਦਰਜ

ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਸ਼ਹਿਰ ’ਚ ਔਰਤਾਂ ਤੋਂ ਚੇਨ ਖੋਹਣ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਕ ਔਰਤ ਦੀ ਚੇਨ ਝਪਟਣ ਦਾ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਹੁਣ ਸੀਸੀਟੀਵੀ ਫੁਟੇਜ ਤੇ ਹੋਰ ਤਕਨੀਕੀ ਸਾਧਨਾਂ ਦੀ ਮਦਦ ਨਾਲ ਸ਼ੱਕੀਆਂ ਦੀ ਪਛਾਣ ਕਰ ਰਹੀ ਹੈ। ਏਸੀਪੀ ਸੈਂਟਰਲ ਰਾਜੇਸ਼ ਠਾਕੁਰ ਅਨੁਸਾਰ ਪੀੜਤਾ ਨੀਰੂ ਬਾਲਾ ਵਾਸੀ ਸ਼ਹੀਦ ਊਧਮ ਸਿੰਘ ਨਗਰ ਚਿੰਤਪੁਰਨੀ ਮੰਦਰ ਤੋਂ ਘਰ ਪਰਤ ਰਹੀ ਸੀ ਤੇ ਮਾਈ ਹੀਰਾਂ ਗੇਟ ਵੱਲ ਜਾ ਰਹੀ ਸੀ, ਜਦੋਂ ਬਾਈਕ ਸਵਾਰ ਦੋ ਅਣਪਛਾਤਿਆਂ ਨੇ ਉਸਦੀ ਸੋਨੇ ਦੀ ਚੇਨ ਝਪਟੀ ਤੇ ਫ਼ਰਾਰ ਹੋ ਗਏ। ਇਸ ਘਟਨਾ ਦੀ ਵੀਡੀਓ 20 ਨਵੰਬਰ ਨੂੰ ਸੋਸ਼ਲ ਮੀਡੀਆ 'ਤੇ ਹੀ ਵਾਇਰਲ ਹੋਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ-4 ’ਚ ਇਕ ਮਾਮਲਾ ਦਰਜ ਕੀਤਾ ਹੈ। ਏਸੀਪੀ ਅਨੁਸਾਰ ਪੁਲਿਸ ਟੀਮਾਂ ਘਟਨਾ ਦੇ ਹਰ ਪਹਿਲੂ ਦੀ ਜਾਂਚ ਕਰ ਰਹੀਆਂ ਹਨ। ਆਲੇ-ਦੁਆਲੇ ਦੇ ਇਲਾਕਿਆਂ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਜਾਰੀ ਹੈ ਤਾਂ ਜੋ ਬਾਈਕ ਸਵਾਰ ਸ਼ੱਕੀਆਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਸ਼ੱਕੀਆਂ ਦੀ ਜਲਦ ਗ੍ਰਿਫਤਾਰੀ ਯਕੀਨੀ ਬਣਾਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ।